ਪੰਜਾਬ ਦੇ ਮਨੁੱਖੀ ਅਧਿਕਾਰਾਂ ਦੇ ਮੁੱਦਿਆਂ ਨਾਲ ਜੁੜੀ ਸ਼ਖ਼ਸੀਅਤ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਜੀਵਨੀ ’ਤੇ ਆਧਾਰਿਤ ਬਣੀ ਫ਼ਿਲਮ ‘ਸਤਲੁਜ’ ਦੀ ਰਿਲੀਜ਼ ’ਤੇ ਰੋਕ ਲਗਾਏ ਜਾਣ ਦੇ ਵਿਰੋਧ ਵਿੱਚ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਖਾਲੜਾ ਤੋਂ ਤਰਨ ਤਾਰਨ ਤੱਕ ਮਾਰਚ ਕੀਤਾ ਗਿਆ। ਇਹ ਮਾਰਚ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੱਦੀ ਪਿੰਡ ਖਾਲੜਾ ਤੋਂ ਸ਼ੁਰੂ ਹੋ ਕੇ ਤਰਨ ਤਾਰਨ ’ਚ ਸਮਾਪਤ ਹੋਇਆ। ਮਾਰਚ ਦੌਰਾਨ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਹੋਰ ਕਈ ਆਗੂ ਮੌਜੂਦ ਰਹੇ।
ਮਾਰਚ ਵਿੱਚ ਸ਼ਾਮਲ ਲੋਕਾਂ ਨੇ ਹੱਥਾਂ ਵਿੱਚ ਬੈਨਰ ਅਤੇ ਤਖ਼ਤੀਆਂ ਫੜ ਕੇ ਫ਼ਿਲਮ ਦੀ ਰਿਲੀਜ਼ ’ਤੇ ਲਗਾਈ ਗਈ ਰੋਕ ਦਾ ਵਿਰੋਧ ਕੀਤਾ ਅਤੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੋਂ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਆਗੂਆਂ ਸੰਬੋਧਨ ਕਰਦਿਆਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿੱਚ ਕਾਲੇ ਦੌਰ ਦੌਰਾਨ ਲਾਵਾਰਿਸ ਦੱਸ ਕੇ ਸਸਕਾਰ ਕੀਤੇ ਗਏ ਹਜ਼ਾਰਾਂ ਨੌਜਵਾਨਾਂ ਦੇ ਮਾਮਲੇ ਨੂੰ ਬੇਨਕਾਬ ਕੀਤਾ ਅਤੇ ਇਸ ਸੰਵੇਦਨਸ਼ੀਲ ਮੁੱਦੇ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਪਹੁੰਚਾਇਆ।
ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਦੇ ਜੀਵਨ ਅਤੇ ਸੰਘਰਸ਼ ’ਤੇ ਬਣੀ ਫ਼ਿਲਮ ਨੂੰ ਰਿਲੀਜ਼ ਤੋਂ ਰੋਕਣਾ ਇਤਿਹਾਸ ਅਤੇ ਸਚਾਈ ਨੂੰ ਦਬਾਉਣ ਦੀ ਕੋਸ਼ਿਸ਼ ਹੈ, ਜਿਸ ਨੂੰ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਫ਼ਿਲਮ ‘ਸਤਲੁਜ’ ਦੀ ਰਿਲੀਜ਼ ’ਤੇ ਲਗਾਈ ਰੋਕ ਤੁਰੰਤ ਹਟਾਈ ਜਾਵੇ ਤਾਂ ਜੋ ਲੋਕ ਇਸ ਨੂੰ ਦੇਖ ਸਕਣ। ਰੋਸ ਮਾਰਚ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਪੁਲੀਸ ਵੱਲੋਂ ਵੀ ਉਚਿਤ ਪ੍ਰਬੰਧ ਕੀਤੇ ਗਏ ਸਨ। ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਫ਼ਿਲਮ ਨੂੰ ਰਿਲੀਜ਼ ਕਰਨ ਦੀ ਮਨਜ਼ੂਰੀ ਨਾ ਦਿੱਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਤਰਨ ਤਾਰਨ (ਗੁਰਬਖਸ਼ਪੁਰੀ): ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਲਾਏ ਜਾਣ ਦੇ ਵਿਰੋਧ ਵਿੱਚ ਅੱਜ ਰੋਸ ਮਾਰਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿੱਚ ਕੀਤਾ ਗਿਆ। ਉਪਰੰਤ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਡਿਪਟੀ ਕਮਿਸ਼ਨਰ (ਤਰਨ ਤਾਰਨ) ਰਾਹੀਂ ਭੇਜਿਆ ਗਿਆ। ਇਸ ਮੌਕੇ ਸੀਨੀਅਰ ਲੀਡਰਸ਼ਿਪ ਵਿੱਚੋਂ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਅਮਰਜੀਤ ਸਿੰਘ ਵੰਨਚਿੜੀ, ਹਰਭਜਨ ਸਿੰਘ ਤੁੜ, ਐਡਵੋਕੇਟ ਕਰਮਵੀਰ ਸਿੰਘ, ਭਾਈ ਸੁਖਦੇਵ ਸਿੰਘ ਕਾਦੀਆਂ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਆਦਿ ਦੀ ਅਗਵਾਈ ਵਿੱਚ ਮਾਰਚ ਖਾਲੜਾ ਤੋਂ ਤਰਨ ਤਾਰਨ ਤੱਕ ਆਇਆ। ਤਰਸੇਮ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਸੱਚ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਆਪਣਾ ਜੀਵਨ ਕੁਰਬਾਨ ਕੀਤਾ। ਉਨ੍ਹਾਂ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਰਿਲੀਜ਼ ਹੋਣ ਤੋਂ ਕੇਵਲ ਦੋ ਦਿਨ ਬਾਅਦ ਹੀ ਜ਼ੀ5 ਤੋਂ ਹਟਾ ਦੇਣਾ ਨਿੰਦਣਯੋਗ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਕਦਮ ਹੈ।
