World Bank Team Visit: ਸੰਸਾਰ ਬੈਂਕ ਦੀ ਟੀਮ ਵੱਲੋਂ ਖਡੂਰ ਸਾਹਿਬ ਸਕੂਲ ਦਾ ਦੌਰਾ
ਟੀਮ ਮੈਂਬਰਾਂ ਨੇ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਸੁਣੀਆਂ
ਸੰਸਾਰ ਬੈਂਕ ਦੀ ਉੱਚ ਪੱਧਰੀ ਟੀਮ ਵੱਲੋਂ ਅੱਜ ਸਕੂਲ ਆਫ਼ ਐਮੀਨੈਂਸ, ਖਡੂਰ ਸਾਹਿਬ ਦਾ ਦੌਰਾ ਕੀਤਾ ਗਿਆ। ਟੀਮ ਵਿੱਚ ਸੇਮ ਮੀਤੇ, ਸ਼ਹਿਰਜ਼ਾਦ ਜੋਯਾ, ਮੋਨਾਮੀ ਲਤੀਫ਼, ਮੇਘਨਾ ਸ਼ਰਮਾ, ਡਿਏਗੋ ਲੂਨਾ ਬਜ਼ਲਦੂਆ, ਨੇਹਾ ਵਿਆਸ, ਸੋਨੀਆ ਭਾਮਬਰੀ ਅਤੇ ਸੁਰੇਖਾ ਠਾਕੁਰ ਸ਼ਾਮਲ ਸਨ। ਟੀਮ ਦਾ ਸਵਾਗਤ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੰਗਤ ਸਿੰਘ, ਪ੍ਰਿੰਸੀਪਲ ਗੁਰਦੀਪ ਸਿੰਘ ਅਤੇ ਸਮੂਹ ਸਟਾਫ਼ ਵੱਲੋਂ ਕੀਤਾ ਗਿਆ।
ਦੌਰੇ ਦੌਰਾਨ ਟੀਮ ਮੈਂਬਰਾਂ ਨੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕੀਤੀ, ਉਨ੍ਹਾਂ ਦੀਆਂ ਵਿਸ਼ੇ ਸਬੰਧੀ ਮੁਸ਼ਕਲਾਂ ਅਤੇ ਵਿਚਾਰਾਂ ਨੂੰ ਸੁਣਿਆ। ਪ੍ਰਿੰਸੀਪਲ ਗੁਰਦੀਪ ਸਿੰਘ ਨੇ ਟੀਮ ਨੂੰ ਵਿਦਿਆਰਥੀਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਦਿੱਤੀ। ਟੀਮ ਨੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨਾਲ ਵੀ ਵਿਸ਼ੇਸ਼ ਮੀਟਿੰਗ ਕਰ ਕੇ ਸਕੂਲ ਦੇ ਪ੍ਰਬੰਧ ਅਤੇ ਵਿਕਾਸ ਸਬੰਧੀ ਜਾਣਕਾਰੀ ਹਾਸਲ ਕੀਤੀ। ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਵਸਤਾਂ ਅਤੇ ਹੱਥੀਂ ਬਣਾਏ ਤੋਹਫ਼ੇ ਦੇਖ ਕੇ ਟੀਮ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਅੰਤ ਵਿੱਚ ਵਰਲਡ ਬੈਂਕ ਟੀਮ ਦੇ ਮੁਖੀ ਨੇ ਸਕੂਲ ਪ੍ਰਬੰਧਨ ਦੀ ਬਿਹਤਰੀਨ ਕਾਰਗੁਜ਼ਾਰੀ ਅਤੇ ਸਕੂਲ ਦੀ ਸਾਫ਼-ਸਫਾਈ ਦੀ ਸ਼ਲਾਘਾ ਕੀਤੀ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਗਤ ਸਿੰਘ ਨੇ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਨੂੰ ਹੋਰ ਉਚਾਈਆਂ ’ਤੇ ਲਿਜਾਇਆ ਜਾਵੇਗਾ। ਪ੍ਰਿੰਸੀਪਲ ਗੁਰਦੀਪ ਸਿੰਘ ਨੇ ਵੀ ਟੀਮ ਦਾ ਧੰਨਵਾਦ ਕਰਦਿਆਂ ਸਕੂਲ ਨੂੰ ਬੁਲੰਦੀਆਂ ‘ਤੇ ਲਿਜਾਣ ਦਾ ਭਰੋਸਾ ਦਿੱਤਾ। ਇਸ ਮੌਕੇ ਤਰਸੇਮ ਸਿੰਘ, ਨਿਸ਼ਾਨ ਸਿੰਘ, ਬਲਦੇਵ ਸਿੰਘ, ਹਰਮੀਤ ਸਿੰਘ, ਰਾਜਬੀਰ ਸਿੰਘ, ਸਰਬਜੀਤ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਹਾਜ਼ਰ ਸੀ।

