ਦਲਬੀਰ ਸੱਖੋਵਾਲੀਆ
ਬਟਾਲਾ, 2 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਅੱਜ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਘਰ ਅੱਗੇ ਧਰਨਾ ਦਿੱਤਾ ਅਤੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਦਿਲਚਸਪ ਗੱਲ ਇਹ ਰਹੀ ਕਿ ਇਸ ਧਰਨੇ ਵਿੱਚ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਲਾਡੀ ਖ਼ੁਦ ਵੀ ਘੰਟਿਆਂਬੱਧੀ ਸ਼ਾਮਲ ਹੋਏ ਅਤੇ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਮਜ਼ਦੂਰਾਂ ਨਾਲ ਖੜ੍ਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਨੇ ਦੱਸਿਆ ਪੰਜਾਬ ਦੀ ਕਾਂਗਰਸ ਸਰਕਾਰ ਵੀ ਕੇਂਦਰ ਦੀ ਮੋਦੀ ਸਰਕਾਰ ਨਾਲ ਰਲੀ ਹੋਈ ਹੈ, ਜੋ ਹਾਲੇ ਤੱਕ ਮੰਡੀਆਂ ’ਚ ਝੋਨਾ ਉਠਾਉਣ ਦਾ ਪ੍ਰਬੰਧ ਨਹੀਂ ਕਰ ਸਕੀ। ਉਨ੍ਹਾਂ ਨੇ ਵਿਧਾਇਕ ਤੋਂ ਇਹ ਵੀ ਪੁੱਛਿਆ ਕਿ ਉਹ ਹਲਕਾ ਸ਼੍ਰੀਹਰਗੋਬਿੰਦਪੁਰ ਦੀਆਂ ਸਭ ਮੰਡੀਆਂ ’ਚ ਝੋਨੇ ਦੀ ਖ਼ਰੀਦ ਦੀ ਜ਼ਿੰਮੇਵਾਰੀ ਖ਼ੁਦ ਸੰਭਾਲਣ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਸ਼ਾਮਚੁਰਾਸੀ ਦੇ ਵਿਧਾਇਕ ਪਵਨ ਆਦੀਆ ਦੇ ਘਰ ਦੇ ਬਾਹਰ ਅੱਜ ਕਿਸਾਨਾਂ ਨੇ ਧਰਨਾ ਦਿੱਤਾ। ਇਸ ਮੌਕੇ ਵਿਚ ਜਮਹੂਰੀ ਕਿਸਾਨ ਸਭਾ ਪੰਜਾਬ, ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਆਜ਼ਾਦ ਕਿਸਾਨ ਕਮੇਟੀ ਲਾਚੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕਾਰਕੁਨਾਂ ਨੇ ਹਿੱਸਾ ਲਿਆ। ਵਿਧਾਇਕ ਦੀ ਗੈਰਹਾਜ਼ਰੀ ਕਾਰਨ ਨਾਇਬ ਤਹਿਸੀਲਦਾਰ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਕਿਸਾਨਾਂ ਤੋਂ ਮੰਗ ਪੱਤਰ ਲਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮੰਗ ਪੱਤਰ ਨੂੰ ਪੰਜਾਬ ਸਰਕਾਰ ਤੱਕ ਪਹੁੰਚਾ ਦਿੱਤਾ ਜਾਵੇਗਾ।