ਪਰਸ਼ੋਤਮ ਬੱਲੀ
ਬਰਨਾਲਾ, 5 ਮਾਰਚ
ਸੰਯੁੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਬਰਨਾਲਾ ਰੇਲਵੇ ਸਟੇਸ਼ਨ ’ਤੇ ਲੱਗੇ ਧਰਨੇ ਦੇ 156ਵੇਂ ਦਿਨ ਗੁੁਲਾਬ ਸਿੰਘ ਗਿੱਲ, ਯਾਦਵਿੰਦਰ ਸਿੰਘ ਚੌਹਾਨਕੇ, ਬਾਰਾ ਸਿੰਘ ਬਦਰਾ ਤੇ ਬਾਬੂ ਸਿੰਘ ਖੁੱਡੀ ਆਦਿ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਧਰਨੇ ਦੀ ਸੰਚਾਲਨ ਕਮੇਟੀ ਆਪਣੇ ਆਪ ਨੂੰ ਲੰਬੇ ਘੋਲ ਲਈ ਤਿਆਰ ਕਰ ਰਹੀ ਹੈ ਜਿਸ ਤਹਿਤ ਕਮੇਟੀ ਨੇ ਅੰਦੋਲਨ ਦੇ ਖਰਚੇ ਘਟਾਉਣ ਅਤੇ ਕਿਰਾਏ ਦੀ ਬੱਚਤ ਕਰਨ ਲਈ ਧਰਨੇ ਲਈ ਲੋੜੀਂਦਾ ਸਾਮਾਨ ਖੁੁਦ ਖਰੀਦਣਾ ਸ਼ੁੁਰੂ ਕਰ ਦਿੱਤਾ ਹੈ|
ਭੁੱਚੋ ਮੰਡੀ (ਪਵਨ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ 156 ਦਿਨਾਂ ਤੋਂ ਬੈਸਟ ਪ੍ਰਾਈਸ ਮਾਲ ਅਤੇ ਲਹਿਰਾ ਬੇਗਾ ਟੌਲ ਪਲਾਜ਼ਾ ’ਤੇ ਚੱਲ ਰਹੇ ਮੋਰਚੇ ਅੱਜ ਵੀ ਜਾਰੀ ਰਹੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਅੰਦੋਲਨ ਨੂੰ ਕਿਸਾਨਾਂ ਦਾ ਸੰਘਰਸ਼ ਨਾ ਦੱਸ ਕੇ ਢਾਹ ਲਾਉਣ ਦੇ ਯਤਨ ਕਰ ਰਹੀ ਹੈ, ਪਰ ਕਿਸਾਨ ਸਫਲ ਨਹੀਂ ਹੋਣ ਦੇਣਗੇ।
ਸ਼ਹਿਣਾ (ਪ੍ਰਮੋਦ ਕੁਮਾਰ ਸਿੰਗਲਾ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕਾਈ ਸ਼ਹਿਣਾ ਦੇ ਅਹੁਦੇਦਾਰਾਂ ਵੱਲੋਂ ਅੱਜ ਇੱਥੇ ਕੇਂਦਰ ਸਰਕਾਰ ਖਿਲਾਫ਼ ਖੇਤੀ ਕਾਨੂੰਨਾਂ ਅਤੇ ਵਧ ਰਹੀ ਮਹਿੰਗਾਈ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ। ਇਕਾਈ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੇਂਦਰ ਦੀ ਸਰਕਾਰ ਵੱਲੋਂ ਮਹਿੰਗਾਈ ਰੋਕਣ ਵਿਚ ਅਸਫਲ ਰਹੀ ਹੈ।
ਬੁਢਲਾਡਾ (ਐੱਨ.ਪੀ. ਸਿੰਘ): ਦੇਸ਼ ਵਿੱਚ ਕਰੋੜਾਂ ਲੋਕ ਸਿਹਤ, ਸਿੱਖਿਆ, ਮਕਾਨ ਅਤੇ ਪੀਣ ਵਾਲੇ ਪਾਣੀ ਜਿਹੀਆਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ। ਇਸ ਦੇ ਬਾਵਜੂਦ ਦੇਸ਼ ਦੇ ਅਮੀਰਾਂ ਦੀ ਜਾਇਦਾਦ ਵਿੱਚ ਬੇਸ਼ੁਮਾਰ ਵਾਧਾ ਹੋ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੋਂ ਦੇ ਰਿਲਾਇੰਸ ਪੈਟਰੋਲ ਪੰਪ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਸੰਯੁਕਤ ਮੋਰਚੇ ਦੇ ਸਾਂਝੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੁਨੀਅਨ ਡਕੌਂਦਾ ਦੇ ਆਗੂ ਮਿੱਠੂ ਸਿੰਘ ਅਹਿਮਦਪੁਰ, ਕੁੱਲ ਹਿੰਦ ਕਿਸਾਨ ਸਭਾ ਦੇ ਬਲਵੀਰ ਸਿੰਘ ਗੁਰਨੇ ਖੁਰਦ, ਪੰਜਾਬ ਕਿਸਾਨ ਯੁਨੀਅਨ ਦੇ ਆਗੂ ਸਵਰਨ ਸਿੰਘ ਬੋੜਾਵਾਲ ਨੇ ਕੀਤਾ।
ਸਿਰਸਾ (ਪ੍ਰਭੂ ਦਿਆਲ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਸਿੰਘ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫ਼ਿਆਂ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਲਾਇਆ ਗਿਆ ਪੱਕਾ ਮੋਰਚਾ ਜਾਰੀ ਹੈ। ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਬਿਜਲੀ ਮੰਤਰੀ ਦੇ ਘਰ ਨੂੰ ਜਾਣ ਵਾਲੀਆਂ ਸੜਕਾਂ ’ਤੇ ਪੱਕੇ ਤੌਰ ’ਤੇ ਬੈਰੀਕੇਡ ਲਾ ਦਿੱਤੇ ਗਏ ਹਨ।