ਪੱਤਰ ਪ੍ਰੇਰਕ
ਮਾਨਸਾ, 21 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਮਾਨਸਾ ਨੇੜਲੇ ਪਿੰਡ ਖਿਆਲਾ ਕਲਾਂ ਵਿਖੇ ਕੇਂਦਰ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਅਰਥੀ ਫੂਕੀ ਗਈ। ਜਥੇਬੰਦੀ ਦਾ ਕਹਿਣਾ ਹੈ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕਠਪੁਤਲੀ ਬਣਕੇ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਕਰ ਰਹੀ ਹੈ। ਜਥੇਬੰਦੀ ਦੇ ਆਗੂ ਲਖਵੀਰ ਸਿੰਘ ਖਿਆਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਫੈਸਲੇ ਨਾਲ ਦੇਸ਼ ਦੇ ਨੌਜਵਾਨਾਂ ਦਾ ਮਨੋਬਲ ਡਿੱਗਿਆ ਅਤੇ ਉਨ੍ਹਾਂ ਵਿੱਚ ਦੇਸ਼ ਭਗਤੀ ਦੀ ਲਹਿਰ ਨੂੰ ਵੱਡੀ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤਾ ਜਾਣਗੇ।
ਨਿਹਾਲ ਸਿੰਘ ਵਾਲਾ/ਮੋਗਾ (ਪੱਤਰ ਪ੍ਰੇਰਕ): ਮੋਗਾ ਵਿੱਚ ਨੌਜਵਾਨ ਭਾਰਤ ਸਭਾ ਵੱਲੋਂ ਫੌਜ ਦੀ ਅਗਨੀਪਥ ਭਰਤੀ ਸਕੀਮ ਦਾ ਵਿਰੋਧ ਕਰਦਿਆਂ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ। ਸੂਬਾ ਆਗੂ ਕਰਮਜੀਤ ਮਾਣੂਕੇ ਨੇ ਅਗਨੀਪਥ ਯੋਜਨਾ ਨੂੰ ਕਾਰਪੋਰੇਟ ਦੀ ਸੇਵਾ ਲਈ ਸਸਤੀ ਭਰਤੀ ਉਪਲੱਬਧ ਕਰਾਉਣ, ਆਰਆਰਐਸ ਦੇ ਕੇਡਰ ਨੂੰ ਸਰਕਾਰੀ ਪੈਸੇ ’ਤੇ ਬੰਦੂਕ ਦੀ ਟ੍ਰੇਨਿੰਗ ਦੇਣ ਅਤੇ ਮੋਦੀ ਦੀ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰ ਕੀਤਾ ਚੋਣ ਸਟੰਟ ਕਰਾਰ ਦਿੱਤਾ।
ਨੌਜਵਾਨ ਸਭਾ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਨੌਜਵਾਨ ਭਾਰਤ ਸਭਾ ਨੇ ਕੇਂਦਰ ਸਰਕਾਰ ਦੀ ‘ਅਗਨੀਪਥ’ ਸਕੀਮ ਦਾ ਵਿਰੋਧ ਕਰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ| ਇਸ ਮੌਕੇ ਡਿਪਟੀ ਕਮਿਸ਼ਨਰ ਦਫਤਰ ਵਿੱਚ ਮੁਜ਼ਾਹਰਾ ਕਰਦਿਆਂ ਸਭਾ ਦੇ ਆਗੂ ਮੰਗਾ ਸਿੰਘ ਆਜ਼ਾਦ, ਜਗਜੀਤ ਸਿੰਘ ਨਾਬਰ, ਹਰਜਿੰਦਰ ਸਿੰਘ ਖੋਖਰ, ਕੁਲਦੀਪ ਕੌਰ, ਵਿਜੈ ਕੁਮਾਰ ਗੋਇਲ, ਫੌਜੀ ਟਰੇਨਿੰਗ ਦੇ ਵਿਦਿਆਰਥੀ ਗਗਨਦੀਪ ਸਿੰਘ, ਡੈਨੀਅਲ ਸਿੰਘ ਆਦਿ ਨੇ ਕਿਹਾ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਨੌਜਵਾਨਾਂ ਵਿੱਚ ਰੋਸ ਪੈਦਾ ਹੋ ਗਿਆ ਹੈ| ਇਸ ਮੌਕੇ ਉਨ੍ਹਾਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ|
ਸਾਹਿਤਕਾਰਾਂ ਨੇ ਨੌਜਵਾਨਾਂ ਦੇ ਹੱਕ ਵਿਚ ਆਵਾਜ਼ ਉਠਾਈ
ਸਮਾਲਸਰ (ਪੱਤਰ ਪ੍ਰੇਰਕ): ਕੇਂਦਰ ਦੀ ਮੋਦੀ ਸਰਕਾਰ ਨੇ ਫੌਜ ਦੀ ਭਰਤੀ ਸਬੰਧੀ ਅਗਨੀਪਥ ਨਾਮ ਦੀ ਲੋਕ ਵਿਰੋਧੀ ਸਕੀਮ ਸ਼ੁਰੂ ਕਰਕੇ ਇਕ ਵਾਰ ਫਿਰ ਦੇਸ਼ ਦੀ ਅਵਾਮ ਨਾਲ ਮਜ਼ਾਕ ਕੀਤਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨੌਜਵਾਨ ਲੇਖਕ ਜਸਵੰਤ ਗਿੱਲ ਸਮਾਲਸਰ ਅਤੇ ਸਾਹਿਤਕਾਰ ਯਸ਼ ਅਭਿਸ਼ੇਕ ਪੱਤੋ ਨੇ ਆਖਿਆ ਕਿ ਕੇਂਦਰ ਸਰਕਾਰ ਅਗਨੀਪਥ ਸਕੀਮ ਦੁਆਰਾ ਫੌਜ ਦੀ ਚਾਰ ਸਾਲਾ ਭਰਤੀ ਕਰਕੇ ਜਿੱਥੇ ਦੇਸ਼ ਦੇ ਲੋਕਾਂ ਨਾਲ ਧ੍ਰੋਅ ਕਰਨ ਦੀ ਤਿਆਰੀ ਵਿੱਚ ਹੈ, ਉੱਥੇ ਸੈਨਿਕ ਭਰਤੀ ਨੂੰ ਠੇਕਾ ਪ੍ਰਣਾਲੀ ਅਧੀਨ ਲਿਆ ਕੇ ਫੌਜ ਨੂੰ ਵੀ ਕਾਰਪੋਰੇਟ ਘਰਾਣਿਆਂ ਦੀ ਰਖੇਲ ਬਣਾਉਣ ਦੇ ਕੋਝੇ ਯਤਨਾਂ ਵਿਚ ਹੈ।