ਪੱਤਰ ਪ੍ਰੇਰਕ
ਮਾਨਸਾ, 15 ਅਕਤੂਬਰ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਸੂਬੇ ਵਿਚਲੀ ਭਗਵੰਤ ਮਾਨ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਹੁਣ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਚੋਣਾਂ ਜਿੱਤਣ ਲਈ ਪੰਜਾਬੀਆਂ ਦੇ ਕਰੋੜਾਂ ਰੁਪਏ ਪਾਣੀ ਦੀ ਤਰ੍ਹਾਂ ਰੋੜ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 24 ਸਤੰਬਰ ਨੂੰ ਪਏ ਮੀਂਹ ਕਾਰਨ ਗਰੀਬ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਮਾਨ ਸਰਕਾਰ ਨੂੰ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪੰਜਾਬ ਦੇ ਮਜ਼ਦੂਰਾਂ, ਦਲਿਤਾਂ ਨੂੰ ਮੁੱਖ ਮੰਤਰੀ ਮਾਨ ਤੋਂ ਭਲੇ ਦੀ ਉਮੀਦ ਕਰਨ ਦੀ ਥਾਂ ਆਪਣੀ ਆਜ਼ਾਦ ਤਾਕਤ ਬਣਾਉਣ ਲਈ ਜਥੇਬੰਦ ਹੋਣਾ ਪਵੇਗਾ। ਉਹ ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਦਿਨ-ਰਾਤ ਦੇ ਪੱਕੇ ਮੋਰਚੇ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ਅਤੇ ਦਿਹਾੜੀ 700 ਰੁਪਏ ਕਰਾਉਣ ਲਈ 31 ਅਕਤੂਬਰ ਨੂੰ ਮਾਨਸਾ ਵਿੱਚ ਸੂਬਾ ਪੱਧਰੀ ਇਕੱਠ ਕੀਤਾ ਜਾ ਰਿਹਾ ਹੈ।
ਮਾਨਸਾ ਵਿਖੇ ਸੂਬਾ ਪੱਧਰੀ ਇਕੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਕਾਨੂੰਨ ਤਹਿਤ ਮਜ਼ਦੂਰਾਂ ਨੂੰ ਭਾਵੇਂ 100 ਦਿਨ ਕੰਮ ਦੀ ਗਾਰੰਟੀ ਹੈ,ਪਰ ਮਨਰੇਗਾ ਕਾਨੂੰਨ ਤਹਿਤ ਮਜ਼ਦੂਰਾਂ ਦੀ ਕਿਰਤ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਿਆਨਕ ਮਹਿੰਗਾਈ ਦੇ ਯੁੱਗ ਵਿਚ ਮਨਰੇਗਾ ਦੀ ਦਿਹਾੜੀ 282 ਰੁਪਏ ਵਿੱਚੋਂ ਵੀ ਮਜ਼ਦੂਰਾਂ ਨੂੰ ਪੂਰੀ ਮਜ਼ਦੂਰੀ ਨਹੀਂ ਮਿਲਦੀ ਹੈ। ਇਸ ਮੌਕੇ ਜਰਨੈਲ ਸਿੰਘ ਮਾਨਸਾ, ਕੁਲਵੀਰ ਸਿੰਘ, ਮਨਿੰਦਰ ਕੌਰ, ਭਜਨਾ ਸਿੰਘ, ਗਗਨਦੀਪ ਸਿੰਘ ਨੇ ਵੀ ਸੰਬੋਧਨ ਕੀਤਾ।