ਲਖਨਪਾਲ ਸਿੰਘ
ਮਜੀਠਾ, 11 ਅਪਰੈਲ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਖ਼ਿਲਾਫ਼ ਕੀਤੀਆਂ ਕਥਿਤ ਗਲਤ ਟਿੱਪਣੀਆਂ ਦੇ ਵਿਰੋਧ ਵਿੱਚ ਭਗਵਾਨ ਵਾਲਮੀਕਿ ਸੰਘਰਸ਼ ਦਲ ਦੇ ਚੇਅਰਮੈਨ ਹਰਦੀਸ਼ ਸਿੰਘ ਦੀ ਅਗਵਾਈ ਹੇਠ ਇੱਥੇ ਰੋਸ ਮਾਰਚ ਕਰਕੇ ਬੱਸ ਸਟੈਂਡ ਨੇੜੇ ਜਾਖੜ ਦਾ ਪੁਤਲਾ ਫੂਕਿਆ। ਇਸ ਮੌਕੇ ਹਰਦੀਸ਼ ਸਿੰਘ ਭੰਗਾਲੀ ਨੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਜੋ ਸ਼ਬਦਾਵਲੀ ਵਰਤੀ ਹੈ ਉਸ ਨਾਲ ਸਮੁੱਚੇ ਦਲਿਤ ਭਾਈਚਾਰੇ ਵਿੱਚ ਭਾਰੀ ਰੋਸ ਹੈ।
ਉਨ੍ਹਾਂ ਕਿਹਾ ਕਿ ਜਾਖੜ ਨੇ ਐੱਸਸੀ ਭਾਈਚਾਰੇ ਦੇ ਕਰੋੜਾ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਮੌਕੇ ਉਨ੍ਹਾਂ ਕਾਂਗਰਸ ਹਾਈਕਮਾਂਡ ਤੋਂ ਮੰਗ ਕੀਤੀ ਕਿ ਇਹੋ ਜਿਹੇ ਆਗੂਆਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ। ਉਨ੍ਹਾਂ ਕਿਹਾ ਕਿ ਜਾਖੜ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ। ਇਸ ਮੌਕੇ ਹਾਜ਼ਰ ਸਾਬਕਾ ਡੀਐੱਸਪੀ ਅਰਜਨ ਸਿੰਘ, ਜਤਿੰਦਰ ਸਿੰਘ ਲਾਖਣ, ਰਾਜੂ ਜਲਾਲਪੁਰਾ, ਬੁੱਧ ਹੰਸ ਮਜੀਠਾ, ਜਸਬੀਰ ਸਿੰਘ ਬੁੱਢਾਥੇਹ ਤੇ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।