‘ਆਪ’ ਵਿਧਾਇਕ ਪਠਾਣ ਮਾਜਰਾ ਦਾ ਪੁਤਲਾ ਫੂਕਿਆ
ਫਾਜ਼ਿਲਕਾ: ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਵਿੱਚ ਪੱਤਰਕਾਰ ਨੂੰ ਸ਼ਰੇਆਮ ਧਮਕੀਆਂ ਦੇਣ ਵਾਲੇ ਆਮ ਆਦਮੀ ਪਾਰਟੀ ਦੇ ਸਨੌਰ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਫਾਜ਼ਿਲਕਾ ਦੇ ਡੀਸੀ ਦਫਤਰ ਸਾਹਮਣੇ ਪੁਤਲਾ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਪੁਤਲਾ ਫੂਕ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਪੱਤਰਕਾਰ ਅਤੇ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਵਰਕਰਾਂ ਅਤੇ ਆਗੂਆਂ ਨੇ ਹਿੱਸਾ ਲਿਆ। ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਜ਼ਿਲ੍ਹਾ ਉਪ ਪ੍ਰਧਾਨ ਪਰਮਜੀਤ ਢਾਬਾਂ ਤੇ ਸੁਖਵਿੰਦਰ ਥਿੰਦ ਬਲਵਿੰਦਰ ਜਲਾਲਾਬਾਦ ਨੇ ਕਿਹਾ ਕਿ ਪੱਤਰਕਾਰਾਂ ’ਤੇ ਸਿਆਸੀ ਦਬਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਤਰ੍ਹਾਂ ਦੀਆਂ ਧਮਕੀਆਂ ਦੇਣ ਵਾਲੇ ਸੱਤਾਧਾਰੀ ਆਗੂਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਪੱਤਰਕਾਰਾਂ ਦੇ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਤੋਂ ਮੰਗ ਕਰਦਿਆਂ ਕਿਹਾ ਕਿ ਪ੍ਰੈਸ ਗੈਲਰੀ ਵਿੱਚ ਸ਼ਰੇਆਮ ਧਮਕੀ ਦੇਣ ਵਾਲੇ ਉਕਤ ਵਿਧਾਇਕ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। -ਨਿੱਜੀ ਪੱਤਰ ਪ੍ਰੇਰਕ