ਵੜਿੰਗ ਵੱਲੋਂ ਕਾਂਗਰਸੀ ਵਰਕਰਾਂ ਅਤੇ ਕੌਂਸਲਰਾਂ ਨਾਲ ਮੀਟਿੰਗਾਂ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਜੁਲਾਈ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੀ ਸ਼ਾਮ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਕਾਂਗਰਸੀ ਕੌਂਸਲਰਾਂ, ਵਰਕਰਾਂ ਤੇ ਹੋਰਨਾਂ ਨਾਲ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਆਖਿਆ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ‘ਆਪ’ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਘਰ ਕੀਤਾ ਦੌਰਾ ਉਨ੍ਹਾਂ ਦਾ ਇੱਕ ਨਿੱਜੀ ਦੌਰਾ ਸੀ।
ਰਾਜਾ ਵੜਿੰਗ ਨੇ ਅੰਮ੍ਰਿਤਸਰ ਦਿਹਾਤੀ ਦੇ ਦਫ਼ਤਰ, ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਕੌਂਸਲਰ ਵਿਕਾਸ ਸੋਨੀ ਅਤੇ ਹੋਰ ਕਾਂਗਰਸੀ ਆਗੂਆਂ ਦੇ ਘਰਾਂ ਵਿੱਚ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਕੀਤੀਆਂ ਹਨ। ਮੀਟਿੰਗਾਂ ਦਾ ਸਿਲਸਿਲਾ ਦੇਰ ਸ਼ਾਮ ਤੱਕ ਜਾਰੀ ਰਿਹਾ। ਇਸ ਦੌਰਾਨ ਮੀਟਿੰਗਾਂ ਸਮੇਂ ਕਾਂਗਰਸੀ ਆਗੂ, ਕੌਂਸਲਰ ਅਤੇ ਵਰਕਰ ਸ਼ਾਮਲ ਹੋਏ। ਸ਼ਾਮ ਵੇਲੇ ਇੱਕ ਕਾਂਗਰਸੀ ਆਗੂ ਵੱਲੋਂ ਕਰਵਾਈ ਮੀਟਿੰਗ ਸਮੇਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਉਨ੍ਹਾਂ ਨਾਲ ਸ਼ਾਮਲ ਹੋਏ।
ਇਸ ਤੋਂ ਪਹਿਲਾਂ ਮੀਡੀਆ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਉਹ ਪੰਜਾਬ ਵਿੱਚ ਸੰਗਠਨ ਨੂੰ ਹੇਠਲੇ ਪੱਧਰ ’ਤੇ ਮਜ਼ਬੂਤ ਕਰਨ, ਸੰਵਿਧਾਨ ਬਚਾਓ ਰੈਲੀਆਂ ਤੇ ਹੋਰ ਮਾਮਲਿਆਂ ਨੂੰ ਲੈ ਕੇ ਸਮੁੱਚੇ ਪੰਜਾਬ ਵਿੱਚ ਮੀਟਿੰਗਾਂ ਕਰ ਰਹੇ ਹਨ। ਇਸ ਤੋਂ ਪਹਿਲਾਂ ਖਰੜ ਵਿੱਚ ਮੀਟਿੰਗਾਂ ਕੀਤੀਆਂ ਸਨ ਅਤੇ ਹੁਣ ਅੰਮ੍ਰਿਤਸਰ ਵਿੱਚ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਬਲਾਕ ਪੱਧਰ ਤੇ ਕਾਂਗਰਸੀ ਵਰਕਰਾਂ, ਸਮਰਥਕਾਂ ਤੇ ਹੋਰਨਾਂ ਨੂੰ ਮੁੜ ਇਕਜੁੱਟ ਕਰ ਕੇ ਕਾਂਗਰਸ ਨਾਲ ਚੱਲਣ ਵਾਸਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਵੱਲੋਂ ਗ਼ਲਤ ਢੰਗ-ਤਰੀਕਿਆਂ ਨਾਲ ਚੋਣਾਂ ਨੂੰ ਪ੍ਰਭਾਵਿਤ ਕਰ ਕੇ ਜਿੱਤ ਹਾਸਲ ਕੀਤੀ ਗਈ ਹੈ।
‘ਆਪ’ ਵਿੱਚੋਂ ਮੁਅਤਲ ਕੀਤੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਮਿਲਣੀ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਿੱਜੀ ਮੁਲਾਕਾਤ ਸੀ। ਉਨ੍ਹਾਂ ਆਖਿਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਆਮ ਆਦਮੀ ਪਾਰਟੀ ਵਿੱਚ ਜਾਣ ਦਾ ਫ਼ੈਸਲਾ ਉਨ੍ਹਾਂ ਦਾ ਨਿੱਜੀ ਫ਼ੈਸਲਾ ਸੀ, ਉਹ ਉਸ ਵੇਲੇ ਕਾਂਗਰਸ ਵਿੱਚ ਵੀ ਸ਼ਾਮਲ ਹੋ ਸਕਦੇ ਸਨ। ਉਨ੍ਹਾਂ ਕਿਹਾ ਕਿ ਵਿਅਕਤੀ ਵੱਲੋਂ ਕਿਸੇ ਵੇਲੇ ਕੀਤੇ ਹੋਏ ਨਿੱਜੀ ਫ਼ੈਸਲੇ ਵੀ ਗ਼ਲਤ ਵੀ ਸਾਬਤ ਹੁੰਦੇ ਹਨ।
ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਸਮੇਂ ਵੱਡੀ ਗਿਣਤੀ ਵਿੱਚ ਲੋਕ ‘ਆਪ’ ਦੇ ਝਾਂਸੇ ਵਿੱਚ ਆ ਗਏ ਸਨ ਅਤੇ ਉਸੇ ਤਰ੍ਹਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਵੀ ਇਸ ਪਾਰਟੀ ਦੇ ਝਾਂਸੇ ਵਿੱਚ ਆਏ ਸਨ। ਕੁਲਦੀਪ ਸਿੰਘ ਧਾਲੀਵਾਲ ਕੋਲੋਂ ਵਾਪਸ ਲਏ ਗਏ ਮੰਤਰੀ ਅਹੁਦੇ ਬਾਰੇ ਉਨ੍ਹਾਂ ਕਿਹਾ ਕਿਹਾ ਕਿ ਜੋ ਲੋਕ ਪਾਰਟੀ ਛੱਡ ਕੇ ‘ਆਪ’ ਵਿੱਚ ਗਏ ਸਨ, ਉਨ੍ਹਾਂ ਨੂੰ ਹੁਣ ‘ਆਪ’ ਦੀ ਅਸਲੀਅਤ ਬਾਰੇ ਪਤਾ ਲੱਗ ਰਿਹਾ ਹੈ।