ਜਟਾਣਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ
ਕਾਂਗਰਸ ਦੇ ਸੀਨੀਅਰ ਆਗੂ ਖ਼ੁਸ਼ਬਾਜ਼ ਸਿੰਘ ਜਟਾਣਾ ਦੀ ਅੱਜ ਇੱਥੇ ਅੰਤਿਮ ਯਾਤਰਾ ਮੌਕੇ ਵੱਡੀ ਗਿਣਤੀ ’ਚ ਸਿਆਸੀ, ਧਾਰਮਿਕ ਅਤੇ ਸਮਾਜਿਕ ਆਗੂ ਹਾਜ਼ਰ ਸਨ। ਕਾਂਗਰਸ ਵੱਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਕਾਂਗਰਸ ਬਠਿੰਡਾ (ਦਿਹਾਤੀ) ਦੇ ਪ੍ਰਧਾਨ...
ਕਾਂਗਰਸ ਦੇ ਸੀਨੀਅਰ ਆਗੂ ਖ਼ੁਸ਼ਬਾਜ਼ ਸਿੰਘ ਜਟਾਣਾ ਦੀ ਅੱਜ ਇੱਥੇ ਅੰਤਿਮ ਯਾਤਰਾ ਮੌਕੇ ਵੱਡੀ ਗਿਣਤੀ ’ਚ ਸਿਆਸੀ, ਧਾਰਮਿਕ ਅਤੇ ਸਮਾਜਿਕ ਆਗੂ ਹਾਜ਼ਰ ਸਨ। ਕਾਂਗਰਸ ਵੱਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਅਤੇ ਸਾਬਕਾ ਜ਼ਿਲ੍ਹਾ ਕਾਂਗਰਸ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਜਟਾਣਾ ਕੱਲ੍ਹ ਦਿੱਲੀ ਤੋਂ ਬਠਿੰਡਾ ਆਉਂਦੇ ਵਕਤ ਪਾਣੀਪਤ (ਹਰਿਆਣਾ) ਨੇੜੇ ਆਪਣੇ ਡਰਾਈਵਰ ਸਮੇਤ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਅੱਜ ਸ੍ਰੀ ਜਟਾਣਾ ਦੀ ਚਿਖ਼ਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਵੱਲੋਂ ਦਿਖਾਈ ਗਈ। ਇੱਥੇ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੁਸ਼ਬਾਜ਼ ਜਟਾਣਾ ਦੇ ਵਿਛੋੜੇ ਨੂੰ ਪਾਰਟੀ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਟਾਣਾ ਨਾਲ ਬਿਤਾਏ ਪਲਾਂ ਨੂੰ ਯਾਦ ਕਰਦਿਆਂ ਕਿਹਾ ਕਿ ਅਜਿਹੇ ਦਿਲਦਾਰ ਇਨਸਾਨ ਦਾ ਇਸ ਤਰ੍ਹਾਂ ਦੁਨੀਆਂ ਤੋਂ ਚਲੇ ਜਾਣਾ, ਅਸਹਿ ਹੈ। ਵਿਧਾਇਕ ਪ੍ਰਗਟ ਸਿੰਘ ਨੇ ਆਖਿਆ ਕਿ ਜਟਾਣਾ ਦੀ ਮੌਤ ਨਾਲ ਜਿੱਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਕਾਂਗਰਸ ਅਤੇ ਇਲਾਕੇ ਨੂੰ ਵੀ ਵੱਡੀ ਸੱਟ ਲੱਗੀ ਹੈ। ਅੰਤਿਮ ਸਸਕਾਰ ਮੌਕੇ ਬਠਿੰਡਾ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਵਿਜੈਇੰਦਰ ਸਿੰਗਲਾ, ਭਾਜਪਾ ਆਗੂ ਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਿਕਰਮ ਸਿੰਘ ਮੋਫ਼ਰ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜ਼ਿਲ੍ਹਾ ਕਾਂਗਰਸ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਰਾਜਨ ਗਰਗ, (ਦਿਹਾਤੀ) ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਸੀਨੀਅਰ ਕਾਂਗਰਸੀ ਆਗੂ ਬੀਬੀ ਅੰਮ੍ਰਿਤ ਗਿੱਲ ਤੇ ਟਹਿਲ ਸਿੰਘ ਸੰਧੂ, ਨਗਰ ਨਿਗਮ ਦੇ ਮੇਅਰ ਪਦਮਜੀਤ ਮਹਿਤਾ, ਅਕਾਲੀ ਦਲ ਦੇ ਹਲਕਾ ਬਠਿੰਡਾ ਤੋਂ ਇੰਚਾਰਜ ਇਕਬਾਲ ਸਿੰਘ (ਬਬਲੀ ਢਿੱਲੋਂ), ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਆਦਿ ਮੌਜੂਦ ਸਨ।

