ਪੱਤਰ ਪ੍ਰੇਰਕ
ਮਹਿਲ ਕਲਾਂ, 7 ਅਗਸਤ
ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਵੱਲੋਂ ਬਰਸੀ ਸਮਾਗਮ ਦੀਆਂ ਤਿਆਰੀਆਂ ਤਹਿਤ ਅੱਜ ਇਤਿਹਾਸਕ ਪਿੰਡ ਰਾਏਸਰ ਵਿਖੇ ਸ਼ਹੀਦਾਂ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਵੱਲੋਂ ਆਪਣੇ ਪਿੰਡ ਰਾਏਸਰ ਦੀਆਂ ਉੱਘੀਆਂ ਸ਼ਖਸ਼ੀਅਤਾਂ ਲੋਕ ਕਵੀ ਸੰਤ ਰਾਮ ਉਦਾਸੀ ਅਤੇ ਨਕਸਲਵਾੜੀ ਲਹਿਰ ਦੇ ਸ਼ਹੀਦ ਮੇਹਰ ਸਿੰਘ ਮੰਡਵੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਹਨਾਂ ਵੱਲੋਂ ਜਬਰ ਖਿਲਾਫ ਲੜਨ ਦੇ ਇਤਿਹਾਸ ਨੂੰ ਚੇਤੇ ਕੀਤਾ ਗਿਆ। ਇਨਕਲਾਬੀ ਕੇਂਦਰ ਪੰਜਾਬ ਦੀ ਅਗਵਾਈ ਹੇਠ ਕੀਤੇ ਇਸ ਮਾਰਚ ਮੌਕੇ ਹਰਸ਼ਾ ਸਿੰਘ, ਹਰਪ੍ਰੀਤ ਸਿੰਘ, ਇੰਦਰਪਾਲ ਸਿੰਘ, ਕਰਨਪਾਲ ਸਿੰਘ, ਅਮਨਦੀਪ ਸਿੰਘ ਆਦਿ ਨੇ ਕਿਹਾ ਕਿ ਸਮਾਜਿਕ ਚਣੌਤੀਆਂ ਨਾਲ ਨਜਿੱਠਣ ਦੀ ਮਹੱਤਤਾ ਬਾਰੇ ਸਾਨੂੰ ਚੇਤਨ ਹੋਣਾ ਚਾਹੀਦਾ ਹੈ। ਇਸ ਮੌਕੇ ਬੀਕੇਯੂ ਏਕਤਾ (ਡਕੌਂਦਾ) ਦੇ ਬਲਾਕ ਪ੍ਰਧਾਨ ਜਗਰਾਜ ਹਰਦਾਸਪੁਰਾ, ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਸੁਖਵਿੰਦਰ ਠੀਕਰੀਵਾਲਾ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਆਗੂ ਬਾਰੂ ਮੁਹੰਮਦ ਨੇ ਔਰਤਾਂ ਵਿਰੁੱਧ ਜਬਰ ਖਿਲਾਫ ਜਥੇਬੰਦ ਹੋਣ ਦਾ ਸੁਨੇਹਾ ਦਿੰਦਿਆਂ 12 ਅਗਸਤ ਨੂੰ ਸ਼ਹੀਦ ਕਿਰਨਜੀਤ ਕੌਰ ਦੇ ਸ਼ਰਧਾਂਜਲੀ ਸਮਾਗਮ ਮੌਕੇ ਮਹਿਲ ਕਲਾਂ ਪਹੁੰਚਣ ਦੀ ਅਪੀਲ ਕੀਤੀ।