ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 30 ਸਤੰਬਰ
ਇੱਥੋਂ ਦੇ ਗਾਂਧੀ ਚੌਕ ’ਤੇ ਸਥਿਤ ਦਾਵੜਾ ਸਵੀਟ ਹਾਊਸ ਵਿੱਚ ਅੱਜ ਅਚਾਨਕ ਅੱਗ ਲੱਗ ਕਾਰਨ ਕਾਫ਼ੀ ਨੁਕਸਾਨ ਹੋ ਗਿਆ। ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਲਿਆ। ਦਾਵੜਾ ਸਵੀਟ ਹਾਊਸ ਦੇ ਮਾਲਕ ਨਿਖਿਲ ਦਾਵੜਾ ਨੇ ਦੱਸਿਆ ਕਿ ਦੁਕਾਨ ’ਤੇ ਕੰਮ ਕਰਨ ਵਾਲਾ ਕਾਰੀਗਰ ਲੱਡੂ ਬਣਾਉਣ ਦਾ ਕੰਮ ਕਰ ਰਿਹਾ ਸੀ ਕਿ ਅਚਾਨਕ ਡੀਜ਼ਲ ਵਾਲੀ ਭੱਠੀ ਨੂੰ ਅੱਗ ਲੱਗ ਗਈ। ਨੇੜੇ ਪਈਆਂ ਲੱਕੜਾਂ ਨੂੰ ਵੀ ਅੱਗ ਲੱਗ ਗਈ। ਉਨ੍ਹਾਂ ਅਤੇ ਦੁਕਾਨ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਵੱਲੋਂ ਖੁਦ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਅੱਗ ਕਾਫ਼ੀ ਤੇਜ਼ ਸੀ। ਸੂਚਨਾ ਮਿਲਣ ਮਗਰੋਂ ਫਾਇਰ ਬ੍ਰਿਗੇਡ ਦੇ ਕਰਮਚਾਰੀ ਘਟਨਾ ਵਾਲੀ ਥਾਂ ’ਤੇ ਪਹੁੰਚੇ, ਜਿਨ੍ਹਾਂ ਵੱਲੋਂ ਕਾਫ਼ੀ ਜੱਦੋ ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਦੁਕਾਨ ਮਾਲਕ ਨੇ ਦੱਸਿਆ ਕਿ ਅੱਗਲ ਨਾਲ 50 ਤੋਂ 60 ਹਜ਼ਾਰ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਧਰ, ਫਾਇਰ ਬ੍ਰਿਗੇਡ ਦੇ ਕਰਮਚਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ਮਗਰੋਂ ਉਹ ਕੁਝ ਹੀ ਮਿੰਟਾਂ ’ਚ ਘਟਨਾ ਵਾਲੀ ਥਾਂ ’ਤੇ ਪਹੁੰਚ ਗਏ ਤੇ ਅੱਗ ’ਤੇ ਕਾਬੂ ਪਾ ਲਿਆ।