ਸਰਕਾਰੀ ਹਸਪਤਾਲਾਂ ਦੀ ਬਿਜਲੀ ਸਪਲਾਈ ਹੌਟ-ਲਾਈਨ ਨਾਲ ਜੋੜਾਂਗੇ: ਬਲਬੀਰ ਸਿੰਘ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਅੰਦਰ ਨਾਗਰਿਕਾਂ ਨੂੰ ਬਿਹਤਰ ਮੈਡੀਕਲ ਸੇਵਾਵਾਂ ਦੇਣ ਦੇ ਮੰਤਵ ਨਾਲ ਸਰਕਾਰੀ ਹਸਪਤਾਲਾਂ ਦੀ ਬਿਜਲੀ ਸਪਲਾਈ ਨੂੰ ਹੌਟ-ਲਾਈਨ ਨਾਲ ਜੋੜਿਆ ਜਾ ਰਿਹਾ ਹੈ| ਇਹ ਜਾਣਕਾਰੀ ਸਿਹਤ ਮੰਤਰੀ ਨੇ ਅੱਜ ਤਰਨ ਤਾਰਨ ਦੇ ਸਿਵਲ ਹਸਪਤਾਲ ਦੀ ਫੇਰੀ ਮੌਕੇ ਦਿੱਤੀ| ਉਨ੍ਹਾਂ ਆਪਣੀ ਫੇਰੀ ਦੌਰਾਨ ਸਰਕਾਰੀ ਹਸਪਤਾਲਾਂ ਦੇ ਮੁਖੀਆਂ ਨੂੰ ਆਪਣੀਆਂ ਸੰਸਥਾਵਾਂ ਵਿੱਚ ਜੈਨਰੇਟਰ ਅਤੇ ਯੂਪੀਐੱਸ ਦੀ ਸੇਵਾ ਵੀ ਹਰ ਸਮੇਂ ਮੌਜੂਦ ਰੱਖਣਾ ਯਕੀਨੀ ਬਣਾਉਣ ਲਈ ਹਦਾਇਤ ਕੀਤੀ| ਮੰਤਰੀ ਨੇ ਸਿਵਲ ਹਸਪਤਾਲ ਵਿੱਚ ਕਰੋਨਾ ਸਮੇਂ ਦੌਰਾਨ ਸਥਾਪਿਤ ਕੀਤੇ ਆਕਸੀਜਨ ਪਲਾਂਟ ਦਾ ਦੌਰਾ ਕਰਨ ਤੋਂ ਇਲਾਵਾ ਐਮਰਜੈਂਸੀ ਵਾਰਡ ਵਿੱਚ ਜਾ ਕੇ ਮਰੀਜ਼ਾਂ ਨੂੰ ਮਿਲ ਰਹੀਆਂ ਮੈਡੀਕਲ ਸੇਵਾਵਾਂ ਦੀ ਵੀ ਜਾਣਕਾਰੀ ਇਕੱਤਰ ਕੀਤੀ|
ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਵਿੱਚ ਗ਼ੈਰ-ਸੰਚਾਰੀ ਰੋਗਾਂ ਦਾ ਇਲਾਜ, ਗਰਭਵਤੀ ਮਹਿਲਾਵਾਂ ਨੂੰ ਸਿਹਤ ਸਹੂਲਤਾਂ ਅਤੇ ਕਿਸੇ ਵੀ ਜਾਨਵਰ ਤੇ ਕੱਟਣ ’ਤੇ ਐਂਟੀ ਰੇਬੀਜ਼ ਟੀਕਾਕਰਨ ਨੂੰ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਨਾਲ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਤਰਨ ਤਾਰਨ ਤੋਂ ‘ਆਪ’ ਦੇ ਨਵ-ਨਿਯੁਕਤ ਇੰਚਾਰਜ ਹਰਮੀਤ ਸਿੰਘ ਸੰਧੂ, ਡਿਪਟੀ ਕਮਿਸ਼ਨਰ ਰਾਹੁਲ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਹਜ਼ਾਰ ਸਨ| ਮੰਤਰੀ ਨੇ ਹਸਪਤਾਲ ਦੀ ਕਾਰਗੁਜ਼ਾਰੀ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ| ਮੰਤਰੀ ਨੂੰ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਸਰਬਜੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵਰਿੰਦਰ ਪਾਲ ਕੌਰ, ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੁਖਬੀਰ ਕੌਰ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦਿੱਤੀ|
ਮੰਤਰੀ ਦੇ ਸਮਾਗਮ ਨੇੜਿਓਂ ਮਿਲਿਆ ਡੇਂਗੂ ਦਾ ਲਾਰਵਾ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜਾਗਰੂਕਤਾ ਮੁਹਿੰਮ ’ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਕਰਮਪੁਰਾ, ਰਣਜੀਤ ਐਵੇਨਿਊ ਸਥਿਤ ਸੀਨੀਅਰ ਸੈਕੰਡਰੀ ਸਕੂਲ ਵਿਚ ਸਮਾਗਮ ਕਰਵਾਇਆ ਗਿਆ ਜਿੱਥੇ ਚਾਰ ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ। ਸਮਾਗਮ ਵਿੱਚ ਸਕੂਲ ਦੇ ਬੱਚਿਆਂ ਤੋਂ ਇਲਾਵਾ ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਕੂਲ ਅਤੇ ਸਕੂਲ ਦੇ ਆਲੇ ਦੁਆਲੇ ਚਾਰ ਥਾਵਾਂ ਤੋਂ ਡੇਂਗੂ ਦਾ ਲਾਰਵਾ ਮਿਲਿਆ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਬਹੁਤ ਸਾਰੀਆਂ ਥਾਵਾਂ ’ਤੇ ਪਾਣੀ ਦਾ ਇਕੱਠਾ ਹੋਣਾ ਸੁਭਾਵਿਕ ਹੈ ਪਰ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਮੱਛਰ ਦੀ ਪੈਦਾਵਰ ਨੂੰ ਰੋਕਣ ਲਈ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਐਂਟੀ ਲਾਰਵਾ ਗਤੀਵਿਧੀਆਂ ਕਰ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਹਰਜੋਤ ਕੌਰ, ਅਮਰਦੀਪ ਸਿੰਘ, ਡਾ. ਕੁਲਦੀਪ ਕੌਰ, ਪ੍ਰਿੰਸੀਪਲ ਅਨੂ ਆਨੰਦ, ਤਜਿੰਦਰ ਕੌਰ, ਸੀਮਾ ਗੁਪਤਾ, ਜਸਬੀਰ ਕੌਰ, ਏਐੱਮਓ ਗੁਰਦੇਵ ਸਿੰਘ, ਬਲਜੀਤ ਸਿੰਘ, ਐੱਸਆਈ ਸੁਖਦੇਵ ਸਿੰਘ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ, ਹਰਮੀਤ ਸਿੰਘ, ਹਰਕਮਲ ਸਿੰਘ, ਕੁਲਦੀਪ ਸਿੰਘ, ਗੁਰਪਾਲ ਸਿੰਘ, ਬਿਕਰਮਜੀਤ ਸਿੰਘ, ਮਨਦੀਪ ਕੌਰ, ਰਸਪਾਲ ਸਿੰਘ ਸਣੇ ਆਸ਼ਾ ਵਰਕਰਾਂ ਅਤੇ ਸਰਕਾਰੀ ਨਰਸਿੰਗ ਕਾਲਜ ਦੇ ਵਿਦਿਆਰਥੀ ਸ਼ਾਮਲ ਹੋਏ।