Unseasonal Rain: ਮੀਂਹ ਤੇ ਗੜਿਆਂ ਕਾਰਨ ਮੰਡੀ ’ਚ ਪਾਣੀ ਭਰਿਆ
ਕਿਸਾਨਾਂ ਦੀ ਝੋਨੇ ਦੀ ਫ਼ਸਲ ਭਿੱਜੀ; ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਅੰਨਦਾਤਾ ਪ੍ਰੇਸ਼ਾਨ
ਪਿੰਡ ਘਰਿਆਲਾ ਵਿੱਚ ਦੇਰ ਰਾਤ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ। ਜਿੱਥੇ ਖੇਤਾਂ ਵਿੱਚ ਖੜ੍ਹੀ ਫ਼ਸਲ ਨੂੰ ਨੁਕਸਾਨ ਪੁੱਜਣ ਦਾ ਖ਼ਦਸ਼ਾ ਹੈ, ਉੱਥੇ ਹੀ ਪਿੰਡ ਦੀ ਦਾਣਾ ਮੰਡੀ ਵਿੱਚ ਕਿਸਾਨਾਂ ਵੱਲੋਂ ਵਿਕਰੀ ਲਈ ਲਿਆਂਦਾ ਝੋਨਾ ਪਾਣੀ ਵਿੱਚ ਭਿੱਜ ਗਿਆ। ਮੰਡੀ ਵਿੱਚ ਪਾਣੀ ਭਰਨ ਕਾਰਨ ਫ਼ਸਲ ਦੀ ਸਾਂਭ-ਸੰਭਾਲ ਅਤੇ ਖ਼ਰੀਦ ਨੂੰ ਲੈ ਕੇ ਕਿਸਾਨ ਪ੍ਰੇਸ਼ਾਨ ਹਨ। ਪੀੜਤ ਕਿਸਾਨਾਂ ਰਾਜਵੰਤ ਸਿੰਘ ਅਤੇ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਆਪਣਾ ਝੋਨਾ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਮੰਡੀ ਵਿੱਚ ਹਨ, ਪਰ ਅਜੇ ਤੱਕ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਮੰਡੀ ਵਿੱਚ ਮੀਂਹ ਦੇ ਪਾਣੀ ਦੀ ਨਿਕਾਸੀ ਅਤੇ ਫ਼ਸਲ ਨੂੰ ਬਚਾਉਣ ਲਈ ਲੋੜੀਂਦੇ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਕੁਝ ਕਿਸਾਨਾਂ ਨੇ ਆਪਣੇ ਪੱਧਰ ’ਤੇ ਤਰਪਾਲਾਂ ਦਾ ਪ੍ਰਬੰਧ ਕਰ ਕੇ ਫ਼ਸਲ ਨੂੰ ਮੀਂਹ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਜਿਨ੍ਹਾਂ ਕੋਲ ਤਰਪਾਲਾਂ ਨਹੀਂ ਸਨ, ਉਨ੍ਹਾਂ ਦਾ ਝੋਨਾ ਪਾਣੀ ਵਿੱਚ ਭਿੱਜ ਗਿਆ। ਦੂਜੇ ਪਾਸੇ ਮੰਡੀ ਵਿੱਚ ਕੰਮ ਕਰਦੇ ਮਜ਼ਦੂਰ ਗੁਰਮੀਤ ਸਿੰਘ ਨੇ ਦੱਸਿਆ ਕਿ ਭਾਰੀ ਮੀਂਹ ਤੋਂ ਬਾਅਦ ਮੰਡੀ ਵਿੱਚ ਕਾਫ਼ੀ ਪਾਣੀ ਖੜ੍ਹਾ ਹੋ ਗਿਆ ਹੈ। ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਮਜ਼ਦੂਰਾਂ ਨੂੰ ਬਾਲਟੀਆਂ ਨਾਲ ਪਾਣੀ ਬਾਹਰ ਕੱਢਣਾ ਪੈ ਰਿਹਾ ਹੈ। ਪੀੜਤ ਕਿਸਾਨਾਂ ਨੇ ਸਬੰਧਤ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਤੋਂ ਮੰਗ ਕੀਤੀ ਕਿ ਮੰਡੀ ਵਿੱਚੋਂ ਝੋਨੇ ਦੀ ਫ਼ਸਲ ਦੀ ਖ਼ਰੀਦ ਅਤੇ ਚੁਕਾਈ ਜਲਦੀ ਕਰਵਾਈ ਜਾਵੇ। ਇਸ ਦੇ ਨਾਲ ਹੀ ਮੰਡੀ ਵਿੱਚ ਪਾਣੀ ਦੀ ਨਿਕਾਸੀ ਅਤੇ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਦੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਨੂੰ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇ।

