ਪੱਤਰ ਪ੍ਰੇਰਕ
ਮਾਨਸਾ, 5 ਮਈ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਨੇ ਮਾਲਵਾ ਪੱਟੀ ਦੇ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਫਟਾਫਟ ਨਿਬੇੜਨ ਦੀ ਸਲਾਹ ਦਿੱਤੀ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਲੇਟ ਕੀਤੀ ਬਿਜਾਈ ਕਾਰਨ ਅਨੇਕਾਂ ਕਿਸਮ ਦੀਆਂ ਬਿਮਾਰੀਆਂ ਚਿੰਬੜ ਜਾਂਦੀਆਂ ਹਨ, ਜਿਸ ਕਾਰਨ ਫ਼ਸਲ ਦਾ ਝਾੜ ਹੀ ਨਹੀਂ ਘੱਟਦਾ ਸਗੋਂ ਕੀਟਨਾਸ਼ਕ ਦਵਾਈਆਂ ਦਾ ਆਸਰਾ ਲੈਣ ਕਰਕੇ ਵਿੱਤੀ ਬੋਝ ਵੀ ਪੈਂਦਾ ਹੈ। ਖੇਤੀ ਵਿਗਿਆਨੀਆਂ ਨੇ ਕਿਹਾ ਕਿ ਕਪਾਹ ਦੇ ਚੰਗੇ ਝਾੜ ਲਈ ਬਿਜਾਈ ਦਾ ਢੁੱਕਵਾਂ ਸਮਾਂ 15 ਮਈ ਤੱਕ ਹੀ ਬੇਹਤਰ ਮੰਨਿਆ ਜਾਂਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ਼ ਕੇਂਦਰ ਦੇ ਵਿਗਿਆਨੀ ਡਾ. ਜੀ.ਐੱਸ. ਰੋਮਾਣਾ ਨੇ ਮਾਲਵਾ ਪੱਟੀ ਵਿਚ ਨਰਮੇ ਦੀ ਬਿਜਾਈ ਸਬੰਧੀ ਕੀਤੇ ਇੱਕ ਸਰਵੇ ਤੋਂ ਬਾਅਦ ਇਸ ਪੱਤਰਕਾਰ ਨੂੰ ਦੱਸਿਆ ਕਿ ਖੇਤੀਬਾੜੀ ਯੂਨੀਵਰਸਿਟੀ ਵਲੋਂ ਇਸ ਵਾਰ ਬੀ.ਟੀ ਕਾਟਨ ਲਈ ਜਿਹੜੀਆਂ ਕਿਸਮਾਂ ਨੂੰ ਮਾਨਤਾ ਦਿੱਤੀ ਗਈ ਹੈ, ਉਨ੍ਹਾਂ ਦੀ ਕਾਸ਼ਤ ਹੀ ਕੀਤੀ ਜਾਵੇ। ਉਨ੍ਹਾਂ ਮੁਤਾਬਕ ਕਿਸਾਨ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਦੋਗਲੀਆਂ ਬੀ.ਟੀ ਨਰਮੇ ਦੀਆਂ ਕਿਸਮਾਂ ਦੀ ਹੀ ਖੇਤੀ ਕਰਨ। ਡਾ. ਰੋਮਾਣਾ ਨੇ ਦੱਸਿਆ ਕਿ ਇਨ੍ਹਾਂ ਤੋਂ ਬਿਨਾਂ ਕਈ ਵਰਾਇਟੀਆਂ ਨੂੰ ਪੰਜਾਬ ਖੇਤੀਬਾੜੀ ਵਿਭਾਗ ਵੱਲੋਂ ਵੱਖਰੇ ਤੌਰ ‘ਤੇ ਬੀਜਣ ਦੀ ਵੀ ਆਗਿਆ ਦਿੱਤੀ ਗਈ ਹੈ, ਜਿਸ ਸਬੰਧੀ ਕਿਸਾਨ ਮਹਿਕਮੇ ਦੇ ਮਾਹਿਰਾਂ ਨਾਲ ਸਲਾਹ ਕਰ ਸਕਦੇ ਹਨ।