ਜੋਗਿੰਦਰ ਸਿੰਘ ਮਾਨ/ਐੱਨ.ਪੀ. ਸਿੰਘ
ਮਾਨਸਾ/ਬੁਢਲਾਡਾ, 5 ਅਕਤੂਬਰ
ਮਾਨਸਾ ਜ਼ਿਲ੍ਹੇ ਅਧੀਨ ਆਉਂਦੀ ਬੁਢਲਾਡਾ ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀ ਚੱਲਣ ਤੋਂ ਬਾਅਦ ਪੁਲੀਸ ਨੇ ਮੁੱਦਈ ਰਾਮਇੰਦਰ ਸਿੰਘ ਵਾਸੀ ਬੁਢਲਾਡਾ ਦੇ ਬਿਆਨ ’ਤੇ ਜਗਤਾਰ ਸਿੰਘ ਗੁਰਨੇ ਕਲਾਂ ਸਮੇਤ 20 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਸਰੇ ਪਾਸੇ ਜਗਤਾਰ ਸਿੰਘ ਗੁਰਨੇ ਕਲਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪਹਿਲਾਂ ਬੁਢਲਾਡਾ ਤੋਂ ਮਾਨਸਾ ਅਤੇ ਬਾਅਦ ਵਿੱਚ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ। ਉਸ ਦੀ ਹਾਲਤ ਗੰਭੀਰ ਹੋਣ ਕਾਰਨ ਸ਼ਾਮ ਤੱਕ ਪੁਲੀਸ ਉਸ ਦੇ ਬਿਆਨ ਨਹੀਂ ਲੈ ਸੀ ਸਕੀ। ਅੱਜ ਵੀ ਬੁਢਲਾਡਾ ਟਰੱਕ ਯੂਨੀਅਨ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਰਹੀ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੁੱਦਈ ਰਾਮਇੰਦਰ ਸਿੰਘ ਵੱਲੋਂ ਪੁਲੀਸ ਕੋਲ ਲਿਖਵਾਈ ਗਈ ਰਿਪੋਰਟ ਅਨੁਸਾਰ ਇਸ ਮਾਮਲੇ ਨੂੰ ਲੈ ਕੇ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਇਸ ਮਾਮਲੇ ’ਚ ਗੰਭੀਰ ਜ਼ਖ਼ਮੀ ਹੋਏ ਜਗਤਾਰ ਸਿੰਘ, ਗਗਨਦੀਪ ਸਿੰਘ, ਰਮਨਦੀਪ ਸਿੰਘ, ਕਾਲੂ ਸਿੰਘ, ਬਿੰਦਰ ਸਿੰਘ, ਮਨਪ੍ਰੀਤ ਸਿੰਘ, ਸਨੀ ਸ਼ਰਮਾ ਵਾਸੀ ਪਿੰਡ ਬੁਢਲਾਡਾ, ਹਰਪ੍ਰੀਤ ਸਿੰਘ ਉਰਫ਼ ਨਾਗੀ ਵਾਸੀ ਦਾਤੇਵਾਸ, ਇੰਦਰਜੀਤ, ਹਸਲ ਖਾਨ ਵਾਸੀ ਰਤੀਆ ਅਤੇ 10 ਤੋਂ 12 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਆਪਣੀ ਰਿਪੋਰਟ ਵਿੱਚ ਲਿਖਵਾਇਆ ਹੈ ਕਿ ਇਹ ਵਿਅਕਤੀ ਟਰੱਕ ਯੂਨੀਅਨ ਵਿੱਚ ਪਹੁੰਚੇ ਅਤੇ ਉਨ੍ਹਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਈਆਂ। ਮੁੱਦਈ ਅਨੁਸਾਰ ਝਗੜੇ ਦੀ ਵਜ੍ਹਾ ਟਰੱਕ ਯੂਨੀਅਨ ਦੀ ਪ੍ਰਧਾਨਗੀ ਹੈ।
ਰਾਮਇੰਦਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਉਸ ਨੂੰ ਟਰੱਕ ਯੂਨੀਅਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ, ਜਿਸ ਕਾਰਨ ਅੱਜ ਉਹ ਪੁਕਾਰ ਕਰਨ ਆਏ ਸਨ। ਇਸ ਦੌਰਾਨ ਦੂਸਰੇ ਗਰੁੱਪ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਥਾਣਾ ਸਿਟੀ ਬੁਢਲਾਡਾ ਦੇ ਮੁਖੀ ਬੂਟਾ ਸਿੰਘ ਨੇ ਦੱਸਿਆ ਕਿ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੌਰਾਨ ਦੂਸਰੀ ਧਿਰ ਦੇ ਜ਼ਖ਼ਮੀ ਜਗਤਾਰ ਸਿੰਘ ਦੇ ਬਿਆਨ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਅਜੇ ਜਗਤਾਰ ਸਿੰਘ ਗੁਰਨੇ ਬਿਆਨ ਦੇਣ ਦੀ ਹਾਲਤ ’ਚ ਨਹੀਂ ਹੈ।
ਟਰੱਕ ਯੂਨੀਅਨ ਦੇ ਝਗੜੇ ਨਾਲ ਕੋਈ ਲੈਣਾ-ਦੇਣਾ ਨਹੀਂ: ਵਿਧਾਇਕ
ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਗੱਲ ਕਰਨ ’ਤੇ ਕਿਹਾ ਕਿ ਟਰੱਕ ਯੂਨੀਅਨ ਦੀ ਪ੍ਰਧਾਨਗੀ ਸਬੰਧੀ ਹੋਏ ਝਗੜੇ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਇਸ ਝਗੜੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਦੱਸਿਆ ਕਿ ਇਹ ਝਗੜਾ ਟਰੱਕ ਅਪਰੇਟਰਾਂ ਦਾ ਆਪਸੀ ਰੌਲਾ ਹੈ, ਜਿਸ ਨਾਲ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦਾ ਬਤੌਰ ਵਿਧਾਇਕ ਤੇ ਪੰਜਾਬ ਸਰਕਾਰ ਦਾ ਕੋਈ ਲੈਣਾ-ਦੇਣਾ ਨਹੀਂ ਹੈ, ਸਗੋਂ ਕੁੱਝ ਲੋਕ ਜਾਣ-ਬੁੱਝ ਕੇ ਇਸ ਲੜਾਈ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ।