ਪੁਨੀਤ ਮੈਨਨ
ਧਨੌਲਾ, 29 ਅਕਤੂਬਰ
ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਸਿਵਲ ਹਸਪਤਾਲ ਧਨੌਲਾ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੁੱਝ ਵਿਅਕਤੀ ਦੁੱਧ ਦੀ ਓਟ ਵਿੱਚ ਮਿਲਾਵਟਖੋਰੀ ਕਰ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ। ਮੰਤਰੀ ਨੇ ਕਿਹਾ ਕਿ ਦੁੱਧ ਵਿੱਚ ਮਿਲਾਵਟ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰ ਸਤਵੰਤ ਸਿੰਘ ਔਜਲਾ ਨਾਲ ਸਮੁੱਚੇ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਹਾਜ਼ਰੀ ਰਜਿਸਟਰ ਦੀ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਭਰਤੀ ਮਰੀਜ਼ਾਂ ਦਾ ਹਾਲ-ਚਾਲ ਜਾਨਣ ਤੋਂ ਇਲਾਵਾ ਪਖਾਨਿਆਂ ਦਾ ਨਿਰੀਖਣ ਵੀ ਕੀਤਾ।
ਹਸਪਤਾਲ ਦੇ ਪ੍ਰਬੰਧਾਂ ’ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਸੂਬੇ ਭਰ ਦੇ ਹਸਪਤਾਲਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਲਾਜ ਲਈ ਆਉਂਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਜਾਣਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਪੱਤਰਕਾਰਾਂ ਵੱਲੋਂ ਮਿਲਾਵਟਖੋਰੀ ਦੇ ਸਬੰਧ ਵਿੱਚ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਮਿਲਾਵਟਖੋਰ ਆਪਣਾ ਧੰਦਾ ਛੱਡ ਦੇਣ, ਇਸ ਤਰ੍ਹਾਂ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁੱਝ ਵਿਅਕਤੀ ਦੁੱਧ ਦੀ ਓਟ ਵਿੱਚ ਮਿਲਾਵਟਖੋਰੀ ਕਰ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ। ਮੰਤਰੀ ਨੇ ਕਿਹਾ ਕਿ ਦੁੱਧ ਵਿੱਚ ਮਿਲਾਵਟ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਅਰੀਆਂ ਦੀ ਜਾਂਚ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ। ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਵਿਭਾਗ ਵੱਲੋਂ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਐੱਸਐੱਮਓ ਸ੍ਰੀ ਔਜਲਾ ਨੇ ਕਿਹਾ ਕਿ ਸਿਵਲ ਹਸਪਤਾਲ ਧਨੌਲਾ ਦੇ ਮੁਲਾਜ਼ਮਾਂ ਵੱਲੋਂ ਮਰੀਜ਼ਾਂ ਦੀ ਸਾਂਭ-ਸੰਭਾਲ ਚੰਗੇ ਤਰੀਕੇ ਨਾਲ ਕੀਤੀ ਜਾ ਰਹੀ ਹੈ।
ਹਸਪਤਾਲ ਵਿਚ ਕੂੜੇ ਵਿੱਚੋਂ ਦਵਾਈਆਂ ਮਿਲਣ ਦਾ ਮਾਮਲਾ ਸ਼ਿਕਾਇਤਕਰਤਾ ਮਹਿੰਦਰਪਾਲ ਸਿੰਘ ਦਾਨਗੜ੍ਹ ਨੇ ਸਿਹਤ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਇਸ ਬਾਰੇ ਮੰਤਰੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਤੇ ਇਸ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗ਼ਲਤੀ ਲਈ ਜ਼ਿੰਮੇਵਾਰ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।