ਨਿੱਜੀ ਪੱਤਰ ਪ੍ਰੇਰਕ
ਮੋਗਾ, 25 ਜੁਲਾਈ
ਸੂਬੇ ’ਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਮਗਰੋਂ ਹਾਕਮ ਧਿਰ ਦੇ ਵਿਧਾਇਕ ਭੜਾਸ ਕੱਢਣ ਲੱਗ ਪਏ ਹਨ। ਕਾਂਗਰਸੀ ਵਿਧਾਇਕਾਂ ਦੀ ਭੜਾਸ ਤੋਂ ਸਪਸ਼ਟ ਹੈ ਕਿ ਉਨ੍ਹਾਂ ’ਤੇ ਅਫਸਰਸ਼ਾਹੀ ਭਾਰੂ ਹੈ। ਉਹ ਆਪਣੀ ਸਰਕਾਰ ਵਿੱਚ ਹੀ ਅਫ਼ਸਰਾਂ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ। ਸਥਾਨਕ ਹਾਕਮ ਧਿਰ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਬਿਆਨ ਜਾਰੀ ਕਰਕੇ ਅਫ਼ਸਰਸ਼ਾਹੀ ਖ਼ਿਲਾਫ਼ ਖੂਬ ਭੜਾਬ ਕੱਢੀ। ਉਨ੍ਹਾਂ ਆਖਿਆ ਕਿ ਸਿੱਧੂ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਮਗਰੋਂ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਸੁਣਵਾਈ ਕਰਨੀ ਪਵੇਗੀ, ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਹ ਧਰਨੇ ਲਾਉਣਗੇ। ਉਨ੍ਹਾਂ ਕਿਹਾ ਕਿ ਸਿੱਧੂ ਦੇ ਪ੍ਰਧਾਨ ਬਣਨ ਨਾਲ ਵਰਕਰਾਂ ਅਤੇ ਆਮ ਲੋਕਾਂ ਦੇ ਚਿਹਰਿਆਂ ’ਤੇ ਰੌਣਕ ਹੈ ਅਤੇ ਸਮੁੱਚੇ ਪੰਜਾਬ ਵਿਚ ਜਸ਼ਨ ਵਰਗਾ ਮਾਹੌਲ ਹੈ। ਵਿਧਾਇਕ ਕੁਲਦੀਪ ਸਿੰਘ ਵੈਦ ਨੇ ਵੀ ਆਖਿਆ ਕਿ ਉਨ੍ਹਾਂ ਨੇ ਤਾਂ 2 ਸਾਲ ਪਹਿਲਾਂ ਹੀ ਵਿਧਾਨ ਸਭਾ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਅਫ਼ਸਰਸ਼ਾਹੀ ਬੇਲਗਾਮ ਹੋਣ ਬਾਰੇ ਸਪਸ਼ਟ ਕਰ ਦਿੱਤਾ ਸੀ। ਬਾਘਾਪੁਰਾਣਾ ਤੋਂ ਵਿਧਾਇਕ ਦਰਸ਼ਨ ਸਿੰਘ ਬਰਾੜ ਵੀ ਆਪਣੀ ਹੀ ਸਰਕਾਰ ’ਤੇ ਤਨਜ਼ ਕੱਸ ਰਹੇ ਹਨ। ਉਨ੍ਹਾਂ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਨੇ ਸੁੱਤੀ ਪਈ ਸਾਡੀ ਸਰਕਾਰ ਨੂੰ ਜਗਾ ਦਿੱਤਾ ਹੈ।