ਹੱਕਾਂ ਦੀ ਲੜਾਈ ਵਿੱਚ ਕਿਰਤੀਆਂ ਨੂੰ ਇਕਜੁੱਟ ਹੋਣ ਦਾ ਸੱਦਾ
ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਲਈ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਿਹਾ ਕਿਸਾਨ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਐਲਾਨ ਕੀਤਾ ਕਿ 4...
ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਲਈ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਚੱਲ ਰਿਹਾ ਕਿਸਾਨ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਐਲਾਨ ਕੀਤਾ ਕਿ 4 ਸਤੰਬਰ ਨੂੰ ਮੋਰਚਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਸਮਰਪਿਤ ਹੋਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਹੱਲ ਕਰਨ ਦੀ ਬਜਾਏ ਸੰਘਰਸ਼ਸ਼ੀਲ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਵੱਲੋਂ ਮੁਲਾਜ਼ਮਾਂ ਦੇ ਹੱਕ ਵਿੱਚ ਕੀਤੇ ਫ਼ੈਸਲਿਆਂ ਵਿਰੁੱਧ ਵੀ ਸਰਕਾਰ ਵੱਲੋਂ ਉੱਚ ਅਦਾਲਤਾਂ ਵਿੱਚ ਅਪੀਲਾਂ ਦਾਇਰ ਕੀਤੀਆਂ ਜਾ ਰਹੀਆਂ ਹਨ। ਜੇਠੂਕੇ ਨੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਠੇਕਾ ਮੁਲਾਜ਼ਮਾਂ ਅਤੇ ਹੋਰ ਸੰਘਰਸ਼ਸ਼ੀਲ ਲੋਕਾਂ ਨੂੰ 4 ਸਤੰਬਰ ਨੂੰ ਕਿਸਾਨ ਮੋਰਚਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੀ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਹਾਕਮਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਕਿਰਤੀ ਲੋਕਾਂ ਦੀ ਲੁੱਟ ਨੂੰ ਤੇਜ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਦੁਕਾਨਦਾਰ ਅਤੇ ਛੋਟੇ ਕਾਰੋਬਾਰੀ ਸਾਂਝੇ ਸੰਘਰਸ਼ਾਂ ਰਾਹੀਂ ਇਨ੍ਹਾਂ ਨੀਤੀਆਂ ਨੂੰ ਮੋੜਾ ਦੇਣ ਲਈ ਇਕਜੁੱਟ ਹੋਣ। ਬੁਲਾਰਿਆਂ ਨੇ ਭਾਰਤ ਨੂੰ ਵਿਸ਼ਵ ਵਪਾਰ ਸੰਸਥਾ ਤੋਂ ਬਾਹਰ ਲਿਆਉਣ, ਭਾਰਤ-ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕਰਨ, ਸਾਰੀਆਂ ਫ਼ਸਲਾਂ ’ਤੇ ਸੀ2 ਫਾਰਮੂਲੇ ਅਨੁਸਾਰ ਐੱਮਐੱਸਪੀ ਅਤੇ ਸਰਕਾਰੀ ਖ਼ਰੀਦ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ।
ਮਾਨਸਾ (ਪੱਤਰ ਪ੍ਰੇਰਕ): ਕਾਰਪੋਰੇਟ ਘਰਾਣਿਆਂ ਦੀ ਕਥਿਤ ਲੁੱਟ ਅਤੇ ਲੋਕ ਵਿਰੋਧੀਆਂ ਨੀਤੀਆਂ ਖਿਲਾਫ਼ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਵੱਲੋਂ ਮਾਲਵਾ ਖੇਤਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਦਫ਼ਤਰਾਂ ਅੱਗੇ ਅਣਮਿੱਥੇ ਸਮੇਂ ਲਈ ਆਰੰਭ ਕੀਤੇ ਪੱਕੇ ਮੋਰਚੇ ਅੱਜ ਤੀਜੇ ਦਿਨ ਵੀ ਜਾਰੀ ਰਹੇ। ਧਰਨਾਕਾਰੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਏ ਦਿਨ-ਰਾਤ ਦੇ ਪੱਕੇ ਮੋਰਚੇ ਦੌਰਾਨ ਅੱਜ ਜਥੇਬੰਦੀ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਜ਼ਿਲ੍ਹਾ ਕਚਹਿਰੀਆਂ ਤੋਂ ਬੱਸ ਸਟੈਂਡ ਚੌਕ ਤੱਕ ਮਾਰਚ ਕੀਤਾ ਗਿਆ। ਇਸ ਮੋਰਚੇ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਮੂਲੀਅਤ ਕੀਤੀ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਿਸਾਨ ਲਗਾਤਾਰ ਅਧਿਕਾਰੀਆਂ ਦੇ ਦਰਾਂ ਅੱਗੇ ਬੈਠ ਕੇ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਸਮਝੌਤਾ ਨਾ ਕਰੇ, ਅਜਿਹਾ ਹੋਇਆ ਤਾਂ ਦੇਸ਼ ਦਾ ਕਿਸਾਨ ਪੁਰੀ ਤਰ੍ਹਾਂ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਉਕਤ ਮੰਗਾਂ ਨੂੰ ਛੇਤੀ ਲਾਗੂ ਨਾ ਕੀਤਾ ਗਿਆ ਤਾਂ ਉਹ ਅੰਦੋਲਨ ਨੂੰ ਹੋਰ ਤੇਜ਼ ਕਰਨਗੇ। ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਮੇਜਰ ਸਿੰਘ ਗੋਬਿੰਦਪੁਰਾ, ਲਾਭ ਸਿੰਘ ਖੋਖਰ ਨੇ ਵੀ ਸੰਬੋਧਨ ਕੀਤਾ।
ਉਗਰਾਹਾਂ ਯੂਨੀਅਨ ਵੱਲੋਂ ਡੀ ਸੀ ਦਫ਼ਤਰ ਅੱਗੇ ਧਰਨੇ ਜਾਰੀ
ਬਰਨਾਲਾ (ਖੇਤਰੀ ਪ੍ਰਤੀਨਿਧ): ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਵੱਲੋਂ ਸੂਬਾਈ ਸੱਦੇ ’ਤੇ ਡੀ ਸੀ ਦਫ਼ਤਰ ਅੱਗੇ ਲੱਗਾ ਮੋਰਚਾ ਤੀਜੇ ਦਿਨ ਵੀ ਜਾਰੀ ਰਿਹਾ। ਬੁਲਾਰਿਆਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਅਮਰੀਕੀ ਸਾਮਰਾਜਵਾਦ ਸਮੇਤ ਕੁਝ ਹੋਰ ਸਾਮਰਾਜੀ ਮੁਲਕਾਂ ਅੱਗੇ ਗੋਡੇ ਟੇਕ ਕੇ ਸਮਝੌਤੇ ਕੀਤੇ ਹਨ ਅਤੇ ਅੱਗੇ ਹੋਰ ਕਰਨ ਜਾ ਰਹੀ ਹੈ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਇਨ੍ਹਾਂ ਸਮਝੌਤਿਆਂ ਦਾ ਕਿਸਾਨੀ ਤੇ ਕਿਰਤੀ ਵਰਗ ਸਮੇਤ ਦੇਸ਼ ਦੇ ਛੋਟੇ ਕਾਰੋਬਾਰਾਂ ’ਤੇ ਮਾਰੂ ਅਸਰ ਹੋਵੇਗਾ। ਬੁਲਾਰਿਆਂ ਕਿਹਾ ਕਿ ਖੇਤੀ ਜ਼ਮੀਨਾਂ ਅਤੇ ਦੇਸ਼ ਦੇ ਬੇਸ਼ਕੀਮਤੀ ਅਸਾਸਿਆਂ ਨੂੰ ਬਚਾਉਣ ਹਿਤ ਸਿਰ-ਧੜ ਦੀ ਬਾਜ਼ੀ ਲਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਸਮੁੱਚੇ ਵਰਗਾਂ ਨੂੰ ਇੱਕਜੁੱਟ ਹੋ ਕੇ ਕਾਰਪੋਰੇਟ ਘਰਾਣਿਆਂ ਦੇ ਚਾਕਰ ਸਾਬਤ ਹੋ ਰਹੇ ਸੱਤਾਧਾਰੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਸੱਦਾ ਦਿੱਤਾ। ਸਟੇਜ ਸੰਚਾਲਨ ਕੁਲਜੀਤ ਸਿੰਘ ਵਜੀਦਕੇ ਨੇ ਕੀਤਾ।

