ਏਡੀਸੀ ਨੇ ਪੰਜੂਆਣਾ ’ਚ ਰਾਤ ਰਹਿ ਕੇ ਲੋਕਾਂ ਦੀਆਂ ਦੀਆਂ ਸਮੱਸਿਆਵਾਂ ਸੁਣੀਆਂ
ਪਿੰਡ ਪੰਜੂਆਣਾ ’ਚ ਏਡੀਸੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪਿੰਡ ’ਚ ਰਹਿ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਨਿਬੇੜਾ ਕੀਤਾ। ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਦੂਰ ਕੀਤਾ ਜਾਏ।
ਏਡੀਸੀ ਵਰਿੰਦਰ ਸਹਿਰਾਵਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਰਾਤਰੀ ਠਹਿਰਾਅ ਪ੍ਰੋਗਰਾਮ ਦਾ ਉਦੇਸ਼ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਣਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ। ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਨੇ ਸਕੂਲ ਦੇ ਵਿਹੜੇ ਵਿੱਚ ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਉਣ ਦਾ ਸੰਦੇਸ਼ ਦਿੱਤਾ। ਵਧੀਕ ਡਿਪਟੀ ਕਮਿਸ਼ਨਰ ਨੇ 55 ਤੋਂ ਵੱਧ ਜਨਤਕ ਸਮੱਸਿਆਵਾਂ ਨੂੰ ਸੁਣਿਆ ਅਤੇ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਰਾਤ ਦੇ ਠਹਿਰਾਅ ਪ੍ਰੋਗਰਾਮ ਦੇ ਹਿੱਸੇ ਵਜੋਂ 15 ਤੋਂ ਵੱਧ ਵਿਭਾਗਾਂ ਨੇ ਦਿਨ ਵੇਲੇ ਸਟਾਲ ਲਾਏ ਤਾਂ ਜੋ ਪਿੰਡ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ ਅਤੇ ਵਿਭਾਗੀ ਮੁੱਦਿਆਂ ਨੂੰ ਹੱਲ ਕੀਤਾ ਜਾ ਸਕੇ। ਪ੍ਰੋਗਰਾਮ ਦੌਰਾਨ ਇੱਕ ਕਬੱਡੀ ਮੈਚ ਵੀ ਕਰਵਾਇਆ ਗਿਆ।
ਏਡੀਸੀ ਨੇ ਕਿਹਾ ਕਿ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਵੱਲੋਂ ਲਿਖਤੀ ਰੂਪ ਵਿੱਚ ਦਿੱਤੀਆਂ ਗਈਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਕੀ ਪੱਧਰ ’ਤੇ ਹੱਲ ਹੋਣ ਵਾਲੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ। ਇਸ ਦੌਰਾਨ ਪਿੰਡ ਦੇ ਨੌਜਵਾਨਾਂ ਤੇ ਵਿਦਿਆਰਥੀਆਂ ਨੇ ਪਿੰਡ ਵਿੱਚ ਬੱਸ ਸਟਾਪ ਦਾ ਮੁੱਦਾ ਉਠਾਇਆ। ਇਸ ’ਤੇ ਏਡੀਸੀ ਨੇ ਤੁਰੰਤ ਕਾਰਵਾਈ ਕਰਦਿਆਂ ਰੋਡਵੇਜ਼ ਅਧਿਕਾਰੀ ਨੂੰ ਕੱਲ੍ਹ ਤੋਂ ਬੱਸ ਸਟਾਪ ਸਥਾਪਤ ਕਰਨ ਲਈ ਸਪੱਸ਼ਟ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪਿੰਡ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਨਸ਼ਾ ਦੁਰਵਰਤੋਂ ਵਿਰੁੱਧ ਖੜ੍ਹੇ ਹੋਣ ਅਤੇ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਪੁਲੀਸ ਨੂੰ ਦੇਣ। ਮੌਜੂਦ ਪਿੰਡ ਵਾਸੀਆਂ ਨੇ ਮੌਕੇ ’ਤੇ ਹੀ ਮਸਲੇ ਦਾ ਹੱਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।