ਪਰਾਲੀ ਨਾ ਸਾੜਨ ਵਾਲੇ 50 ਕਿਸਾਨਾਂ ਦਾ ਸਨਮਾਨ
ਪਿੰਡ ਹਿੰਮਤਪੁਰਾ ਵਿਖੇ ਕਿਸਾਨਾਂ ਨੂੰ ਜਿਥੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਗਿਆ ਉਥੇ ਪਿਛਲੇ ਸੀਜ਼ਨ ਦੌਰਾਨ ਪਰਾਲੀ ਨਾ ਸਾੜਨ ਵਾਲੇ 50 ਕਿਸਾਨਾ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਡੀਸੀ ਸਾਗਰ ਸੇਤੀਆ ਨੇ ਕਿਹਾ ਕਿ ਪਰਾਲੀ ਨੂੰ ਬਿਨਾਂ ਸਾੜੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਹੜ੍ਹਾਂ ’ਚ ਕੀਤੇ ਗਏ ਸਹਿਯੋਗ ਵਾਂਗ ਪਰਾਲੀ ਪ੍ਰਬੰਧਨ ਵਿਚ ਸਹਿਯੋਗ ਕਰਕੇ ਵਾਤਾਵਰਨ ਬਚਾਉਣ ਲਈ ਸੱਦਾ ਦਿੱਤਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਦੂਸ਼ਣ ਵਧ ਜਾਂਦਾ ਹੈ ਅਤੇ ਮਿੱਟੀ ਦੀ ਗੁਣਵੱਤਾ ਤੇ ਡੂੰਘਾ ਅਸਰ ਪੈ ਰਿਹਾ ਹੈ। ਪਰਾਲੀ ਨਾ ਸਾੜਨ ਸਬੰਧੀ ਸਕੂਲੀ ਵਿਦਿਆਰਥੀਆਂ ਦੇ ਲੇਖ ਲਿਖਣ, ਭਾਸ਼ਣ, ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੂੰ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਗਿਆ। ਬੀਕੇਯੂ ਲੱਖੋਵਾਲ ਆਗੂ ਬਲਕਰਨ ਸਿੰਘ ਢਿੱਲੋਂ ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਐੱਫਆਈਆਰ ਦਰਜ ਕਰਨ ਤੇ ਜੇਲ੍ਹ ਵਿੱਚ ਭੇਜਣ ਦੇ ਸਖ਼ਤ ਫੈਸਲੇ ਉੱਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਫੈਸਲੇ ’ਤੇ ਮੁੜ ਵਿਚਾਰ ਕੀਤਾ ਜਾਵੇ। ਕਿਸਾਨ ਆਗੂ ਨੇ ਕਿਹਾ ਕਿ ਸਮੇਂ ਦੀਆਂ ਮੌਜੂਦਾ ਸਰਕਾਰਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਸਹੂਲਤਾਂ ਮੁਹੱਈਆ ਨਹੀਂ ਕਰਵਾਉਂਦੀਆਂ, ਜਿਸ ਕਾਰਨ ਕਿਸਾਨ ਨੂੰ ਹੀ ਦੋਸ਼ੀ ਠਹਿਰਾਇਆ ਜਾਂਦਾ ਹੈ। ਛੋਟੇ ਕਿਸਾਨ ਕੋਲ ਪੂਰੇ ਪ੍ਰਬੰਧ ਨਾ ਹੋਣ ਕਾਰਨ ਮਜਬੂਰੀ ਵੱਸ ਉਸ ਨੂੰ ਪਰਾਲੀ ਸਾੜਨੀ ਪੈਂਦੀ ਹੈ।