ਸੁੰਦਰ ਨਾਥ ਆਰਿਆ
ਅਬੋਹਰ, 15 ਫਰਵਰੀ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਿਧਾਨ ਸਭਾ ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਅਬੋਹਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਨਹਿਰਾਂ ਦੀ ਮੁੜ ਉਸਾਰੀ ਕਰਵਾਈ ਜਿਸ ਦਾ ਲਾਭ ਸਾਰੇ ਕਿਸਾਨਾਂ ਨੂੰ ਮਿਲਿਆ ਹੈ। ਮਾਲਵਾ ਵਿੱਚ ਕਪਾਹ ਅਤੇ ਕਿੰਨੂ ਦੇ ਉਤਪਾਦਨ ਵਿੱਚ ਨਵੇਂ ਰਿਕਾਰਡ ਬਣੇ ਹਨ। ਕਿਸਾਨਾਂ ਨੂੰ ਨਰਮੇ ਦਾ ਸਭ ਤੋਂ ਵੱਧ ਭਾਅ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿਰੁੱਧ ਪ੍ਰਚਾਰ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਖੇਤੀ ਕਾਨੂੰਨਾਂ ਦੇ ਮਾਮਲੇ ਵਿੱਚ ਭਾਜਪਾ ਦੀ ਅਗਵਾਈ ਵਾਲੀ ਐੱਨ.ਡੀ.ਏ. ਸਰਕਾਰ ਦਾ ਸਮਰਥਨ ਕੀਤਾ ਤੇ ਕਿਸਾਨਾਂ ਨੂੰ ਬਦਨਾਮ ਕੀਤਾ।
ਸ੍ਰੀ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਨੂੰ ਮਿਲਣ ਵਾਲੇ ਪਾਣੀ ਨੂੰ ਘੱਟ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਅਤੇ ਪ੍ਰਦੂਸ਼ਣ ਦੇ ਮਾਮਲੇ ਵਿੱਚ ਸਾਰਾ ਕਸੂਰ ਪੰਜਾਬ ਦੇ ਕਿਸਾਨਾਂ ਸਿਰ ਮੜ੍ਹ ਦਿੱਤਾ। ਅਸਲੀਅਤ ਇਹ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਫਲ ਅਤੇ ਸਬਜ਼ੀਆਂ ਉਗਾਉਣ ਅਤੇ ਘੱਟ ਪਾਣੀ ਦੀ ਖਪਤ ਵਾਲੀਆਂ ਫਸਲਾਂ ਉਗਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ। ਪਿਛਲੀ ਅਕਾਲੀ-ਭਾਜਪਾ ਸਰਕਾਰ ਐਗਰੋ ਜੂਸ ਫੈਕਟਰੀ ਨੂੰ ਵੇਚਣ ਦਾ ਇਰਾਦਾ ਰੱਖਦੀ ਸੀ ਪਰ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਨਾ ਸਿਰਫ ਇਸ ਫੈਕਟਰੀ ਦਾ ਵਿਸਥਾਰ ਹੋਇਆ, ਸਗੋਂ ਗਾਜਰ ਉਤਪਾਦਨ ਲਈ ਨਵੇਂ ਸਾਧਨ ਮੁਹੱਈਆ ਕਰਵਾਏ ਗਏ। ਉਨ੍ਹਾਂ ਕਿਹਾ ਕਿ ਖੇਤੀ ਵਿਕਾਸ ਦਾ ਲਾਭ ਸ਼ਹਿਰਾਂ ਵਿੱਚ ਵਸੇ ਮੱਧ ਵਰਗੀ ਪਰਿਵਾਰਾਂ ਨੂੰ ਹਮੇਸ਼ਾ ਮਿਲਦਾ ਰਹਿੰਦਾ ਹੈ। ਲੋਕ ਬਿਨਾਂ ਕਿਸੇ ਭੇਦਭਾਵ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਦੀ ਮਹਿਕ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਪਿੰਡ ਦੌਲਤਪੁਰਾ, ਕੱਲਰਖੇੜਾ, ਪੰਨੀਵਾਲਾ ਮਾਹਲਾ, ਗੁਮਜਾਲ, ਉਸਮਾਨਖੇੜਾ ਅਤੇ ਤੂਤਵਾਲਾ ਆਦਿ ਵਿੱਚ ਵੋਟਰਾਂ ਨੂੰ ਸੰਬੋਧਨ ਕੀਤਾ।
ਸ਼ਹਿਣਾ (ਪ੍ਰਮੋਦ ਕੁਮਾਰ ਸਿੰਗਲਾ): ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਭਦੌੜ ਤੋਂ ਉਮੀਦਵਾਰ ਸਤਨਾਮ ਸਿੰਘ ਰਾਹੀ ਨੂੰ ਜਿਤਾਉਣ ’ਤੇ ਵਜੀਰ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਇੱਥੇ ਪਾਰਟੀ ਉਮੀਦਵਾਰ ਦੇ ਹੱਕ ’ਚ ਪ੍ਰਚਾਰ ਕਰਨ ਲਈ ਆਏ ਹੋਏ ਸਨ ਅਤੇ ਇਹ ਐਲਾਨ ਉਨ੍ਹਾਂ ਨੇ ਆਪਣੇ ਭਾਸ਼ਣ ਦੌਰਾਨ ਕੀਤਾ।