ਪੱਤਰ ਪ੍ਰੇਰਕ
ਮਾਨਸਾ, 6 ਸਤੰਬਰ
ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਮੋਦੀ ਹਕੂਮਤ ਧੜੱਲੇ ਨਾਲ ਸਰਕਾਰੀ ਅਦਾਰਿਆਂ ਨੂੰ ਵੱਡੀਆਂ ਪ੍ਰਾਈਵੇਟ ਕੰਪਨੀਆਂ ਦੇ ਮਾਲਕਾਂ ਅੱਗੇ ਸੁੱਟ ਰਹੀ ਹੈ, ਜਿਸ ਵਿੱਚ ਬਿਜਲੀ ਬੋਰਡ, ਰੇਲਵੇ, ਲੋਹੇ ਦੀਆਂ ਖਾਣਾਂ ਸਮੇਤ ਸਾਰੇ ਸਰਕਾਰੀ ਅਦਾਰੇ ਦਾਅ ’ਤੇ ਲਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੀਆਂ ਸਬਸਿਡੀਆਂ ਬੰਦ ਕੀਤੀਆਂ ਜਾ ਰਹੀਆਂ ਹਨ। ਉਹ ਮਾਨਸਾ ਨੇੜਲੇ ਪਿੰਡ ਭੈਣੀਬਾਘਾ ਵਿਖੇ ਜਥੇਬੰਦਕ ਆਗੂਆਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਪੰਜਾਬ ਦੇ ਪਾਣੀਆਂ ’ਤੇ ਕੰਪਨੀਆਂ ਦਾ ਕਬਜ਼ਾ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੋਗੇ ਜ਼ਿਲ੍ਹੇ ਦੇ ਪਿੰਡ ਦੱਦਾਹੂਰ ਵਿੱਚ ਪਾਣੀ ਸਾਫ ਕਰ ਕੇ ਪਿੰਡਾਂ ਤੇ ਸ਼ਹਿਰਾਂ ਨੂੰ ਦੇਣ ਦਾ ਅਮਲ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਸਮੇਂ ਜਦੋਂ ਪੂਰਨ ਤੌਰ ’ਤੇ ਪਾਣੀਆਂ ਉੱਤੇ ਕੰਪਨੀਆਂ ਦਾ ਕਬਜ਼ਾ ਹੋਵੇਗਾ ਤਾਂ ਪਾਣੀਆਂ ਦੇ ਬਦਲੇ ਲੋਕਾਂ ਦੀ ਆਰਥਿਕ ਛਿੱਲ ਲਾਹੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਲਾਬੀ ਸੁੰਡੀ ਤੇ ਤੇਲੇ ਨੇ ਨਰਮੇ ਦੀ ਫਸਲ ਨਸ਼ਟ ਕਰ ਦਿੱਤੀ ਹੈ, ਪਰ ਸਰਕਾਰ ਕੁਝ ਵੀ ਬੋਲਣ ਲਈ ਤਿਆਰ ਨਹੀਂ ਹੈ।