ਹਰਪਾਲ ਸਿੰਘ ਨਾਗਰਾ
ਫਤਿਹਗੜ੍ਹ ਚੂੜੀਆਂ, 25 ਜਨਵਰੀ
ਪਿੰਡ ਭੋਲੇਕੇ ਦੇ ਇੱਕ ਨੌਜਵਾਨ ਦੀ ਕੁੱਝ ਲੁਟੇਰਿਆਂ ਵੱਲੋਂ ਲੁੱਟ ਦੀ ਨੀਤ ਨਾਲ ਕੁੱਟਮਾਰ ਕਰਨ ਕਰਕੇ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਭੋਲੇਕੇ ਦਾ ਨੌਜਵਾਨ ਪਾਠੀ ਸਿੰਘ ਅੰਤਰਦੀਪ ਸਿੰਘ ਮੋਟਰ-ਸਾਈਕਲ ’ਤੇ ਸਵਾਰ ਹੋ ਕੇ ਪਿੰਡ ਪੰਨਵਾਂ ਵਿਖੇ ਰੱਖੇ ਅਖੰਡ ਪਾਠ ਸਾਹਿਬ ਦੀ ਡਿਊਟੀ ਨਿਭਾਉਣ ਜਾ ਰਿਹਾ ਸੀ ਕਿ ਪਿੰਡ ਸੇਖੋਂਵਾਲੀ ਦੇ ਮੋੜ ’ਤੇ ਅਣਪਛਾਤੇ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਉਸ ਦੀ ਬੁਰੀ ਤਰਾਂ ਕੁੱਟਮਾਰ ਕੀਤੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਪਰਿਵਾਰ ਨੂੰ ਅੰਤਰਦੀਪ ਸਿੰਘ ਦੀ ਕੁੱਟਮਾਰ ਕਰਨ ਬਾਰੇ ਪਤਾ ਲੱਗਾ ਤਾਂ ਉਹ ਘਟਨਾ ਵਾਲੇ ਸਥਾਨ ਉੱਤੇ ਪਹੁੰਚੇ ਅਤੇ ਗੰਭੀਰ ਜ਼ਖ਼ਮੀ ਹਾਲਤ ਵਿੱਚ ਅੰਤਰਦੀਪ ਸਿੰਘ ਨੂੰ ਫਤਿਹਗੜ੍ਹ ਚੂੜੀਆਂ ਵਿਖੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਸ ਸੰਬੰਧੀ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਸੂਚਿਤ ਕਰ ਦਿੱਤਾ ਗਿਆ। ਪੁਲੀਸ ਨੇ ਮ੍ਰਿਤਕ ਅੰਤਰਦੀਪ ਸਿੰਘ ਦੀ ਪਤਨੀ ਜਸਵਿੰਦਰ ਕੌਰ ਦੇ ਬਿਆਨਾਂ ‘ਤੇ ਕਾਰਵਾਈ ਕਰਦੇ ਹੋਏ ਮ੍ਰਿਤਕ ਦੇਹ ਦਾ ਪੋਸਟ-ਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਮਾਮਲੇ ਦੀ ਤਫ਼ਤੀਸ਼ ਜਾਰੀ ਹੈ।