ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ
ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੇਵਾ ਕੇਂਦਰ ਦਾ ਵੀ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਈਸੇਵਾ ਤਹਿਤ ਜ਼ਿਲ੍ਹੇ ਵਿਚ ਇਸ ਵਰ੍ਹੇ 1,49,293 ਅਰਜ਼ੀਆਂ ਪ੍ਰਾਪਤ ਹੋਈਆਂ, ਜਨਿ੍ਹਾਂ ’ਚੋਂ ਸਿਰਫ਼ 2126 ਹੀ ਕਾਰਵਾਈ ਅਧੀਨ ਹਨ ਅਤੇ ਬਾਕੀ ਦਾ ਨਬਿੇੜਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਤਿੰਨ ਸੀਵਰੇਜ ਟਰੀਟਮੈਂਟ ਪਲਾਂਟਾਂ ਦੀ ਮੁਰੰਮਤ ’ਤੇ ਸਰਕਾਰ 10 ਕਰੋੜ ਰੁਪਏ ਖ਼ਰਚ ਕਰੇਗੀ। ਇਸ ਵਿਚ 5 ਸਾਲ ਤੱਕ ਦੀ ਸੰਭਾਲ ਦਾ ਖ਼ਰਚਾ ਵੀ ਸ਼ਾਮਲ ਹੈ। ਇਸੇ ਤਰ੍ਹਾਂ ਬਰੀਵਾਲਾ ਵਿਚ ਦੋ ਐੱਮਐੱਲਡੀ ਸਮੱਰਥਾ ਦੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਉਸਾਰੀ ਵੀ ਜਲਦ ਸ਼ੁਰੂੂ ਕੀਤੀ ਜਾਵੇਗੀ।
ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਭੂਮੀ ਰੱਖਿਆ ਵਿਭਾਗ ਰਾਹੀਂ 10 ਕਰੋੜ 79 ਲੱਖ ਰੁਪਏ ਦੇ ਕੰਮ ਆਰੰਭ ਕੀਤੇ ਜਾਣ ਦੀ ਜਾਣਕਾਰੀ ਵੀ ਕੈਬਨਿਟ ਮੰਤਰੀ ਨੇ ਦਿੱਤੀ। ਇਸ ਤੋਂ ਪਹਿਲਾਂ ਜ਼ਿਲ੍ਹੇ ਦੇ ਡਿਪਟੀ ਕਮਿਸਨਰ ਡਾ. ਰੂਹੀ ਦੁੱਗ ਅਤੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ ਕੈਬਨਿਟ ਮੰਤਰੀ ਦਾ ਇੱਥੇ ਪੁੱਜਣ ’ਤੇ ਸਵਾਗਤ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਗਿਦੜਬਾਹਾ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਆਦਿ ਹਾਜ਼ਰ ਸਨ।