‘ਆਪ’ ਦੇ ਕਿਸਾਨ ਵਿੰਗ ਵੱਲੋਂ ਬਠਿੰਡਾ ਸਰਕਟ ਹਾਊਸ ’ਚ ਮੀਟਿੰਗ
ਬਠਿੰਡਾ ਸਰਕਟ ਹਾਊਸ ਵਿੱਚ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਪੰਜਾਬ ਪ੍ਰਧਾਨ ਮੋਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ। ਉਨ੍ਹਾਂ ਮੀਟਿੰਗ ਦੌਰਾਨ ਪਾਰਟੀ ਦੇ ਵਿਸਥਾਰ ਸਬੰਧੀ ਚਰਚਾ ਕੀਤੀ ਗਈ ਅਤੇ ਨਾਲ ਹੀ ਪੰਜਾਬ ਵਿੱਚ ਹਾਲ ਹੀ ਆਈ ਕੁਦਰਤੀ ਆਫ਼ਤ-ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ। ਪ੍ਰਧਾਨ ਮੋਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਮਾਂ ਪੰਜਾਬ ਦੇ ਲੋਕਾਂ ਨਾਲ ਖੜ੍ਹਨ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਦਾ ਹੈ। ਕਿਸਾਨ ਵਿੰਗ ਕਿਸਾਨਾਂ, ਮਜ਼ਦੂਰਾਂ ਤੋਂ ਇਲਾਵਾ ਹਰ ਵਰਗ ਦੀ ਸੇਵਾ ਲਈ ਤਤਪਰ ਰਹੇਗਾ। ਇਸ ਮੌਕੇ ਮਾਲਵਾ ਜ਼ੋਨ ਦੇ ਇੰਚਾਰਜ ਸਰਦਾਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਸਾਰੇ ਹਾਜ਼ਰ ਸਾਥੀਆਂ ਨੂੰ ਪਾਰਟੀ ਦਾ ਕੰਮ ਇਮਾਨਦਾਰੀ ਅਤੇ ਵਫ਼ਾਦਾਰੀ ਨਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਮਿਹਨਤ ਕਰਨ ਵਾਲੇ ਸਾਥੀਆਂ ਨੂੰ ਵਧੀਆ ਰੁਤਬੇ ਬਖ਼ਸ਼ਦੀ ਹੈ। ਨਾਲ ਹੀ ਅੱਕਾਂਵਾਲੀ ਨੇ ਹੜ੍ਹ-ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸਭ ਨੂੰ ਅੱਗੇ ਆਉਣ ਦਾ ਸੰਦੇਸ਼ ਦਿੱਤਾ। ਇਸੇ ਤਰ੍ਹਾਂ ਮਾਲਵਾ ਜ਼ੋਨ-2 ਦੇ ਇੰਚਾਰਜ ਪਰਮਜੀਤ ਸਿੰਘ ਕੋਟ ਫੱਤਾ ਨੇ ਵੀ ਸਾਰੇ ਸਾਥੀਆਂ ਨੂੰ ਸੰਬੋਧਨ ਕੀਤਾ ਅਤੇ ਇਕਜੁੱਟ ਹੋ ਕੇ ਪਾਰਟੀ ਦੇ ਕਾਰਜਾਂ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ। ਇਸ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਫਾਜ਼ਿਲਕਾ, ਫਿਰੋਜ਼ਪੁਰ ਸਮੇਤ ਹੋਰ ਜ਼ਿਲ੍ਹਿਆਂ ਦੇ ਹਲਕਾ ਇੰਚਾਰਜ ਵੱਡੀ ਗਿਣਤੀ ਵਿੱਚ ਹਾਜ਼ਰ ਸਨ।