AboharNews: ਕਾਂਗਰਸ ਨੇ ਮਹਿੰਗਾਈ ਮੁੱਦੇ ’ਤੇ ਕੇਂਦਰ ਸਰਕਾਰ ਘੇਰੀ
ਅਬੋਹਰ ’ਚ ਮੁਜ਼ਾਹਰਾ ਕੀਤਾ; ਖੰਡ, ਪਿਆਜ਼ ਸਣੇ ਜ਼ਰੂਰੀ ਖੁਰਾਕੀ ਵਸਤਾਂ ਦੇ ਭਾਅ ਵਧਣ ’ਤੇ ਚਿੰਤਾ ਜਤਾਈ
ਵਧਦੀ ਮਹਿੰਗਾਈ ਅਤੇ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤੂਆਂ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਅਬੋਹਰ ਵਿੱਚ ਕਾਂਗਰਸ ਨੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਮ ਲੋਕਾਂ ਨੂੰ ਮਹਿੰਗਾਈ ਤੋਂ ਤੁਰੰਤ ਰਾਹਤ ਦੇਣ ਦੀ ਮੰਗ ਕੀਤੀ।
ਆਗੂਆਂ ਨੇ ਕਿਹਾ ਕਿ ਮਹਿੰਗਾਈ ਨੇ ਆਮ ਅਤੇ ਮੱਧਵਰਗੀ ਪਰਿਵਾਰਾਂ ਦਾ ਘਰੇਲੂ ਬਜਟ ਹਿਲਾ ਦਿੱਤਾ ਹੈ ਤੇ ਤੇ ਸੀਮਤ ਆਮਦਨ ਵਾਲੇ ਪਰਿਵਾਰਾਂ ਲਈ ਰਸੋਈ ਦਾ ਖ਼ਰਚ ਚਲਾਉਣਾ ਦਿਨੋਂ-ਦਿਨ ਔਖਾ ਹੁੰਦਾ ਜਾ ਰਿਹਾ ਹੈ। ਕਾਂਗਰਸ ਦੇ ਜ਼ਿਲ੍ਹਾ ਫਾਜ਼ਿਲਕਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਖੰਡ ਸਮੇਤ ਕਈ ਜ਼ਰੂਰੀ ਖੁਰਾਕੀ ਵਸਤੂਆਂ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਨੇ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ 18 ਦਿਨਾਂ ਦੌਰਾਨ ਖੰਡ ਦੀ ਕੀਮਤ ਲਗਭਗ 45 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ 70 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵੀ ਉੱਪਰ ਪਹੁੰਚਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਪਿਆਜ਼ ਅਤੇ ਰਸੋਈ ਨਾਲ ਜੁੜੀਆਂ ਹੋਰ ਵਸਤੂਆਂ ਦੀਆਂ ਕੀਮਤਾਂ ਵਧਣ ਕਾਰਨ ਲੋਕਾਂ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਖਪਤਕਾਰ ਵਸਤੂਆਂ ਦੀ ਮਹਿੰਗਾਈ ’ਤੇ ਕਾਬੂ ਪਾਉਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਸਿਰਫ਼ ਨੀਤੀਆਂ ਬਣਾਉਣ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਬਾਜ਼ਾਰ ਵਿੱਚ ਜ਼ਰੂਰੀ ਵਸਤੂਆਂ ਦੀ ਲੋੜੀਂਦੀ ਉਪਲਬਧਤਾ ਅਤੇ ਲੋਕਾਂ ਲਈ ਵਾਜਬ ਕੀਮਤਾਂ ਯਕੀਨੀ ਬਣਾਉਣਾ ਵੀ ਜ਼ਰੂਰੀ ਹੈ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਖੰਡ, ਪਿਆਜ਼ ਅਤੇ ਹੋਰ ਜ਼ਰੂਰੀ ਖੁਰਾਕੀ ਵਸਤੂਆਂ ਦੀਆਂ ਕੀਮਤਾਂ ’ਤੇ ਨਜ਼ਰ ਰੱਖਣ ਲਈ ਬਾਜ਼ਾਰਾਂ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਜੇਕਰ ਕਿਤੇ ਜਮ੍ਹਾਂਖੋਰੀ ਜਾਂ ਕਾਲਾਬਾਜ਼ਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸਾਬਕਾ ਮੰਤਰੀ ਡਾ. ਮਹਿੰਦਰ ਸਿੰਘ, ਰਜਿੰਦਰ ਕੌਰ ਹਲਕਾ ਇੰਚਾਰਜ ਬੱਲੂਆਣਾ, ਪ੍ਰਧਾਨ ਘਨਸ਼ਿਆਮ ਮੌਜੂਦ ਸਨ। ਆਗੂਆਂ ਨੇ ਇਕਜੁੱਟ ਹੋ ਕੇ ਕੇਂਦਰ ਸਰਕਾਰ ਤੋਂ ਮਹਿੰਗਾਈ ਨੂੰ ਨੱਥ ਪਾਉਣ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ।

