ਪੱਤਰ ਪ੍ਰੇਰਕ
ਮਾਨਸਾ, 16 ਅਕਤੂਬਰ
ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਓ.ਡੀ.ਐੱਲ. ਅਧਿਆਪਕਾਂ ਦੇ 11-11 ਸਾਲ ਤੋਂ ਪੈਡਿੰਗ ਰੈਗੂਲਰ ਆਰਡਰ ਜਾਰੀ ਨਾ ਕਰਨ ਅਤੇ 180 ਈਟੀਟੀ ਅਧਿਆਪਕਾਂ ’ਤੇ ਮੂਲ ਭਰਤੀ (4500 ਈ.ਟੀ.ਟੀ.) ਦੇ ਸਾਰੇ ਲਾਭ ਬਹਾਲ ਨਾ ਕਰਨ ਦੇ ਵਿਰੋਧ ਵਿੱਚ 23 ਅਕਤੂਬਰ ਨੂੰ 9 ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 6 ਨਵੰਬਰ ਨੂੰ ਆਨੰਦਪੁਰ ਸਾਹਿਬ ਵਿੱਚ ਸੂਬਾਈ ਰੈਲੀ ਕਰ ਕੇ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਰਥੀ ਫੂਕ ਮੁਜ਼ਾਹਿਰਆਂ ਦੌਰਾਨ ਸਿੱਖਿਆ ਮੰਤਰੀ ਦੀ ਤਾਨਸ਼ਾਹੀ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਖੁਡਾਲ ਨੇ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ ਸੰਘਰਸ਼ੀ ਧਿਰਾਂ ਨਾਲ ਗੰਭੀਰ ਗੱਲਬਾਤ ਚਲਾਉਣ ਦੀ ਥਾਂ ਸਿਰਫ਼ ਡੰਗ ਟਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਆਮ ਆਦਮੀ ਪਾਰਟੀ ਦੇ ਆਗੂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਖ-ਵੱਖ ਵਰਗਾਂ ਦੇ ਧਰਨਿਆਂ ਵਿੱਚ ਜਾ ਕੇ ਆਪਣੇ ਤੋਂ ਪਹਿਲੀਆਂ ਸਰਕਾਰਾਂ ਦੇ ਵਿਰੋਧ ਵਿੱਚ ਬੋਲਦੇ ਸਨ, ਪਰ ਹੁਣ ‘ਆਪ’ ਸਰਕਾਰ ਵੀ ਜਮਹੂਰੀ ਹੱਕਾਂ ਨੂੰ ਕੁਚਲ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਦੇ ਅਜਿਹੇ ਰਵੱਈਏ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।