ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ
ਅੰਮ੍ਰਿਤਸਰ, 29 ਅਪਰੈਲ
ਇੱਥੇ ਸ੍ਰੀ ਦਰਬਾਰ ਸਾਹਿਬ ਨੇੜਲੇ ਇਲਾਕੇ ਕਾਠੀਆਂ ਵਾਲਾ ਬਾਜ਼ਾਰ ਵਿੱਚ ਅੱਜ ਸ਼ਾਮ ਵੇਲੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਇੱਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਸ਼ਨਾਖਤ ਰਵਨੀਤ ਸਿੰਘ ਉਰਫ਼ ਸੋਨੂ ਮੋਟਾ ਵਜੋਂ ਦੱਸੀ ਗਈ ਹੈ। ਮੌਕੇ ’ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਦੋਵੇਂ ਪਾਸਿਓਂ ਗੋਲੀਆਂ ਚੱਲੀਆਂ ਅਤੇ ਇੱਕ ਨੌਜਵਾਨ ਜ਼ਖ਼ਮੀ ਹੋ ਕੇ ਡਿੱਗ ਗਿਆ, ਜਿਸਦੀ ਬਾਅਦ ’ਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਅਭਿਰਾਜ ਸਿੰਘ ਸਾਬਕਾ ਕੌਂਸਲਰ ਗੁਰਦੀਪ ਸਿੰਘ ਦਾ ਬੇਟਾ ਹੈ, ਜਿਸ ਦੀ ਕੁਝ ਸਮਾਂ ਪਹਿਲਾਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਸੋਨੂ ਮੋਟਾ ਦੀ ਕਥਿਤ ਸ਼ਮੂਲੀਅਤ ਦੀ ਸ਼ੰਕਾ ਸੀ ਜਿਸ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਵੀ ਦਰਜ ਸਨ।
ਜਾਣਕਾਰੀ ਮੁਤਾਬਕ ਰਵਨੀਤ ਸਿੰਘ ਜਦੋਂ ਸ੍ਰੀ ਦਰਬਾਰ ਸਾਹਿਬ ਤੋਂ ਵਾਪਸ ਪਰਤ ਰਿਹਾ ਸੀ ਤਾਂ ਤੰਗ ਬਾਜ਼ਾਰ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਦੋਵੇਂ ਪਾਸੇ ਤੋਂ ਘੇਰ ਲਿਆ ਅਤੇ ਗੋਲੀਆਂ ਚਲਾਈਆਂ ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ।
ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ: ਏਡੀਸੀਪੀ
ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਕਾਠੀਆਂ ਵਾਲਾ ਬਾਜ਼ਾਰ ਵਿੱਚ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਗੋਲੀਆਂ ਚਲਾਉਣ ਵਾਲੇ ਵਿਅਕਤੀ ਦੀ ਸ਼ਨਾਖਤ ਅਭਿਰਾਜ ਸਿੰਘ ਵਜੋਂ ਹੋਈ ਹੈ, ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਘਟਨਾ ਵਿੱਚ ਰਵਨੀਤ ਸਿੰਘ ਉਰਫ਼ ਸੋਨੂ ਮੋਟਾ ਨੂੰ ਗੋਲੀਆਂ ਲੱਗੀਆਂ। ਉਨ੍ਹਾਂ ਦੱਸਿਆ ਕਿ ਫਰੈਂਸਿਕ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
