ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪ੍ਰਸ਼ਾਸਨ ਸਰਗਰਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਕਤਸਰ ਸ਼ਹਿਰ ’ਚ ਨਵੀਂ ਸੀਵਰੇਜ ਸਕੀਮ ਦਾ ਨੀਂਹ ਪੱਥਰ ਰੱਖਣ ਲਈ 3 ਨਵੰਬਰ ਨੂੰ ਮੁਕਤਸਰ ’ਚ ਪਹੁੰਚ ਰਹੇ ਹਨ, ਜਿਸ ਦੀਆਂ ਤਿਆਰੀਆਂ ਲਈ ਪ੍ਰਸ਼ਾਸਨ ਵੱਲੋਂ ਮੁੱਖ ਸੜਕਾਂ ਦੀ ਸਫਾਈ, ਖੱਡਿਆਂ ਦੀ ਭਰੋ-ਭਰਾਈ ਤੇ ਸਜਾਵਟ ਸ਼ੁਰੂ ਕਰ ਦਿੱਤੀ ਹੈ। ਵਰ੍ਹਿਆਂ ਤੋਂ ਜਿਨ੍ਹਾਂ ਸੜਕਾਂ ’ਤੇ ਝਾੜੂ ਨਹੀਂ ਫਿਰਿਆ ਹੁਣ ਰਾਤੋ-ਰਾਤ ਉਥੋਂ ਟਰਾਲੀਆਂ ਭਰ-ਭਰ ਕੇ ਕੂੜਾ ਇਕੱਠਾ ਕੀਤਾ ਜਾ ਰਿਹਾ ਹੈ। ਕੋਟਕਪੂਰਾ-ਬਠਿੰਡਾ-ਮਲੋਟ ਬਾਈਪਾਸ ’ਤੇ ਪਏ ਖੱਡੇ ਮਿੱਟੀ ਪਾ ਕੇ ਭਰੇ ਜਾ ਰਹੇ ਹਨ। ਦੂਜੇ ਪਾਸੇ ਸ਼ਹਿਰ ਵਾਸੀਆਂ ਦੀ ਮੰਗ ਹੈ ਕਿ ਸਫ਼ਾਈ ਦਾ ਇਹ ਦੌਰ ਪੱਕੇ ਤੌਰ ’ਤੇ ਚਾਲੂ ਕੀਤਾ ਜਾਵੇ। ਸੜਕਾਂ ਦੇ ਨਾਲ-ਨਾਲ ਗਲੀਆਂ ਦੀ ਸਫ਼ਾਈ ਦਾ ਪ੍ਰਬੰਧ ਵੀ ਕੀਤਾ ਜਾਵੇ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਤੱਕ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੁੱਟੀਆਂ ਲੈਣ ’ਤੇ ਰੋਕ ਲਾ ਦਿੱਤੀ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਤੇ ਕਰਮਚਾਰੀ ਨਾਲ ਬੈਠਕ ਕਰਕੇ ਵਿਸ਼ੇਸ਼ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਏਡੀਸੀ ਨੇ ਦੱਸਿਆ ਕਿ ਮੁੱਖ ਮੰਤਰੀ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਬਹੁਤ ਹੀ ਅਹਿਮ ਸੀਵਰੇਜ ਸਕੀਮ ਦਾ ਨੀਂਹ ਪੱਥਰ ਰੱਖਣਗੇ ਅਤੇ ਇਕੱਠ ਨੂੰ ਸੰਬੋਧਨ ਕਰਨਗੇ। ਪ੍ਰਸ਼ਾਸਨ ਵੱਲੋਂ ਸ਼ਹਿਰ ਦੀ ਸਫਾਈ, ਸੜਕਾਂ ਦੀ ਮੁਰੰਮਤ ਤੇ ਅਵਾਜਾਈ ਦੀ ਨਜ਼ਰਸਾਨੀ ਕੀਤੀ ਜਾ ਰਹੀ ਹੈ।
ਸੀ ਪੀ ਐੱਫ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਦੀ ਮੁਕਤਸਰ ਫੇਰੀ ਦਾ ਵਿਰੋਧ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ 3 ਨਵੰਬਰ ਨੂੰ ਮੁਕਤਸਰ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਜਥੇਬੰਦੀ 2 ਨਵੰਬਰ ਨੂੰ ਜ਼ਿਮਨੀ ਚੋਣ ਵਾਲੇ ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ ਵੀ ਝੰਡਾ ਮਾਰਚ ਕਰਕੇ ਸਰਕਾਰ ਖਿਲਾਫ ਵਿਰੋਧ ਦਰਜ ਕਰਾਵੇਗੀ। ਕਮੇਟੀ ਦੇ ਜ਼ਿਲ੍ਹਾ ਕਨਵੀਨਰ ਹਰਪ੍ਰੀਤ ਸਿੰਘ ਬਰਾੜ ਨੇ ਦੱਸਿਆ ਕਿ 70 ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਦੁਆਰਾ ਨੋਟੀਫਿਕੇਸ਼ਨ ਹੋਣ ਦੇ ਬਾਵਜੂਦ ਵੀ ਕਰਮਚਾਰੀਆਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ 2022 ਵਿੱਚ ਮੁਲਾਜ਼ਮਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ ਕੀਤਾ ਸੀ ਪਰ ਪੁਰਾਣੀ ਪੈਨਸ਼ਨ ਹਾਲੇ ਤੱਕ ਲਾਗੂ ਨਹੀਂ ਹੋਈ। ਸਟੇਟ ਕਮੇਟੀ ਮੈਂਬਰ ਰਣਜੀਤ ਸਿੰਘ ਭਲਾਈਆਣਾ ਨੇ ਕਿਹਾ ਕਿ ਮੋਜੂਦਾ ਪੰਜਾਬ ਸਰਕਾਰ ਮੁਲਾਜ਼ਮ ਮਾਰੂ ਸਰਕਾਰ ਸਾਬਿਤ ਹੋਈ ਹੈ। ਜਿਸ ਦੇ ਚੱਲਦਿਆਂ 2 ਨਵੰਬਰ ਨੂੰ ਤਰਨ ਤਾਰਨ ’ਚ ਝੰਡਾ ਮਾਰਚ ਅਤੇ 3 ਨਵੰਬਰ ਨੂੰ ਮੁੱਖ ਮੰਤਰੀ ਦੀ ਮੁਕਤਸਰ ਫੇਰੀ ਦਾ ਵਿਰੋਧ ਕੀਤਾ ਜਾਵੇਗਾ।
 
 
             
            