SAD holds Press Conference: ‘ਆਪ’ ਨੇ ਚੋਣਾਂ ਜਿੱਤੀਆਂ ਨਹੀਂ, ਲੁੱਟੀਆਂ: ਬਬਲੀ ਢਿੱਲੋਂ
ਵੋਟਾਂ ਦੀ ਮੁੜ ਗਿਣਤੀ ਲਈ ਹਾਈ ਕੋਰਟ ਜਾਣ ਦਾ ਐਲਾਨ
ਬਠਿੰਡਾ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਸੱਤਾਧਾਰੀ ਆਮ ਆਦਮੀ ਪਾਰਟੀ ’ਤੇ ਗੰਭੀਰ ਦੋਸ਼ ਲਾਏ ਹਨ। ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੋਸ਼ ਲਾਇਆ ਕਿ ‘ਆਪ’ ਨੇ ਚੋਣਾਂ ਲੋਕਤੰਤਰੀ ਢੰਗ ਨਾਲ ਨਹੀਂ ਜਿੱਤੀਆਂ ਸਗੋਂ ਸੱਤਾ ਦੇ ਜ਼ੋਰ ’ਤੇ ਲੁੱਟੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ 26 ਮਈ ਨੂੰ ਹੋਈ ਵੋਟਿੰਗ ਦੌਰਾਨ ਕਈ ਪੋਲਿੰਗ ਬੂਥਾਂ ’ਤੇ ਧੱਕੇਸ਼ਾਹੀ ਕੀਤੀ ਗਈ ਅਤੇ ਜਾਅਲੀ ਵੋਟਾਂ ਭੁਗਤਾਉਣ ਦੇ ਮਾਮਲੇ ਸਾਹਮਣੇ ਆਏ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਵਰਕਰਾਂ ਅਤੇ ਏਜੰਟਾਂ ਨੂੰ ਦਬਾਅ ਹੇਠ ਰੱਖਿਆ ਗਿਆ, ਜਿਸ ਨਾਲ ਚੋਣਾਂ ਦੀ ਨਿਰਪੱਖਤਾ ’ਤੇ ਸਵਾਲ ਖੜ੍ਹੇ ਹੁੰਦੇ ਹਨ।ਉਨ੍ਹਾਂ ਦੋਸ਼ ਲਾਇਆ ਕਿ ਵੋਟਾਂ ਦੀ ਗਿਣਤੀ ਦੌਰਾਨ ਪਾਰਦਰਸ਼ਤਾ ਨਹੀਂ ਰੱਖੀ ਗਈ ਅਤੇ ਜਿਨ੍ਹਾਂ ਵਾਰਡਾਂ ਵਿੱਚ ਵਿਰੋਧੀ ਉਮੀਦਵਾਰ ਅੱਗੇ ਸਨ, ਉੱਥੇ ਬੇਨਿਯਮੀਆਂ ਕਰ ਕੇ ਨਤੀਜੇ ਪ੍ਰਭਾਵਿਤ ਕੀਤੇ ਗਏ। ਬਬਲੀ ਢਿੱਲੋਂ ਅਨੁਸਾਰ ਗਿਣਤੀ ਕੇਂਦਰਾਂ ਵਿੱਚ ਸੱਤਾਧਾਰੀ ਪਾਰਟੀ ਦੇ ਆਗੂਆਂ ਦੀ ਮੌਜੂਦਗੀ ਰਹੀ ਜਦਕਿ ਵਿਰੋਧੀ ਧਿਰਾਂ ਦੇ ਇਤਰਾਜ਼ਾਂ ਨੂੰ ਨਜ਼ਰ-ਅੰਦਾਜ਼ ਕੀਤਾ ਗਿਆ। ਅਕਾਲੀ ਆਗੂ ਨੇ ਕਿਹਾ ਕਿ ਪਾਰਟੀ ਵੋਟਾਂ ਦੀ ਮੁੜ ਗਿਣਤੀ ਲਈ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਡਿਪਟੀ ਕਮਿਸ਼ਨਰ ਕੋਲ ਮਾਮਲਾ ਰੱਖੇਗੀ ਤੇ ਜੇਕਰ ਇਨਸਾਫ਼ ਨਾ ਮਿਲਿਆ ਤਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਤੰਤਰ ਦੀ ਰੱਖਿਆ ਅਤੇ ਵੋਟਰਾਂ ਦੇ ਅਧਿਕਾਰਾਂ ਲਈ ਕਾਨੂੰਨੀ ਲੜਾਈ ਜਾਰੀ ਰੱਖੇਗਾ। ਇਸ ਮੌਕੇ ਦਲਜੀਤ ਸਿੰਘ ਬਰਾੜ, ਦਰਸ਼ਨ ਸਿੰਘ ਰੋਮਾਣਾ, ਇਕਬਾਲ ਸਿੰਘ ਮਿਠੜੀ, ਪਰਮਪਾਲ ਸਿੰਘ ਸਿੱਧੂ, ਰਵਿੰਦਰ ਸਿੰਘ ਚੀਮਾ, ਗੁਰਪ੍ਰੀਤ ਸਿੰਘ ਸੰਧੂ, ਰਾਜਬਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ ਭੂਪਾ, ਹਰਪ੍ਰੀਤ ਸਿੰਘ ਹੈਪੀ, ਕਰਮਯੋਗ ਸਿੰਘ ਮਾਨ, ਜਗਜੀਤ ਸਿੰਘ ਭੁੱਲਰ ਅਤੇ ਹੋਰ ਅਕਾਲੀ ਆਗੂ ਹਾਜ਼ਰ ਹਨ।

