ਮੌਸਮ ਵਿਭਾਗ ਦੀ ਚਿਤਾਵਨੀ ਕਾਰਨ ਰਾਵੀ ਦਰਿਆ ’ਚ ਪਾਣੀ ਛੱਡਿਐ: ਕਟਾਰੂਚੱਕ
ਕੈਬਨਿਟ ਮੰਤਰੀ ਵੱਲੋਂ ਕੋਹਲੀਆਂ ਵਿੱਚ ਬਣਾਏ ਆਰਜ਼ੀ ਬੰਨ੍ਹ ਤੇ ਰਾਵੀ ਦਰਿਆ ਦਾ ਜਾਇਜ਼ਾ
ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਕੀਤੀ ਗਈ ਪੇਸ਼ੀਨਗੋਈ ਨੂੰ ਲੈ ਕੇ ਰਣਜੀਤ ਸਾਗਰ ਡੈਮ ਦੇ ਪ੍ਰਸ਼ਾਸਨ ਵੱਲੋਂ ਰਾਵੀ ਦਰਿਆ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ ਪਰ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਵੀ ਦਰਿਆ ਦਾ ਜਾਇਜ਼ਾ ਲੈਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਕੁਮਾਰ ਸੈਣੀ, ਸੰਗਠਨ ਸਕੱਤਰ ਪਵਨ ਕੁਮਾਰ ਫੌਜੀ, ਬਲਾਕ ਪ੍ਰਧਾਨ ਸੰਦੀਪ ਕੁਮਾਰ, ਭੁਪਿੰਦਰ ਸਿੰਘ ਅਤੇ ਖੁਸ਼ਬੀਰ ਕਾਟਲ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪਿਛਲੇ 2 ਦਿਨਾਂ ਤੋਂ ਫਲੱਡ ਗੇਟ ਖੋਲ੍ਹ ਕੇ ਰਾਵੀ ਦਰਿਆ ਵਿੱਚ 35 ਹਜ਼ਾਰ ਕਿਊਸਿਕ ਤੋਂ ਵੱਧ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਅੱਜ ਵੀ ਛੱਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਰਾਵੀ ਦਰਿਆ ਅੰਦਰ ਜ਼ਿਆਦਾ ਪਾਣੀ ਆਉਣ ਕਰਕੇ ਕੋਹਲੀਆਂ ਅੱਡਾ ਕਾਫੀ ਪ੍ਰਭਾਵਿਤ ਹੋਇਆ ਸੀ ਅਤੇ ਹੁਣ ਇੱਥੇ ਅਗਾਊਂ ਹੀ ਇਨ੍ਹਾਂ ਖੇਤਰਾਂ ਅੰਦਰ ਆਰਜ਼ੀ ਬੰਨ੍ਹ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਵੀ ਜ਼ਿਲ੍ਹਾ ਪ੍ਰਸਾਸਨ ਵੱਲੋਂ ਕਰੀਬ ਚਾਰ ਟੀਮਾਂ ਲਗਾਈਆਂ ਗਈਆਂ ਹਨ ਅਤੇ ਕਾਰਜ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਪੈਨੀ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵਰਗੀ ਸਥਿਤੀ ਪੈਦਾ ਨਾ ਹੋਵੇ, ਇਸ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡਰਨ ਦੀ ਲੋੜ ਨਹੀਂ ਹੈ ਸਥਿਤੀ ਪੂਰੀ ਤਰ੍ਹਾਂ ਨਾਲ ਕੰਟਰੋਲ ਵਿੱਚ ਹੈ।
ਕੈਪਸ਼ਨ:ਕੋਹਲੀਆਂ ਵਿੱਚ ਬਣਾਏ ਗਏ ਆਰਜ਼ੀ ਬੰਨ੍ਹ ਅਤੇ ਰਾਵੀ ਦਰਿਆ ਦਾ ਜਾਇਜ਼ਾ ਲੈਂਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ।