ਪਵਨ ਗੋਇਲ
ਭੁੱਚੋ ਮੰਡੀ, 5 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ਵਿੱਚ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਦੀ ਅਰਥੀ ਸਾੜੀ ਗਈ। ਇਸ ਤੋਂ ਪਹਿਲਾਂ ਪਾਰਕ ਵਿੱਚ ਰੈਲੀ ਕੀਤੀ ਗਈ। ਇਸ ਮੌਕੇ ਇਨਕਲਾਬੀ ਕੇਂਦਰ ਦੇ ਆਗੂ ਮੁਖਤਿਆਰ ਸਿੰਘ ਪੂਹਲਾ, ਜਗਜੀਤ ਸਿੰਘ ਲਹਿਰਾ ਅਤੇ ਹਰਮੇਸ਼ ਕੁਮਾਰ ਰਾਮਪੁਰਾ ਨੇ ਸੰਬੋਧਨ ਕੀਤਾ। ਇਸੇ ਤਰ੍ਹਾਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਨੇ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਜਾਮ ਲਾ ਕੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਅਤੇ ਮੋਦੀ ‘ਗੋ ਬੈਕ’ ਦੇ ਨਾਅਰੇ ਲਾਏ। ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੂਬਾ ਆਗੂਆਂਂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ ਅਤੇ ਬਾਦਲ ਸਿੰਘ ਭੁੱਲਰ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਇੱਕੋ ਸਿੱਕੇ ਦੇ ਦੋ ਪਹਿਲੂ ਹਨ।
ਬਠਿੰਡਾ (ਮਨੋਜ ਸ਼ਰਮਾ): ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਲਈ ਬਠਿੰਡਾ ਨਹਿਰ ’ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ ਮੋਦੀ ਦੀ ਅਰਥੀ ਫੂਕੀ ਗਈ ਅਤੇ ਮੋਦੀ ‘ਗੋ ਬੈਕ’ ਦੇ ਨਾਅਰੇ ਲਾਏ ਗਏ। ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂ ਗੁਰਵਿੰਦਰ ਪੰਨੂ, ਹਰਜਿੰਦਰ ਬਰਾੜ ਤੇ ਸੰਦੀਪ ਖਾਨ ਨੇ ਸੰਬੋਧਨ ਕੀਤਾ।
ਬਰਨਾਲਾ (ਪਰਸ਼ੋਤਮ ਬੱਲੀ): ਭਾਕਿਯੂ (ਏਕਤਾ) ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਜਿੱਥੇ ਡੀ.ਸੀ. ਦਫਤਰ ਅੱਗੇ ਚੱਲ ਰਿਹਾ ਪੱਕਾ ਮੋਰਚਾ ਜਾਰੀ ਰਿਹਾ ਉੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ’ਚ ਸ਼ਹਿਰ ਵਿੱਚ ਮੀਂਹ ਦੇ ਬਾਵਜੂਦ ਭਰਵਾਂ ਰੋਸ ਮਾਰਚ ਕਰ ਕੇ ਦਾਣਾ ਮੰਡੀ ਪੁੱਜਕੇ ਮੋਦੀ ਦਾ ਪੁਤਲਾ ਸਾੜਿਆ ਗਿਆ। ਮੁਜ਼ਾਹਰੇ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਜੈ ਕਿਸਾਨ ਅੰਦੋਲਨ ਤੇ ਬੀਕੇਯੂ ਸਿੱਧੂਪੁਰ ਸਮੇਤ ਹੋਰਨਾਂ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ।
ਮਹਿਲ ਕਲਾਂ (ਨਵਕਿਰਨ ਸਿੰਘ): ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੇ ਵਿਰੋਧ ’ਚ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਟੌਲ ਪਲਾਜ਼ਾ ਮਹਿਲ ਕਲਾਂ ਅੱਗੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਸਮੇਂ ਨਰਾਇਣ ਦੱਤ, ਡਾ. ਰਜਿੰਦਰ ਪਾਲ ਅਤੇ ਸੁਖਵਿੰਦਰ ਸਿੰਘ ਨੇ ਸੰਬੋਧਨ ਕੀਤਾ।
ਫਾਜ਼ਿਲਕਾ (ਪਰਮਜੀਤ ਸਿੰਘ): ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਫਾਜ਼ਿਲਕਾ ਦੇ ਡੀਸੀ ਦਫ਼ਤਰ ਦੇ ਸਾਹਮਣੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਜ਼ਿਲ੍ਹਾ ਪ੍ਰਧਾਨ ਗੁਰਭੇਜ ਰੋਹੀਵਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਬਾਜ਼ ਸਿੰਘ ਚੱਕ ਜਾਨੀਸਰ ਨੇ ਸੰਬੋਧਨ ਕੀਤਾ।
ਜਲਾਲਾਬਾਦ (ਚੰਦਰ ਪ੍ਰਕਾਸ਼ ਕਾਲੜਾ): ਕਿਰਤੀ ਕਿਸਾਨ ਮੋਰਚੇ ਵੱਲੋਂ ਪਿੰਡ ਚੱਕ ਸੈਦੋਕੇ ’ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੀਨੀਅਰ ਆਗੂ ਮਨਦੀਪ ਸਿੰਘ, ਡਾ ਸੁਖਚੈਨ, ਕੁਲਵਿੰਦਰ ਸਿੰਘ, ਡਾ. ਸੁਖਪਾਲ ਸਿੰਘ ਹਾਜ਼ਰ ਸਨ।
ਮਾਨਸਾ (ਜੋਗਿੰਦਰ ਸਿੰਘ ਮਾਨ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਪੈਂਦੇ ਮੀਂਹ ਦੌਰਾਨ ਮਾਨਸਾ ਦੇ ਬੱਸ ਸਟੈਂਡ ਨਜ਼ਦੀਕ ਸੇਵਾ ਸਿੰਘ ਠੀਕਰੀਵਾਲਾ ਚੌਕ ਵਿੱਚ ਰੋਸ ਪ੍ਰਦਰਸ਼ਨ ਕਰ ਕੇ ਪੁਤਲਾ ਫੂਕਿਆ ਗਿਆ।
ਜ਼ਿਲ੍ਹਾ ਪੱਧਰੀ ਧਰਨੇ ਮੁਲਤਵੀ ਕਰਨ ਦਾ ਐਲਾਨ
ਮਾਨਸਾ (ਜੋਗਿੰਦਰ ਸਿੰਘ ਮਾਨ): ਭਾਰੀ ਮੀਂਹ ਦੇ ਬਾਵਜੂਦ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ‘ਮੋਦੀ ਵਾਪਸ ਜਾਓ’ ਦੇ ਨਾਅਰੇ ਵਾਲੇ ਪੁਤਲੇ ਫੂਕ ਮੁਜ਼ਾਹਰਿਆਂ ਨੂੰ ਮਾਲਵਾ ਖੇਤਰ ਵਿੱਚ ਭਰਵਾਂ ਹੁੰਗਾਰਾ ਮਿਲਣ ਦਾ ਜਥੇਬੰਦੀ ਵੱਲੋਂ ਦਾਅਵਾ ਕੀਤਾ ਗਿਆ। ਜਥੇਬੰਦੀ ਨੇ 20 ਦਸੰਬਰ ਤੋਂ ਲੈ ਕੇ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਸਮੇਤ ਕੁੱਝ ਹੋਰ ਜ਼ਿਲ੍ਹਿਆਂ ਵਿੱਚ ਦਿੱਤੇ ਜਾ ਰਹੇ ਧਰਨਿਆਂ ਨੂੰ ਮੁਲਤਵੀ ਕਰ ਦਿੱਤਾ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਭਾਵੇਂ 7 ਜਨਵਰੀ ਨੂੰ ਮੀਟਿੰਗ ਬੁਲਾਈ ਗਈ ਹੈ, ਪਰ ਧਰਨਿਆਂ ਅਤੇ ਅਗਲੇ ਅੰਦੋਲਨ ਦਾ ਐਲਾਨ 10 ਜਨਵਰੀ ਨੂੰ ਜਥੇਬੰਦੀ ਸੂਬਾ ਕਮੇਟੀ ਵਿੱਚ ਕੀਤਾ ਜਾਵੇਗਾ। ਅੱਜ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਜਬਰਦਸਤ ਵਿਰੋਧ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਮਾਨਸਾ ਵਿੱਚ ਭਾਰੀ ਇਕੱਠ ਕਰਕੇ ਬਾਜ਼ਾਰ ਵਿੱਚੋਂ ਮੁਜ਼ਾਹਰਾ ਕੱਢਕੇ ਬੱਸ ਅੱਡੇ ਕੋਲ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਕੇ ਨਾਅਰੇਬਾਜ਼ੀ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।
ਭਾਜਪਾ ਆਗੂਆਂ ਨੇ ਲਾਇਆ ਕਿਸਾਨਾਂ ’ਤੇ ਹਮਲਾ ਕਰਨ ਦਾ ਦੋਸ਼
ਕੋਟਕਪੂਰਾ: ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਰੈਲੀ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਫਤਿਹ ਵੱਲੋਂ ਨੈਸ਼ਨਲ ਹਾਈਵੇਅ ਨੰਬਰ 15 ’ਤੇ ਮੋਰਚਾ ਲਾਇਆ ਗਿਆ। ਕਿਸਾਨਾਂ ਨੇ ਫਿਰੋਜ਼ਪੁਰ ਜਾ ਰਹੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਨੂੰ ਭਾਜਪਾ ਦਾ ਸਾਥ ਨਾ ਦੇਣ ਦੀ ਅਪੀਲ ਕੀਤੀ। ਦੂਜੇ ਪਾਸੇ ਭਾਜਪਾ ਆਗੂ ਜੈਪਾਲ ਗਰਗ, ਓਮ ਪ੍ਰਕਾਸ਼ ਅਤੇ ਨਰੇਸ਼ ਕਾਂਸਲ ਨੇ ਦੋਸ਼ ਲਾਇਆ ਕਿ ਉਹ ਆਪਣੀ ਸਵਿਫਟ ਕਾਰ ਤੇ ਫ਼ਰੀਦਕੋਟ ਰੋਡ ਦੇ ਇੱਕ ਪੈਲੇਸ ਵਿੱਚ ਫਿਰੋਜ਼ਪੁਰ ਜਾਣ ਲਈ ਨਿਕਲੇ ਦਾ ਉਨ੍ਹਾਂ ਦੀ ਕਾਰ ’ਤੇ ਲੱਗਿਆ ਝੰਡਾ ਵੇਖ ਕੇ ਕਿਸਾਨ ਭੜਕ ਗਏ। ਇੱਕ ਨੌਜਵਾਨ ਨੇ ਡੰਡਾ ਉਨ੍ਹਾਂ ਦੀ ਕਾਰ ’ਤੇ ਮਾਰਿਆ ਤੇ ਉਨ੍ਹਾਂ ਭੱਜਕੇ ਜਾਨ ਬਚਾਈ। ਭਾਰਤੀ ਕਿਸਾਨ ਯੂਨੀਅਨ ਏਕਤਾ ਫਤਹਿ ਦੇ ਸੂਬਾ ਪ੍ਰਧਾਨ ਮਾਸਟਰ ਹਰਜਿੰਦਰ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਆਖਿਆ ਕਿ ਕਿਸਾਨਾਂ ਨੇ ਸੱਭਿਅਕ ਤਰੀਕੇ ਨਾਲ ਲੋਕਾਂ ਨੂੰ ਸਮਝਾਇਆ ਕਿ ਉਹ ਭਾਜਪਾ ਦੀ ਰੈਲੀ ਵਿੱਚ ਸ਼ਾਮਲ ਨਾ ਹੋਣ। -ਟਨਸ