ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 2 ਨਵੰਬਰ
ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁੱਧ 30 ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਸੜਕਾਂ, ਰੇਲਵੇ ਸਟੇਸ਼ਨ ਤੇ ਰਿਲਾਇੰਸ ਪੰਪਾਂ ’ਤੇ ਲਗਾਇਆ ਧਰਨਾ 33ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਬੂਟਾ ਸਿੰਘ ਬੁਰਜ ਗਿੱਲ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੋ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਹਕੂਮਤ ਨੇ ਜੋ ਖੇਤੀ ਵਿਰੋਧੀ ਤਿੰਨ ਕਾਲੇ ਕਨੂੰਨ ਜਾਰੀ ਕੀਤੇ ਹਨ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਭਾਰਤ ਦੇਸ਼ ਦੀਆਂ ਪੰਜ ਸੌ ਜਥੇਬੰਦੀਆਂ ਦੇ ਸੱਦੇ 5 ਨਵੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ ਸੱਦੇ ਨੂੰ ਕਬੂਲਦਿਆਂ ਰਾਮਪੁਰਾ ਮੌੜ ਚੌਕ ਜੀ ਟੀ ਰੋਡ ’ਤੇ ਧਰਨਾ ਲਗਾ ਕੇ ਆਵਾਜਾਈ ਬੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਫੰਡ ਵਿੱਚੋਂ ਕਿਸਾਨਾਂ ਨੂੰ ਬਾਹਰ ਰੱਖ ਕੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ । ਇੱਕ ਦੇਸ਼ ਇੱਕ ਮੰਡੀ ਫਸਲਾਂ ਦੀ ਵੇਚ ਵੱਟ ਸਬੰਧੀ ਕਾਨੂੰਨ ਨਾਲ ਸਮੁੱਚਾ ਕਿਸਾਨ ਵਰਗ, ਮਜ਼ਦੂਰ , ਪੱਲੇਦਾਰ ਆੜ੍ਹਤੀਆ ਵਰਗ ਛੋਟੇ ਵਪਾਰੀ ਮੰਡੀ ਨਾਲ਼ ਜੁੜੇ ਮੁਲਾਜ਼ਮ ਵਿਹਲੇ ਹੋ ਜਾਣਗੇ ਅਤੇ ਵਸਤਾਂ ਦੀ ਜਮਾਂਖੋਰੀ ਕਰਨ ਨਾਲ ਵੱਡੇ ਵੱਡੇ ਕਾਰਪੋਰੇਟ ਘਰਾਣੇ ਮਾਲਾ-ਮਾਲ ਹੋ ਜਾਣਗੇ।
ਠੇਕਾ ਮੁਲਾਜ਼ਮਾਂ ਵੱਲੋਂ ਚੱਕਾ ਜਾਮ ਸੰਘਰਸ਼ ’ਚ ਸ਼ਾਮਲ ਹੋਣ ਦਾ ਐਲਾਨ
ਭੁੱਚੋ ਮੰਡੀ(ਪੱਤਰ ਪ੍ਰੇਰਕ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਖੇਤੀ ਕਨੂੰਨਾਂ ਖ਼ਿਲਾਫ਼ ਸੰਘਰਸ਼ ਲੜ ਰਹੀਆਂ ਕਿਸਾਨ ਜੱਥੇਬੰਦੀਆਂ ਵੱਲੋਂ 5 ਨਵੰਬਰ ਨੂੰ ਕੀਤੇ ਜਾ ਰਹੇ ਚੱਕਾ ਜਾਮ ਸੰਘਰਸ਼ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। ਠੇਕਾ ਮੁਲਾਜ਼ਮ ਯੂਨੀਅਨ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਜਗਰੂਪ ਸਿੰਘ ਅਤੇ ਜਨਰਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਠੇਕਾ ਮੁਲਾਜ਼ਮ ਵੱਡੀ ਗਿਣਤੀ ਵਿੱਚ ਵੱਖ-ਵੱਖ ਥਾਵਾਂ ’ਤੇ ਜਾਮ ਸੰਘਰਸ਼ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਇਨ੍ਹਾਂ ਸੰਘਰਸ਼ਾਂ ਵਿੱਚ ਭਰਵਾਂ ਸਹਿਯੋਗ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮਾਂ ਦੀ ਪੱਕੀ ਭਰਤੀ ਦੀ ਮੰਗ ਦੀ ਭੂਰਤੀ ਲਈ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮ 8 ਨਵੰਬਰ ਨੂੰ ਜਲੰਧਰ ਦੇ ਦੇਸ ਭਗਤ ਯਾਦਗਾਰ ਹਾਲ ਵਿੱਚ ਸੂਬਾ ਪੱਧਰੀ ਕਨਵੈਨਸ਼ਨ ਕਰਨਗੇ ਅਤੇ ਸੂਬਾ ਪੱਧਰੀ ਸੰਘਰਸ਼ ਦੀ ਰੂਪਰੇਖਾ ਉਲੀਕਣਗੇ।