ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 17 ਫਰਵਰੀ
ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਇੱਥੋਂ ਦੀ ਦਾਣਾ ਮੰਡੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਆਵਾਜ਼ ਬੁਲੰਦ ਕੀਤੀ ਗਈ।
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਕਨਵੀਨਰ ਮਾਸਟਰ ਸੇਵਕ ਸਿੰਘ ਮਹਿਮਾ ਸਰਜਾ ਤੇ ਜ਼ਿਲ੍ਹਾ ਕਮੇਟੀ ਮੈਂਬਰ ਤੀਰਥ ਸਿੰਘ ਕੋਠਾ ਗੁਰੂ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਨਾਲ ਜਿੱਥੇ ਕਿਸਾਨਾਂ ’ਤੇ ਵੱਡੀ ਮਾਰ ਪਵੇਗੀ ਉੱਥੇ ਹੀ ਨਿੱਤ ਕਮਾ ਕੇ ਖਾਣ ਵਾਲੇ ਮਜ਼ਦੂਰ ਦੋ ਵਕਤ ਦੀ ਰੋਟੀ ਤੋਂ ਵੀ ਮੁਹਤਾਜ ਹੋ ਜਾਣਗੇ। ਇਸ ਵਾਸਤੇ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਜੋੀ ਬਰਨਾਲਾ ’ਚ ਹੋ ਰਹੀ ਮਜ਼ਦੂਰ-ਕਿਸਾਨ ਏਕਤਾ ਮਹਾਰੈਲੀ ’ਚ ਪਰਿਵਾਰਾਂ ਸਮੇਤ ਸ਼ਮੂਲੀਅਤ ਜ਼ਰੂਰੀ ਕੀਤੀ ਜਾਵੇ। ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਦੱਸਿਆ ਕਿ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਮਜ਼ਦੂਰਾਂ ਦੇ ਰੁਜ਼ਗਾਰ ਦਾ ਉਜਾੜਾ ਹੋਣ ਤੋਂ ਇਲਾਵਾ ਜਨਤਕ ਵੰਡ ਪ੍ਰਣਾਲੀ ਖ਼ਤਮ ਹੋਣ ਅਤੇ ਮਜ਼ਦੂਰਾਂ ਦਾ ਭੁੱਖਮਰੀ ਦਾ ਸ਼ਿਕਾਰ ਹੋਣਾ ਲਾਜ਼ਮੀ ਹੈ। ਕਾਨਫ਼ਰੰਸ ਨੂੰ ਮਨਦੀਪ ਸਿੰਘ ਸਿਵੀਆ, ਰਮਜ਼ਾਨ ਖਾਨ ਅਤੇ ਭਰਾਤਰੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਆਗੂ ਹਰਪ੍ਰੀਤ ਕੌਰ ਜੇਠੂਕੇ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਸੁਖਵੀਰ ਸਿੰਘ ਖੇਮੂਆਣਾ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ।
ਸਾਦਿਕ (ਪੱਤਰ ਪ੍ਰੇਰਕ): ਖੇਤੀ ਕਾਨੂੰਨ ਰੱਦ ਕਰਵਾਉਣ ਤੇ ਸੰਘਰਸ਼ ਦੌਰਾਨ ਝੂਠੇ ਕੇਸ ਪਾ ਕੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਵਾਉਣ ਦੀ ਮੰਗ ਨੂੰ ਲੈ ਕੇ ਨੌਜਵਾਨਾਂ ਕਿਸਾਨਾਂ ਵੱਲੋਂ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਪਿੰਡ ਦੀਪ ਸਿੰਘ ਵਾਲਾ ਤੋਂ ਸ਼ੁਰੂ ਹੋ ਪਿੰਡ ਕਾਉਣੀ, ਰੁਪਈਆਂ ਵਾਲਾ, ਜਨੇਰੀਆਂ, ਸਾਦਿਕ, ਘੁੱਦੂਵਾਲਾ ਅਤੇ ਜੰਡ ਸਾਹਿਬ ਵਿੱਚੋਂ ਹੁੰਦਾ ਹੋਇਆ ਵਾਪਸ ਦੀਪ ਸਿੰਘ ਵਾਲਾ ਵਿੱਚ ਸਮਾਪਤ ਹੋ ਗਿਆ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਜੇਲ੍ਹਾਂ ’ਚ ਬੰਦ ਕੀਤੇ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।
ਕਿਸਾਨ ਯੂਨੀਅਨ ਦਾ ਜੱਥਾ ਟਿਕਰੀ ਬਾਰਡਰ ਲਈ ਰਵਾਨਾ
ਤਪਾ ਮੰਡੀ (ਪੱਤਰ ਪ੍ਰੇਰਕ): ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ ਦੀ ਅਗਵਾਈ ਹੇਠ ਤਹਿਸੀਲ ਤਪਾ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦਾ ਇੱਕ ਜੱਥਾ ਟਿਕਰੀ ਬਾਰਡਰ ਦੇ ਸੰਯੁਕਤ ਮੋਰਚੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ ਕਿ ਖੇਤੀ ਕਾਨੂੰਨ ਫ਼ਾਇਦੇਮੰਦ ਹਨ। ਅਸਲ ਵਿਚ ਕਿਸਾਨਾਂ ਨੂੰ ਫ਼ਾਇਦਾ ਉਦੋਂ ਹੀ ਹੋਵੇਗਾ ਜਦੋਂ ਸਾਰੀਆਂ ਫ਼ਸਲਾਂ ਲਈ ਘੱੱਟੋ-ਘੱਟ ਸਮਰਥਨ ਮੁੱਲ ਨੂੰ ਖ਼ਰੀਦ ਸਮੇਤ ਕਾਨੂੰਨੀ ਗਰੰਟੀ ਦਿੱਤੀ ਜਾਵੇ ਅਤੇ ਕਾਲੇ ਕਾਨੂੰਨ ਰੱਦ ਕੀਤੇ ਜਾਣ। ਜੱਥੇ ਵਿੱਚ ਕਾਲਾ ਸਿੰਘ ਘੁੰਨਸ, ਬੂਟਾ ਸਿੰਘ ਘੁੰਨਸ, ਚੇਤਨ ਸਿੰਘ ਘੁੰਨਸ, ਰਾਜ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ ਅਤੇ ਬੂਟਾ ਸਿੰਘ ਕੁਲਾਰ ਆਦਿ ਸ਼ਾਮਲ ਸਨ।