ਮਜ਼ਦੂਰਾਂ ਦੇ ਹੱਕਾਂ ਲਈ ਡਟਣ ਦਾ ਅਹਿਦ
ਸ਼ਹੀਦਾਂ ਦੀ ਯਾਦ ਵਿੱਚ ਝੰਡਾ ਲਹਿਰਾਇਆ; ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਨਿਖੇਧੀ
ਮਈ ਦਿਵਸ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਮੁਲਾਜ਼ਮ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਮਜ਼ਦੂਰ ਦਿਵਸ ਮਨਾਇਆ ਗਿਆ। ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ (ਟੈਕਨੀਸ਼ੀਅਨ ਅਤੇ ਦਰਜਾ 4) ਵੱਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਵਾਟਰ ਵਰਕਸ ਕੰਪਲੈਕਸ ਵਿੱਚ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਜਥੇਬੰਦੀ ਦਾ ਝੰਡਾ ਲਹਿਰਾਇਆ ਗਿਆ।
ਸਮਾਗਮ ਵਿੱਚ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਤੱਖੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਆਗੂਆਂ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਜਲ ਘਰਾਂ ਵਿੱਚ ਸੇਵਾ-ਮੁਕਤੀ ਕਾਰਨ ਖਾਲੀ ਹੋਈਆਂ ਹਜ਼ਾਰਾਂ ਅਸਾਮੀਆਂ ਨੂੰ ਤੁਰੰਤ ਰੈਗੂਲਰ ਭਰਤੀ ਰਾਹੀਂ ਭਰਿਆ ਜਾਵੇ। ਇਸੇ ਤਰ੍ਹਾਂ ਬਿਜਲੀ ਤੇ ਰੋਡਵੇਜ਼ ਕਰਮਚਾਰੀਆਂ ਵੱਲੋਂ ਵੀ ਮਈ ਦਿਵਸ ਮਨਾਉਂਦਿਆਂ ਹੱਕਾਂ ਲਈ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ।
ਏਲਨਾਬਾਦ (ਜਗਤਾਰ ਸਮਾਲਸਰ): ਨਗਰ ਪਾਲਿਕਾ ਦਫ਼ਤਰ ਏਲਨਾਬਾਦ ਵਿੱਚ ਮਜ਼ਦੂਰ ਸੰਗਠਨਾਂ ਵੱਲੋਂ ਮਈ ਦਿਵਸ ਮੌਕੇ ਰੈਲੀ ਕੀਤੀ ਗਈ। ਕਾਮਰੇਡ ਸੁਰਜੀਤ ਸਿੰਘ ਅਤੇ ਸਰਬਜੀਤ ਸਿੱਧੂ ਸਮੇਤ ਬੁਲਾਰਿਆਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕੇਂਦਰ ਵੱਲੋਂ ਲਾਗੂ ਕੀਤੇ ਚਾਰ ਲੇਬਰ ਕੋਡਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕੰਮ ਦੇ ਘੰਟੇ ਤੈਅ ਕੀਤੇ ਜਾਣ ਅਤੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ। ਸਭਾ ਤੋਂ ਬਾਅਦ ਸ਼ਹਿਰ ਵਿੱਚ ਰੈਲੀ ਕੀਤੀ ਗਈ।
ਰਾਮਪੁਰਾ ਫੂਲ (ਪੱਤਰ ਪ੍ਰੇਰਕ): ਰਾਮਪੁਰਾ ਦੀ ਜੱਸਾ ਮੱਸਾ ਧਰਮਸ਼ਾਲਾ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਮਈ ਦਿਵਸ ਮਨਾਇਆ ਗਿਆ। ਸਮਾਗਮ ਉਪਰੰਤ ਸ਼ਹਿਰ ਵਿੱਚ ਮਾਰਚ ਕੀਤਾ ਗਿਆ। ਇਨਕਲਾਬੀ ਕੇਂਦਰ ਦੇ ਜਗਜੀਤ ਸਿੰਘ ਲਹਿਰਾ ਅਤੇ ਬੀ ਕੇ ਯੂ ਡਕੌਂਦਾ ਦੇ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਕਿਰਤੀਆਂ ਨੂੰ ਅੱਜ ਫਿਰ ਵੱਡੇ ਸੰਘਰਸ਼ਾਂ ਦੀ ਲੋੜ ਹੈ।
ਬਾਘਾ ਪੁਰਾਣਾ (ਕਿਰਨਦੀਪ ਸਿੰਘ ਬੰਬੀਹਾ): ਮਾਊਂਟ ਇੰਟਰਨੈਸ਼ਨਲ ਸਕੂਲ ਬਾਘਾ ਪੁਰਾਣਾ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀਂ ਮਜ਼ਦੂਰਾਂ ਦੇ ਸਮਾਜਿਕ ਯੋਗਦਾਨ ਅਤੇ ਹੱਕਾਂ ਪ੍ਰਤੀ ਜਾਗਰੂਕਤਾ ਦਾ ਸੁਨੇਹਾ ਦਿੱਤਾ। ਸਕੂਲ ਦੇ ਡਾਇਰੈਕਟਰ ਸੰਦੀਪ ਮਹਿਤਾ ਅਤੇ ਹੈੱਡ ਮੈਡਮ ਖੁਸ਼ਪ੍ਰੀਤ ਕੌਰ ਨੇ ਮਜ਼ਦੂਰਾਂ ਨੂੰ ਦੇਸ਼ ਦੀ ਤਰੱਕੀ ਦਾ ਅਹਿਮ ਹਿੱਸਾ ਦੱਸਿਆ।
ਫਿਰੋਜ਼ਪੁਰ (ਜਸਪਾਲ ਸਿੰਘ ਸੰਧੂ): ਟੈਕਨੀਕਲ ਸਰਵਿਸਿਜ਼ ਯੂਨੀਅਨ ਫਿਰੋਜ਼ਪੁਰ ਵੱਲੋਂ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਲਾਲ ਸਲਾਮ ਪੇਸ਼ ਕੀਤਾ ਗਿਆ। ਆਗੂਆਂ ਨੇ 1886 ਦੀ ਖ਼ੂਨੀ ਝੜਪ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਿਵੇਂ ਮਜ਼ਦੂਰਾਂ ਦੀ ਸ਼ਹਾਦਤ ਨਾਲ ਚਿੱਟਾ ਝੰਡਾ ਲਾਲ ਹੋਇਆ ਸੀ। ਜਸਵੰਤ ਸਿੰਘ ਪੱਟੀ ਅਤੇ ਸੁਰਜੀਤ ਸ਼ਰਮਾ ਸਮੇਤ ਹੋਰਨਾਂ ਬੁਲਾਰਿਆਂ ਨੇ ਮੌਜੂਦਾ ਸਾਮਰਾਜਵਾਦੀ ਸਿਸਟਮ ਵਿਰੁੱਧ ਇੱਕਜੁੱਟ ਹੋਣ ਅਤੇ ਕੰਮ ਦੇ ਘੰਟਿਆਂ ਦੀ ਲੁੱਟ ਖ਼ਿਲਾਫ਼ ਲਾਮਬੰਦ ਹੋਣ ਦਾ ਹੋਕਾ ਦਿੱਤਾ।
ਸ਼ਹਿਣਾ (ਪ੍ਰਮੋਦ ਕੁਮਾਰ ਸਿੰਗਲਾ): ਕਸਬਾ ਸ਼ਹਿਣਾ ਅਤੇ ਨੇੜਲੇ ਪਿੰਡਾਂ ਬੱਲੋਕੇ, ਗਿੱਲ ਕੋਠੇ ਤੇ ਉੱਗੋਕੇ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਮਜ਼ਦੂਰ ਦਿਵਸ ਮਨਾਇਆ ਗਿਆ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਸੰਗਠਨ ਸਕੱਤਰ ਗੁਰਵਿੰਦਰ ਸਿੰਘ ਨਾਮਧਾਰੀ ਨੇ ਕਿਹਾ ਕਿ ਆਜ਼ਾਦੀ ਦੇ 78 ਸਾਲਾਂ ਬਾਅਦ ਵੀ ਮਜ਼ਦੂਰਾਂ ਦੀ ਆਰਥਿਕ ਹਾਲਤ ਬਦਤਰ ਹੈ। ਕਿਰਤੀ ਮਜ਼ਦੂਰ ਯੂਨੀਅਨ ਨੇ ਵੀ ਸ਼ਹੀਦਾਂ ਦੇ ਪਾਏ ਪੂਰਨਿਆਂ ’ਤੇ ਚੱਲਣ ਦਾ ਅਹਿਦ ਲਿਆ।
ਸ਼ਿਕਾਗੋ ਦੇ ਸ਼ਹੀਦਾਂ ਦੀ ਸਿਜਦਾ
ਭੁੱਚੋ ਮੰਡੀ (ਪੱਤਰ ਪ੍ਰੇਰਕ): ਭੁੱਚੋ ਮੰਡੀ ਅਤੇ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਉਂਦਿਆਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਿਜਦਾ ਕੀਤਾ। 66 ਕੇ ਵੀ ਗਰਿੱਡ ਅਤੇ ਲਹਿਰਾ ਮੁਹੱਬਤ ਥਰਮਲ ਪਲਾਂਟ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਅਤੇ ਠੇਕਾ ਮੁਲਾਜ਼ਮ ਯੂਨੀਅਨ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ 44 ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਚਾਰ ਲੇਬਰ ਕੋਡਾਂ ਵਿੱਚ ਬਦਲਣਾ ਮਜ਼ਦੂਰਾਂ ਨਾਲ ਧ੍ਰੋਹ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਨਗਰ ਨਿਗਮ ਦੇ ਸਫ਼ਾਈ ਸੇਵਕਾਂ ਦਾ ਸਨਮਾਨ
ਅਬੋਹਰ (ਪੱਤਰ ਪ੍ਰੇਰਕ): ਮਜ਼ਦੂਰ ਦਿਵਸ ਮੌਕੇ ਅਬੋਹਰ ਨਗਰ ਨਿਗਮ ਵਿੱਚ ਸਫ਼ਾਈ ਕਰਮਚਾਰੀਆਂ ਅਤੇ ਮਜ਼ਦੂਰਾਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਤੋਹਫ਼ੇ ਭੇਟ ਕੀਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਅਰੁਣ ਨਾਰੰਗ ਨੇ ਕਿਹਾ ਕਿ ਮਜ਼ਦੂਰ ਸਮਾਜ ਦਾ ਸਭ ਤੋਂ ਅਹਿਮ ਅੰਗ ਹਨ, ਜੋ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ। ਇਸ ਮੌਕੇ ਭਾਵੁਕ ਹੁੰਦਿਆਂ ਉਨ੍ਹਾਂ ਕਿਹਾ, ‘ਮੇਰਾ ਦਿਲ ਕਰਦਾ ਹੈ ਕਿ ਨਿਗਮ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰ ਦਿੱਤਾ ਜਾਵੇ।’ ਕਰਮਚਾਰੀਆਂ ਵੱਲੋਂ ਹਲਕਾ ਇੰਚਾਰਜ ਨੂੰ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਸ੍ਰੀ ਨਾਰੰਗ ਨੇ ਭਰੋਸਾ ਦਿਵਾਇਆ ਕਿ ਉਹ ਇਨ੍ਹਾਂ ਮੰਗਾਂ ਨੂੰ ਸਰਕਾਰ ਕੋਲ ਪਹੁੰਚਾ ਕੇ ਹੱਲ ਕਰਵਾਉਣ ਲਈ ਪੂਰੀ ਵਾਹ ਲਾਉਣਗੇ।

