ਵਿਧਾਇਕ ਤੇ ਹਲਕਾ ਇੰਚਾਰਜ ਵਿਚਾਲੇ ਸ਼ਬਦੀ ਜੰਗ
ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰ ਮੀਤ ਸਿੰਘ ਪਾਹੜਾ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਤੇ ਸਾਬਕਾ ਚੇਅਰਮੈਨ ਹੈਲਥ ਸਿਸਟਮਜ਼ ਕਾਰਪੋਰੇਸ਼ਨ ਰਮਨ ਬਹਿਲ ਦਰਮਿਆਨ ਸ਼ਬਦੀ ਜੰਗ ਜ਼ੋਰ ਫੜ ਗਈ ਹੈ। ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀ...
ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰ ਮੀਤ ਸਿੰਘ ਪਾਹੜਾ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਤੇ ਸਾਬਕਾ ਚੇਅਰਮੈਨ ਹੈਲਥ ਸਿਸਟਮਜ਼ ਕਾਰਪੋਰੇਸ਼ਨ ਰਮਨ ਬਹਿਲ ਦਰਮਿਆਨ ਸ਼ਬਦੀ ਜੰਗ ਜ਼ੋਰ ਫੜ ਗਈ ਹੈ। ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੀ ਪ੍ਰਕਿਰਿਆ ਦੇ ਚਲਦਿਆਂ ਆਪੋ ਆਪਣੀਆਂ ਮੀਟਿੰਗਾਂ ਵਿੱਚ ਇਹ ਦੋਵੇਂ ਨੇਤਾ ਇੱਕ ਦੂਸਰੇ ’ਤੇ ਗੰਭੀਰ ਦੂਸ਼ਣਬਾਜ਼ੀ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਬਹਿਲ ਨੇ ਜਿੱਥੇ ਕਾਂਗਰਸੀ ਵਿਧਾਇਕ ਬਰਿੰਦਰ ਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਹਨ, ਉੱਥੇ ਬਰਿੰਦਰ ਮੀਤ ਸਿੰਘ ਪਾਹੜਾ ਨੇ ਕਈ ਸਾਲ ਪੁਰਾਣੇ ਮਾਮਲਿਆਂ ਨੂੰ ਉਜਾਗਰ ਕਰਦਿਆਂ ਰਮਨ ਬਹਿਲ ’ਤੇ ਤਿੱਖੇ ਨਿਸ਼ਾਨੇ ਸੇਧੇ ਹਨ। ਦੱਸਣਯੋਗ ਹੈ ਕਿ ਬੀਤੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਬਰਿੰਦਰ ਮੀਤ ਸਿੰਘ ਪਾਹੜਾ, ਅਕਾਲੀ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਨੂੰ 7335 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਸਨ ਅਤੇ ਆਮ ਆਦਮੀ ਪਾਰਟੀ ਉਮੀਦਵਾਰ ਰਮਨ ਬਹਿਲ ਤੀਜੇ ਸਥਾਨ ’ਤੇ ਰਹੇ ਸਨ। ਰਮਨ ਬਹਿਲ ਨੇ ਜਿੱਥੇ ਪਾਹੜਾ ਪਰਿਵਾਰ ’ਤੇ ਉਨ੍ਹਾਂ ਬਾਰੇ ਗ਼ਲਤ ਸ਼ਬਦਾਵਲੀ ਵਰਤਣ ਦਾ ਦੋਸ਼ ਲਗਾਇਆ ਹੈ, ਉੱਥੇ ਬਰਿੰਦਰ ਮੀਤ ਸਿੰਘ ਪਾਹੜਾ ਨੇ ਕਿਹਾ ਕਿ ਬੜੀ ਹਾਸੋਹੀਣੀ ਗੱਲ ਹੈ ਕਿ ਸੱਤਾਧਾਰੀ ਪਾਰਟੀ ਨਾਲ ਸਬੰਧਤ ਰਮਨ ਬਹਿਲ ਵੱਲੋਂ ਉਨ੍ਹਾਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਜਾ ਰਹੇ ਹਨ। ਬਤੌਰ ਵਿਧਾਇਕ ਉਹ ਬਿਨਾਂ ਭੇਦਭਾਵ ਇਮਾਨਦਾਰੀ ਨਾਲ ਲੋੜਵੰਦਾਂ ਤੱਕ ਗਰਾਂਟਾਂ ਪਹੁੰਚਾ ਰਹੇ ਹਨ ਅਤੇ ਹਲਕੇ ਦੇ ਵਿਕਾਸ ਲਈ ਦਿਨ ਰਾਤ ਕੰਮ ਕਰ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਇਨ੍ਹਾਂ ਦੋਵਾਂ ਦੀ ਸ਼ਬਦੀ ਜੰਗ ’ਤੇ ਵਿਅੰਗ ਕਸਦਿਆਂ ਕਿਹਾ ਕਿ ਇਹ ਦੋਵੇਂ ਨੇਤਾ ਇੱਕ ਦੂਸਰੇ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਰਹੇ ਹਨ ਪਰ ਹਾਲੇ ਤੱਕ ਕੋਈ ਵਿਰੋਧੀ ਇਹ ਨਹੀਂ ਕਹਿ ਸਕਦਾ ਕਿ ਲੋਕਾਂ ਦਾ ਸੇਵਾਦਾਰ ਬੱਬੇਹਾਲੀ ਲੁੱਟ ਕੇ ਖਾ ਗਿਆ। ਉਹ ਸਰਪੰਚੀ, ਚੇਅਰਮੈਨੀ ਤੋਂ ਬਾਅਦ ਦੋ ਵਾਰ ਵਿਧਾਇਕ ਬਣ ਕੇ ਮੁੱਖ ਸੰਸਦੀ ਸਕੱਤਰ ਤੱਕ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ ਪਰ ਕੋਈ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੋਈ ਉਨ੍ਹਾਂ ’ਤੇ ਉਂਗਲ ਨਹੀਂ ਚੁੱਕ ਸਕਦਾ।

