ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ਾ ਤਸਕਰ ਦੇ ਗੈਰਕਾਨੂੰਨੀ ਕਬਜ਼ੇ ਵਾਲੇ ਘਰ ’ਤੇ ਪ੍ਰਸ਼ਾਸਨ ਦਾ ਸ਼ਿਕੰਜਾ

ਸੰਜੀਵ ਹਾਂਡਾ ਫ਼ਿਰੋਜ਼ਪੁਰ, 13 ਮਈ ਸਥਾਨਕ ਪ੍ਰਸ਼ਾਸਨ ਨੇ ਸਰਹੱਦੀ ਪਿੰਡ ਨਿਹਾਲਾ ਕਿਲਚਾ ਵਿਚ ਨਾਮੀ ਨਸ਼ਾ ਤਸਕਰ ਜੋਗਿੰਦਰ ਸਿੰਘ ਵੱਲੋਂ ਕਥਿਤ ਤੌਰ ’ਤੇ ਸਰਕਾਰੀ ਜ਼ਮੀਨ ਉੱਤੇ ਬਣਾਏ ਗਏ ਘਰ ਨੂੰ ਢਾਹੁਣ ਦੀ ਕਾਰਵਾਈ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਆਰੰਭ ਦਿੱਤੀ ਹੈ।...
Advertisement

ਸੰਜੀਵ ਹਾਂਡਾ

ਫ਼ਿਰੋਜ਼ਪੁਰ, 13 ਮਈ

Advertisement

ਸਥਾਨਕ ਪ੍ਰਸ਼ਾਸਨ ਨੇ ਸਰਹੱਦੀ ਪਿੰਡ ਨਿਹਾਲਾ ਕਿਲਚਾ ਵਿਚ ਨਾਮੀ ਨਸ਼ਾ ਤਸਕਰ ਜੋਗਿੰਦਰ ਸਿੰਘ ਵੱਲੋਂ ਕਥਿਤ ਤੌਰ ’ਤੇ ਸਰਕਾਰੀ ਜ਼ਮੀਨ ਉੱਤੇ ਬਣਾਏ ਗਏ ਘਰ ਨੂੰ ਢਾਹੁਣ ਦੀ ਕਾਰਵਾਈ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਆਰੰਭ ਦਿੱਤੀ ਹੈ। ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਭਾਰੀ ਪੁਲੀਸ ਫੋਰਸ ਸਮੇਤ ਮੌਕੇ ’ਤੇ ਮੌਜੂਦ ਹਨ। ਮੌਕੇ ’ਤੇ ਮੌਜੂਦ ਤਹਿਸੀਲਦਾਰ ਅਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਜਾਇਦਾਦ ਸਰਕਾਰੀ ਜ਼ਮੀਨ ’ਤੇ ਉਸਾਰੀ ਗਈ ਸੀ ਅਤੇ ਇਸ ਸਬੰਧੀ ਪਿਛਲੇ ਕਾਫ਼ੀ ਸਮੇਂ ਤੋਂ ਸਥਾਨਕ ਐਸਡੀਐਮ ਦੀ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹੁਣ ਅਦਾਲਤ ਨੇ ਇਸ ਮਾਮਲੇ ਦਾ ਫ਼ੈਸਲਾ ਸਰਕਾਰ ਦੇ ਹੱਕ ਵਿੱਚ ਸੁਣਾ ਦਿੱਤਾ ਹੈ, ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਇਸ ਇੱਕ ਏਕੜ ਜ਼ਮੀਨ ’ਤੇ ਕਬਜ਼ਾ ਲੈਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਘਰ ਨੂੰ ਢਾਹੁਣ ਤੋਂ ਪਹਿਲਾਂ ਪ੍ਰਸ਼ਾਸਨ ਨੇ ਘਰ ਦੇ ਮਾਲਕ ਨੂੰ ਅੰਦਰ ਪਿਆ ਆਪਣਾ ਸਮਾਨ ਬਾਹਰ ਕੱਢਣ ਦੀ ਪੂਰੀ ਇਜਾਜ਼ਤ ਦਿੱਤੀ ਹੈ।

ਸਰਹੱਦ ਨੇੜਲੇ ਸੁੰਨਸਾਨ ਖੇਤਰ ਵਿੱਚ ਨਸ਼ਾ ਤਸਕਰੀ ਦੀ ਕਥਿਤ ਕਮਾਈ ਨਾਲ ਬਣੇ ਇਸ ਵਿਸ਼ਾਲ ਘਰ ਦੀ ਸੁਰੱਖਿਆ ਪ੍ਰਣਾਲੀ ਵੇਖ ਕੇ ਅਧਿਕਾਰੀ ਵੀ ਹੈਰਾਨ ਰਹਿ ਗਏ। ਘਰ ਦੀਆਂ ਬਾਹਰੀ ਕੰਧਾਂ 'ਤੇ ਚਾਰੇ ਪਾਸੇ ਕੰਡਿਆਲੀ ਤਾਰ ਲਗਾਈ ਗਈ ਹੈ। ਪੁਲੀਸ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਘਰ ਦੇ ਮਾਲਕ ਜੋਗਿੰਦਰ ਸਿੰਘ ਅਤੇ ਉਸ ਦੇ ਪਿਤਾ ਲਾਲ ਸਿੰਘ ਸਮੇਤ ਪਰਿਵਾਰ ਦੇ ਕਈ ਹੋਰ ਮੈਂਬਰ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਕਰੀਬ 29 ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਕੁਝ ਮਾਮਲਿਆਂ ਵਿੱਚ ਇਨ੍ਹਾਂ ਦੋਸ਼ੀਆਂ ਨੂੰ ਸਜ਼ਾਵਾਂ ਵੀ ਹੋ ਚੁੱਕੀਆਂ ਹਨ ਅਤੇ ਕੁਝ ਦਿਨ ਪਹਿਲਾਂ ਹੀ ਪੁਲੀਸ ਨੇ ਇਸ ਘਰ ਵਿੱਚੋਂ ਲੱਖਾਂ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਸੀ। ਪ੍ਰਸ਼ਾਸਨ ਦੀ ਇਸ ਕਾਰਵਾਈ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਇੱਕ ਸਖ਼ਤ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ।

 

Advertisement
Show comments