‘ਆਪ’ ਸਰਕਾਰ ਹਰ ਮੁਹਾਜ਼ ’ਤੇ ਫੇਲ੍ਹ: ਜ਼ੀਰਾ
ਪੱਤਰ ਪ੍ਰੇਰਕ
ਜ਼ੀਰਾ, 21 ਮਾਰਚ
ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਕਾਂਗਰਸ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਯੂਥ ਕਾਂਗਰਸ ਵੱਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਨੌਕਰੀ ਦਿਓ ਨਸ਼ਾ ਨਹੀਂ' ਮੁਹਿੰਮ ਤਹਿਤ ਭਲਕੇ 22 ਮਾਰਚ ਨੂੰ ਵਿਸ਼ਾਲ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ।
ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਟਰੈਕਟਰ ਮਾਰਚ ਵਿੱਚ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਊਦੈ ਭਾਨੂੰ ਅਤੇ ਮੋਹਿਤ ਮਹਿੰਦਰਾ, ਪ੍ਰਧਾਨ ਯੂਥ ਕਾਂਗਰਸ ਪੰਜਾਬ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਮਾਰਚ ਦਾਣਾ ਮੰਡੀ ਪਿੰਡ ਖੋਸਾ ਦਲ ਸਿੰਘ ਤੋਂ ਸਵੇਰੇ 8 ਵਜੇ ਫਿਰੋਜ਼ਪੁਰ ਛਾਉਣੀ ਦੀ ਦਾਣਾ ਮੰਡੀ ਲਈ ਰਵਾਨਾ ਹੋਵੇਗਾ ਜੋ ਅੱਗੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੱਕ ਜਾਵੇਗਾ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਦਰਿਆ ਸੂਬੇ ਦੀ ਜਵਾਨੀ ਨੂੰ ਡੋਬ ਰਿਹਾ ਹੈ ਪਰ ਸੂਬਾ ਸਰਕਾਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ’ਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਪੰਜਾਬ ਦੇ ਨੌਜਵਾਨ ਨੌਕਰੀਆਂ ਲਈ ਸੰਘਰਸ਼ ਕਰਦੇ ਹੋਏ ਆਤਮ ਹੱਤਿਆਵਾਂ ਦੇ ਰਾਹ ਪੈ ਰਹੇ ਹਨ।