ਜੋਗਿੰਦਰ ਸਿੰਘ ਮਾਨ
ਮਾਨਸਾ, 23 ਅਕਤੂਬਰ
ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਲੋਕਾਂ ਦੀ ਮਦਦ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ 2 ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ਵਾਲੇ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਬਿਜਲੀ ਬਿੱਲਾਂ ਦਾ ਬਕਾਇਆ ਮੁਆਫ਼ ਕਰ ਦਿੱਤਾ ਹੈ ਅਤੇ ਬਕਾਇਆ ਮੁਆਫ਼ ਕਰਨ ਦੀ ਇਸ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਪਿੰਡ ਅਤੇ ਸ਼ਹਿਰ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਪਾਵਰਕੌਮ ਦੀਆਂ ਟੀਮਾਂ ਯੋਗ ਬਿਨੈਕਾਰਾਂ ਤੋਂ ਫਾਰਮ ਪ੍ਰਾਪਤ ਕਰਨ ਲਈ ਲਗਾਤਾਰ ਕਾਰਜਸ਼ੀਲ ਹਨ ਅਤੇ ਬਿਨਾਂ ਕਿਸੇ ਜਾਤ-ਪਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਹਰ ਕਿਸੇ ਨੂੰ ਇਸ ਯੋਜਨਾ ਦਾ ਲਾਭ ਮੁਹੱਈਆ ਕਰਵਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮਾਨਸਾ ਸਥਿਤ ਐੱਸਡੀਓ (ਸ਼ਹਿਰੀ) ਇੰਜ. ਅੰਮ੍ਰਿਤਪਾਲ ਨੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਕੈਂਪ ਜਾਰੀ ਹਨ ਅਤੇ ਬਿਨੈਕਾਰਾਂ ਨੂੰ ਬਣਦਾ ਲਾਭ ਮੁਹੱਈਆ ਕਰਵਾਉਣ ਲਈ ਵਿਭਾਗੀ ਕਾਰਵਾਈ ਵੀ ਨਾਲੋ-ਨਾਲ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਹੁਕਮ
ਮਾਨਸਾ (ਪੱਤਰ ਪ੍ਰੇਰਕ): ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਜਲ ਸਪਲਾਈ ਅਤੇ ਸੀਵਰੇਜ ਵਿਭਾਗ ਦੇ ਨਾਲ ਕਾਰਜਸਾਧਕ ਅਫ਼ਸਰ ਮਾਨਸਾ ਨਾਲ ਮੀਟਿੰਗ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਜਾਰੀ ਗਰਾਂਟ ਨਾਲ ਮਾਨਸਾ ਸ਼ਹਿਰ ਨੂੰ ਸਫ਼ਾਈ ਅਤੇ ਸੁਵਿਧਾਵਾਂ ਪੱਖੋਂ ਹੋਰ ਵਧੀਆ ਬਣਾਉਣ ਲਈ ਵੱਖ-ਵੱਖ ਪ੍ਰਾਜੈਕਟਾਂ ਨੂੰ ਤਰਜੀਹ ਦੇ ਆਧਾਰ ’ਤੇ ਨੇਪਰੇ ਚਾੜ੍ਹਨ ਲਈ ਕਿਹਾ। ਵਿਧਾਇਕ ਮਾਨਸ਼ਾਹੀਆ ਨੇ ਸ਼ਹਿਰ ਦੇ ਅੰਡਰ ਬਿ੍ਰਜ ਦੀ ਮੁਰੰਮਤ, ਟੋਭੇ ਦੇ ਪ੍ਰਾਜੈਕਟ, ਗੰਦੇ ਪਾਣੀ ਦੀ ਨਿਕਾਸੀ, ਸ਼ਹਿਰ ਦੀ ਸਫ਼ਾਈ ਅਤੇ ਸੀਵਰੇਜ ਬਾਰੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।