ਗੁਰਪ੍ਰੀਤ ਦੌਧਰ
ਅਜੀਤਵਾਲ, 21 ਸਤੰਬਰ
ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ ਮੀਤ ਹੇਅਰ ਅੱਜ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ 220 ਖਾਲੀ ਅਸਾਮੀਆਂ ਭਰਨ ਦੇ ਨਾਲ ਨਾਲ ਕੋਚਾਂ ਦੀਆਂ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣਗੀਆਂ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਆਦਿ ਹਾਜ਼ਰ ਸਨ।