ਪੱਤਰ ਪ੍ਰੇਰਕ
ਮਲੋਟ, 27 ਮਈ
ਸਾਲ 2017 ਵਿੱਚ ਮਲੋਟ ਸਿਟੀ ਪੁਲੀਸ ਨੇ 1 ਕਰੋੜ 33 ਲੱਖ ਦੇ ਘਪਲੇ ਸਬੰਧੀ ਜਲ ਸਪਲਾਈ ਵਿਭਾਗ ਮਲੋਟ ਦੇ 17 ਮੁਲਾਜ਼ਮਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਨੰਬਰ 166 ਦਰਜ ਕੀਤਾ ਸੀ, ਜਿਨ੍ਹਾਂ ਵਿੱਚੋਂ ਹੁਣ ਸਿਟੀ ਪੁਲੀਸ ਨੇ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡੀਐੱਸਪੀ ਮਲੋਟ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਕਾਰਜਕਾਰੀ ਇੰਜਨੀਅਰ ਜਸਵੀਰ ਸਿੰਘ ਦੇ ਬਿਆਨਾਂ ’ਤੇ ਇਹ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਲੋੜੀਂਦੇ ਛੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਬਾਕੀਆਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਫਰਜ਼ੀ ਬਿੱਲ ਪਾ ਕੇ ਪਾਸ ਕਰਾ ਲੈਂਦੇ ਸਨ। ਇਸ ਤਰੀਕੇ ਨਾਲ ਖ਼ਜ਼ਾਨੇ ਵਿੱਚੋਂ ਪੈਸਾ ਲੈ-ਲੈ ਕੇ ਇਹ ਵਿਅਕਤੀ ਪੈਸਾ ਖੁਰਦ-ਬੁਰਦ ਕਰਦੇ ਰਹੇ। ਜਦੋਂ ਇਹ ਮਾਮਲਾ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਇਆ ਤਾਂ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਸਖਤ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਵਧੇਰੇ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ।