ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 18 ਦਸੰਬਰ
ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੇ ਅੱਜ ਚੋਣ ਮੁਹਿੰਮ ਦੀ ਸ਼ੁਰੂਆਤ ਆਪਣੇ ਜੱਦੀ ਪਿੰਡ ਮਚਾਕੀ ਖੁਰਦ ਤੋਂ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਲੱਡੂਆਂ ਨਾਲ ਤੋਲਿਆ ਅਤੇ ਆਗਾਮੀ ਚੋਣਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਦੌਰਾਨ ਜੋ ਵਾਅਦੇ ਕਰੇਗੀ, ਉਹ ਹਾਰ ਹਾਲਤ ਵਿੱਚ ਪੂਰੇ ਕੀਤੇ ਜਾਣਗੇ। ਪਰਮਜੀਤ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ, ਧੰਨਾ ਸਿੰਘ ਅਤੇ ਬਲਵੀਰ ਸਿੰਘ ਨੇ ਕਿਹਾ ਕਿ ਗੁਰਦਿੱਤ ਸਿੰਘ ਸੇਖੋਂ ਬਾਸਕਟਬਾਲ ਦਾ ਕੌਮੀ ਖਿਡਾਰੀ ਰਿਹਾ ਹੈ ਅਤੇ ਉਨ੍ਹਾਂ ਨੇ ਲੰਬਾ ਸਮਾਂ ਦੇਸ਼ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਜੱਦੀ ਪਿੰਡ ਤੋਂ ਚੋਣ ਮੁਹਿੰਮ ਸ਼ੁਰੂ ਕਰਕੇ ਪਿੰਡ ਦਾ ਮਾਣ ਵਧਾਇਆ ਹੈ। ਪਿੰਡ ਵਾਸੀਆਂ ਨੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।