ਪੰਜਾਬ ਦੇ ਹੜ੍ਹਾਂ ਪਿੱਛੇ ‘ਆਪ’ ਅਤੇ ਭਾਜਪਾ ਦੀ ਸਾਜ਼ਿਸ਼: ਡਾਲਵੀ
ਕੁਲ ਹਿੰਦ ਕਾਂਗਰਸ ਦੇ ਸਕੱਤਰ ਅਤੇ ਪੰਜਾਬ ਦੇ ਸਹਿ-ਇੰਚਾਰਜ ਰਵਿੰਦਰ ਰਾਉ ਉੱਤਮ ਡਾਲਵੀ ਅਤੇ ਵਿਧਾਇਕ ਪ੍ਰਗਟ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਾਇਆ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਹੋ ਰਹੇ ਨੁਕਸਾਨ ਪਿੱਛੇ ਦੋਵੇਂ ਸਰਕਾਰਾਂ ਦੀ ‘ਸਾਜ਼ਿਸ਼ੀ ਮਿਲੀਭੁਗਤ’ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਡਾਲਵੀ ਨੇ ਕਿਹਾ ਕਿ ਭਾਜਪਾ ਸਿਆਸੀ ਖੇਡ ਰਾਹੀਂ ਪਾਣੀ ਨਾਲ ਪੰਜਾਬ ਨੂੰ ਡੋਬਣਾ ਚਾਹੁੰਦੀ ਹੈ, ਤਾਂ ਕਿ ਉਹ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਭਾਜਪਾ ਦੀ ਇਸ ਸਾਜ਼ਿਸ਼ ’ਚ ਆਮ ਆਦਮੀ ਪਾਰਟੀ, ਭਾਜਪਾ ਦੀ ‘ਬੀ’ ਟੀਮ ਵਜੋਂ ਕੰਮ ਕਰ ਰਹੀ ਹੈ। ਵਿਧਾਇਕ ਪ੍ਰਗਟ ਸਿੰਘ ਨੇ ਆਖਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਕੁਦਰਤੀ ਆਫ਼ਤ ਨਹੀਂ ਐਲਾਨਦੀ, ਉਦੋਂ ਤੱਕ ਕੇਂਦਰੀ ਫੰਡ ਨਹੀਂ ਮਿਲੇਗਾ। ਉਨ੍ਹਾਂ ਮਾਨ ਸਰਕਾਰ ’ਤੇ ਦੋਸ਼ ਲਾਇਆ ਕਿ ਉਸ ਨੇ ਕਦੇ ਵੀ ਹੜ੍ਹਾਂ ਦੀ ਰੋਕਥਾਮ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗਾਂ ਨਹੀਂ ਕੀਤੀਆਂ, ਅਤੇ ਇਸੇ ਕਾਰਨ ਸੂਬੇ ਦੇ ਹਾਲਾਤ ਵਿਗੜੇ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਹੜ੍ਹਾਂ ਸਦਕਾ ਹੋਏ ਨੁਕਸਾਨ ਲਈ ਫੌਰੀ ਮੁਆਵਜ਼ੇ ਦੀ ਅਦਾਇਗੀ ਦਾ ਐਲਾਨ ਕਰਨ ਅਤੇ ਹੜ੍ਹਾਂ ਨੂੰ ਕੁਦਰਤੀ ਆਫ਼ਤ ਐਲਾਨ ਕੇ ਕੇਂਦਰ ਸਰਕਾਰ ਤੋਂ ਫੰਡ ਮੰਗਣ। ਇਸ ਮੌਕੇ ਪੰਜਾਬ ਕਾਂਗਰਸ ਦੇ ਬੁਲਾਰੇ ਹਰਦੀਪ ਸਿੰਘ ਕਿੰਗਰਾ, ਜ਼ਿਲ੍ਹਾ ਕਾਂਗਰਸ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਖ਼ੁਸ਼ਬਾਜ਼ ਸਿੰਘ ਜਟਾਣਾ, ਜ਼ਿਲ੍ਹਾ (ਸ਼ਹਿਰੀ) ਦੇ ਪ੍ਰਧਾਨ ਰਾਜਨ ਗਰਗ, ਮਾਰਕਫ਼ੈੱਡ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਕਿਰਨਜੀਤ ਸਿੰਘ ਗਹਿਰੀ, ਮਾਧੋ ਸ਼ਰਮਾ, ਲਖਵਿੰਦਰ ਸਿੰਘ ਲੱਕੀ ਸਮੇਤ ਕਈ ਹੋਰ ਕਾਂਗਰਸੀ ਆਗੂ ਹਾਜ਼ਰ ਸਨ।
ਅਬੋਹਰ (ਪੱਤਰ ਪ੍ਰੇਰਕ): ਕਾਂਗਰਸੀ ਆਗੂ ਰਵਿੰਦਰ ਡਾਲਵੀ ਨੇ ਬੱਲੂਆਣਾ ਹਲਕੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਅਬੋਹਰ ਦੀ ਅਰੋੜਾਵੰਸ਼ ਧਰਮਸ਼ਾਲਾ ਵਿਖੇ ਹੋਈ ਇਸ ਮੀਟਿੰਗ ਵਿੱਚ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਮੀਟਿੰਗ ਵਿੱਚ ਰਵਿੰਦਰ ਡਾਲਵੀ ਨੇ ਮਿਸ਼ਨ 2027 ਵਿੱਚ ਸ਼ਾਨਦਾਰ ਜਿੱਤ ਲਈ ਕਾਂਗਰਸ ਪਾਰਟੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਬਾਰੇ ਗੱਲਬਾਤ ਕੀਤੀ ਅਤੇ ਅਹੁਦੇਦਾਰਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਦੱਸਿਆ।