ਰਵਿੰਦਰ ਰਵੀ/ਪਰਸ਼ੋਤਮ ਬੱਲੀ
ਬਰਨਾਲਾ, 29 ਅਗਸਤ
ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਦੁੱਧ ਤੇ ਹੋਰ ਖੁਰਾਕ ਪਦਾਰਥਾਂ ’ਚ ਮਿਲਾਵਟ ਕਰ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਹਿਮ ਬੈਠਕ ਨੂੰ ਸੰਬੋਧਨ ਕਰ ਰਹੇ ਸਨ।
ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਮਿਲਾਵਟਖੋਰਾਂ ਖ਼ਿਲਾਫ਼ ਸਖਤੀ ਦਿਖਾਏ ਅਤੇ ਵੱਧ ਤੋਂ ਵੱਧ ਸੈਂਪਲ ਭਰੇ ਜਾਣ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੁਰਾਕੀ ਵਸਤਾਂ ਦੇ ਨਮੂਨੇ ਲੈਣ ਦੀ ਮੁਹਿੰਮ ਸਿਰਫ ਤਿਉਹਾਰਾਂ ਦੌਰਾਨ ਹੀ ਨਹੀਂ ਬਲਕਿ ਸਾਰਾ ਸਾਲ ਚਲਾਈ ਜਾਵੇ। ਉਨ੍ਹਾਂ ਦੁੱਧ ਅਤੇ ਦੁੱਧ ਨਾਲ ਬਣਨ ਵਾਲੇ ਉਤਪਾਦਾਂ ਦੇ ਨਮੂਨੇ ਫੇਲ੍ਹ ਹੋਣ ’ਤੇ ਨੇਮਾਂ ਅਨੁਸਾਰ ਭਾਰੀ ਜੁਰਮਾਨਾ ਕਰਨ ਲਈ ਵੀ ਕਿਹਾ।
ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਦਿੱਤੀਆਂ ਜਾਣ ਵਾਲੀਆਂ ਮਸ਼ੀਨਾਂ ਵਿੱਚੋਂ ਜ਼ਿਲ੍ਹੇ ’ਚ 9 ਫ਼ੀਸਦੀ ਮਸ਼ੀਨਾਂ ਕਿਸਾਨਾਂ ਕੋਲ ਨਾ ਹੋਣ ਦੇ ਮਾਮਲੇ ਵਿੱਚ ਸ੍ਰੀ ਜੌੜੇਮਾਜਰਾ ਨੇ ਹਦਾਇਤ ਕੀਤੀ ਕਿ ਜਿਹੜੇ ਵੀ ਲੋਕ ਇਸ ਧਾਂਦਲੀ ਵਿੱਚ ਸ਼ਾਮਲ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਦਿਆਂ 15 ਦਿਨਾਂ ਦੇ ਅੰਦਰ ਰਿਪੋਰਟ ਉਨ੍ਹਾਂ ਕੋਲ ਜਮ੍ਹਾਂ ਕਰਵਾਈ ਜਾਵੇ। ਇਸ ਤੋਂ ਇਲਾਵਾ ਗਲਤ ਉਮਰ ਤੇ ਹੋਰ ਸਬੂਤਾਂ ਦੇ ਆਧਾਰ ਉੱਤੇ ਪੈਨਸਨ ਦਾ ਲਾਭ ਲੈਣ ਵਾਲੇ ਮਾਮਲਿਆਂ ਦਾ ਸਖ਼ਤ ਨੋਟਿਸ ਲੈਂਦਿਆਂ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਗਲਤ ਸਬੂਤ ਤਿਆਰ ਕਰਨ ਵਾਲੇ ਕਾਮਨ ਸਰਵਿਸ ਸੈਂਟਰਾਂ ’ਤੇ ਵੀ ਸ਼ਿਕੰਜਾ ਕੱਸਿਆ ਜਾਵੇ। ਉਨ੍ਹਾਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਪੈਨਸ਼ਨ ਸਬੰਧੀ ਲਗਾਏ ਜਾਣ ਵਾਲੇ ਕੈਂਪਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਲਾਹਾ ਜ਼ਮੀਨੀ ਪੱਧਰ ਤੱਕ ਪਹੁੰਚ ਸਕੇ।
ਸਿਹਤ ਮੰਤਰੀ ਨੇ ਕਿਹਾ ਕਿ ਜਿਹੜੇ ਠੇਕੇਦਾਰਾਂ ਜਾਂ ਏਜੰਸੀਆਂ ਵੱਲੋਂ ਉਸਾਰੀ ਦੇ ਕੰਮ (ਸਰਕਾਰੀ ਇਮਾਰਤਾਂ, ਸੜਕਾਂ ਅਤੇ ਹੋਰ ਸਰਕਾਰੀ ਉਸਾਰੀ ਦੇ ਕੰਮ) ਸਮਾਂਬੱਧ ਨਹੀਂ ਕੀਤੇ ਜਾ ਰਹੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਬਲੈਕਲਿਸਟ ਕੀਤਾ ਜਾਵੇ।