ਯੂਨੀਅਨ ’ਤੇ ਕਬਜ਼ੇ ਕਰ ਕੇ ਟਰੱਕ ਅਪਰੇਟਰਾਂ ਦਾ ਸ਼ੋਸ਼ਣ ਕਰ ਰਹੀ ਹੈ ‘ਆਪ’: ਢਿੱਲੋਂ
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਸੱਤਾਧਿਰ ਵੱਲੋਂ ਟਰੱਕ ਯੂਨੀਅਨਾਂ ਉੱਪਰ ਕਬਜ਼ੇ ਕਰ ਕੇ ਟਰੱਕ ਅਪਰੇਟਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਨੂੰ ਤੁਰੰਤ ਬੰਦ ਕਰਨ ਦੀ ਲੋੜ ਹੈ। ਵਿਧਾਇਕ ਕਾਲਾ ਢਿੱਲੋਂ ਪਿੰਡ ਠੁੱਲ੍ਹੀਵਾਲ ਵਿੱਚ ਮਹਿਲ ਕਲਾਂ ਦੇ ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ ਦੇ ਗ੍ਰਹਿ ਵਿੱਚ ਗੱਲਬਾਤ ਕਰ ਰਹੇ ਸਨ। ਵਿਧਾਇਕ ਕਾਲਾ ਢਿੱਲੋਂ ਨੇ ਕਿਹਾ ਕਿ ਟਰੱਕ ਯੂਨੀਅਨ ਬਰਨਾਲਾ ਵਿੱਚ ਵੱਡੇ ਪੱਧਰ ’ਤੇ ਕਥਿਤ ਘਪਲਾ ਕੀਤਾ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਟਰੱਕ ਅਪਰੇਟਰਾਂ ਨੂੰ ਕੋਈ ਵੀ ਜਾਣਕਾਰੀ ਨਹੀਂ ਹੈ। ਟਰੱਕ ਅਪਰੇਟਰ ਚਾਹੁੰਦੇ ਹਨ ਕਿ ਟਰੱਕ ਯੂਨੀਅਨ ਦਾ ਪ੍ਰਧਾਨ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰੇ ਅਤੇ ਕਿਸੇ ਦਾ ਵੀ ਕੋਈ ਪੱਖ-ਪਾਤ ਨਾ ਕਰੇ। ਉਨ੍ਹਾਂ ਕਿਹਾ ਕਿ ਟਰੱਕ ਯੂਨੀਅਨਾਂ ਦਾ ਪ੍ਰਬੰਧ ਟਰੱਕ ਅਪਰੇਟਰਾਂ ਹਵਾਲੇ ਹੀ ਕਰਨਾ ਚਾਹੀਦਾ ਹੈ ਜਦੋਂਕਿ ਅੱਜ ਦੀ ਘੜੀ ਸੱਤਾਧਿਰ ਨਾਲ ਸਬੰਧਤ ਲੋਕ ਟਰੱਕ ਯੂਨੀਅਨ ਉੱਪਰ ਕਾਬਜ਼ ਹਨ। ਵਿਧਾਇਕ ਢਿੱਲੋਂ ਨੇ ਕਿਹਾ ਕਿ ਜੇ 2027 ਵਿੱਚ ਕਾਂਗਰਸ ਦੀ ਸਰਕਾਰ ਆਈ ਤਾਂ ਟਰੱਕ ਯੂਨੀਅਨ ਦਾ ਪ੍ਰਬੰਧ ਟਰੱਕ ਅਪਰੇਟਰਾਂ ਹਵਾਲੇ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਵਿਧਾਇਕ ਕਾਲਾ ਢਿੱਲੋਂ ਨੇ ਨਗਰ ਕੌਂਸਲ ਬਰਨਾਲਾ ਵਿੱਚ ਵੱਡੇ ਪੱਧਰ ’ਤੇ ਕਥਿਤ ਘਪਲੇਬਾਜ਼ੀ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਨਗਰ ਕੌਂਸਲ ਵਿੱਚ ਵਿਕਾਸ ਦੇ ਕੰਮਾਂ ਵਿੱਚ ਕਥਿਤ ਹੇਰਾ-ਫੇਰੀ ਚੱਲ ਰਹੀ ਹੈ। ਇਸ ਮਾਮਲੇ ਨੂੰ ਉਹ ਵਿਧਾਨ ਸਭਾ ਵਿੱਚ ਉਠਾ ਕੇ ਇਸ ਦੀ ਜਾਂਚ ਦੀ ਮੰਗ ਕਰਨਗੇ। ਵਿਧਾਇਕ ਨੇ ਕਿਹਾ ਕਿ ਅੱਜ ਦੀ ਘੜੀ ਸੂਬੇ ਦੀ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੈ। ਸਰਕਾਰ ਦਿਖਾਵੇਬਾਜ਼ੀ ਤੋਂ ਬਿਨਾਂ ਕੋਈ ਕੰਮ ਨਹੀਂ ਕਰ ਸਕੀ। ਖ਼ਾਸ ਕਰ ਕੇ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਦੇਣ ਵਿੱਚ ਵੀ ਨਾਕਾਮ ਰਹੀ ਹੈ। ਇਸ ਮੌਕੇ ਬਲਾਕ ਜਨਰਲ ਸਕੱਤਰ ਬਲਵੰਤ ਸ਼ਰਮਾ ਹਮੀਦੀ, ਐਡਵੋਕੇਟ ਜਸਵੀਰ ਸਿੰਘ ਖੇੜੀ ਤੇ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।