ਨਿੱਜੀ ਪੱਤਰ ਪ੍ਰੇਰਕ
ਮੋਗਾ, 7 ਅਕਤੂਬਰ
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 2,784 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 1920 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਵਿੱਚੋਂ 462 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 369 ਮੀਟ੍ਰਿਕ ਟਨ, ਮਾਰਕਫ਼ੈੱਡ ਵੱਲੋਂ 758 ਮੀਟ੍ਰਿਕ ਟਨ, ਪਨਸਪ ਵੱਲੋਂ 427 ਮੀਟ੍ਰਿਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 130 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਨਾਲ ਹਰ ਹੀਲੇ ਨਿਪਟਿਆ ਜਾਵੇਗਾ। ਐੱਸ.ਐੱਮ.ਐੱਸ. ਪ੍ਰਣਾਲੀ ਤੋਂ ਬਿਨਾਂ ਕੋਈ ਕੰਬਾਈਨ ਨਹੀਂ ਚੱਲਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਪੈਡੀ ਸਟਰਾਅ ਰੀਪਰ ਮਸ਼ੀਨ ਚਲਾਉਣ ’ਤੇ ਵੀ 31 ਦਸੰਬਰ ਤੱਕ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਫਰੀਦਕੋਟ ਦੀਆਂ ਮੰਡੀਆਂ ’ਚ 17,197 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ
ਫਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6 ਅਕਤੂਬਰ ਸ਼ਾਮ ਤੱਕ 50311 ਮੀਟ੍ਰਿਕ ਟਨ ਝੋਨਾ ਵੱਖ-ਵੱਖ ਖ਼ਰੀਦ ਏਜੰਸੀਆਂ ਵਪਾਰੀਆਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਵੱਖ ਵੱਖ ਖ਼ਰੀਦ ਏਜੰਸੀਆਂ ਵੱਲੋਂ ਜ਼ਿਲ੍ਹੇ ਦੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਜਾਰੀ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ 17,197 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।