ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 10 ਜੁਲਾਈ
ਕੇਂਦਰ ਦੀ ਭਾਜਪਾ ਹਕੂਮਤ ਵੱਲੋਂ ਸੈਨਾ ਵਿੱਚ ਭਰਤੀ ਲਈ ਲਿਆਂਦੀ ਗਈ ਅਗਨੀਪਥ ਸਕੀਮ ਬੇਰੁਜ਼ਗਾਰ ਨੌਜਵਾਨਾਂ ਨਾਲ ਕੋਝਾ ਮਜ਼ਾਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਨੇ ਅਗਨੀਪਥ ਸਕੀਮ ਦੇ ਵਿਰੋਧ ਵਿਚ ਪਿੰਡ ਕੋਠਾ ਗੁਰੂ ਵਿਖੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਇਕੱਤਰ ਨੌਜਵਾਨਾਂ ਨੇ ਅਗਨੀਪਥ ਸਕੀਮ ਨੂੰ ਲੈ ਕੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਜਗਮੇਲ ਸਿੰਘ ਨੇ ਕਿਹਾ ਕਿ ਸੰਸਾਰ ਬੈਂਕ ਦੀਆਂ ਹਦਾਇਤਾਂ ਮੰਨ ਕੇ ਅਜਿਹੀਆਂ ਸਕੀਮਾਂ ਬਣਾਉਣੀਆਂ, ਆਜ਼ਾਦ ਕਹਾਉਂਦੀ ਹਕੂਮਤ ਲਈ ਅਤਿ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਰੱਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੰਸਾਰ ਬੈਂਕ ਦੀਆਂ ਹਦਾਇਤਾਂ ਤੇ ਸ਼ਰਤਾਂ ਮੰਨਣੀਆਂ ਬੰਦ ਕਰੇ, ਸੈਨਾ ਤੇ ਹੋਰਨਾਂ ਸਾਰੇ ਵਿਭਾਗਾਂ ਵਿਚ ਪੈਨਸ਼ਨਰੀ ਲਾਭਾਂ ਸਮੇਤ ਪੂਰੀ ਬਣਦੀ ਤਨਖਾਹ ‘ਤੇ ਰੈਗੂਲਰ ਭਰਤੀ ਕੀਤੀ ਜਾਵੇ। ਬੀਕੇਯੂ (ਉਗਰਾਹਾਂ) ਦੇ ਜ਼ਿਲ੍ਹਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਅਤੇ ਬਲਾਕ ਪ੍ਰਧਾਨ ਜਸਪਾਲ ਸਿੰਘ ਪਾਲਾ ਨੇ ਕਿਹਾ ਕਿ ਅਗਨੀਪਥ ਸਕੀਮ ਭਾਜਪਾ ਹਕੂਮਤ ਦੀ ਅੱਖ ਦਾ ਟੀਰ ਬੇਨਕਾਬ ਕਰ ਰਹੀ ਹੈ। ਉਨ੍ਹਾਂ ਕਿਹਾ ਆਮ ਲੋਕਾਂ ’ਤੇ ਬੇਰੁਜ਼ਗਾਰੀ, ਛਾਂਟੀਆਂ ਤੇ ਮਹਿੰਗਾਈ ਦੀ ਮਾਰ ਹੈ।