ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖਾਦਾਂ ਦੀ ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਰੋਕਣ ਲਈ ਖੇਤੀਬਾੜੀ ਵਿਭਾਗ ਚੌਕਸ

ਖੇਤੀ ਮੰਤਰੀ ਦੀ ਘੁਰਕੀ ਤੋਂ ਬਾਅਦ ਅਧਿਕਾਰੀਆਂ ਵੱਲੋਂ ਰੈਕ ਪੁਆਇੰਟ ਵਿੱਚ ਚੈਕਿੰਗ
ਮਾਨਸਾ ਵਿੱਚ ਰੇਲਵੇ ਖਾਦ ਰੈਕ ਪੁਆਇੰਟ ’ਤੇ ਚੈਕਿੰਗ ਕਰਦੇ ਹੋਏ ਖੇਤੀਬਾੜੀ ਵਿਭਾਗ ਦੇ ਅਧਿਕਾਰੀ।
Advertisement

ਮਾਲਵਾ ਖੇਤਰ ਵਿੱਚ ਯੂਰੀਆ ਖਾਦ ਦੀ ਕਾਲਾਬਾਜ਼ਾਰੀ ਜਾਂ ਜਮ੍ਹਾਂਖੋਰੀ ਰੋਕਣ ਲਈ ਅੱਜ ਮਾਨਸਾ ਵਿੱਚ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ (ਘਣੀ ਖੇਤੀ) ਡਾ. ਗੁਰਮੇਲ ਸਿੰਘ ਦੀ ਅਗਵਾਈ ਵਾਲੀ ਸੂਬਾ ਪੱਧਰੀ ਟੀਮ ਨੇ ਜ਼ਿਲ੍ਹਾ ਪੱਧਰੀ ਟੀਮ ਨੂੰ ਨਾਲ ਲੈ ਕੇ ਗ਼ੈਰ-ਖੇਤੀਬਾੜੀ ਗਤੀਵਿਧੀ ਵਿੱਚ ਖਾਦਾਂ ਦੀ ਵਰਤੋਂ ਰੋਕਣ ਦੇ ਮੰਤਵ ਨਾਲ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਵੀ ਮੌਜੂਦ ਸਨ। ਇਹ ਚੈਕਿੰਗ ਰਾਜ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂਰੀਆ, ਡੀਏਪੀ ਅਤੇ ਪੋਟਾਸ਼ ਦੀ ਕਾਲਾਬਾਜ਼ਾਰੀ ਰੋਕਣ ਲਈ ਸੂਬੇ ਦੇ ਖੇਤੀ ਅਧਿਕਾਰੀਆਂ ਨੂੰ ਵਿਸ਼ੇਸ਼ ਚੈਕਿੰਗ ਕਰਨ ਦੀ ਦਿੱਤੀ ਘੁਰਕੀ ਤੋਂ ਬਾਅਦ ਕੀਤੀ ਗਈ ਹੈ। ਮਾਲਵਾ ਖੇਤਰ ਵਿੱਚ ਇਸ ਵੇਲੇ ਯੂਰੀਆ, ਡੀਏਪੀ ਅਤੇ ਪੋਟਾਸ਼ ਖਾਦ ਨਾਲ ਦੁਕਾਨਦਾਰਾਂ ਵੱਲੋਂ ਧੱਕੇ ਨਾਲ ਨੈਨੋ ਯੂਰੀਆ ਅਤੇ ਨੈਨੋ ਡੀਏਪੀ ਦੇਣ ਦੇ ਕਿਸਾਨ ਜਥੇਬੰਦੀਆਂ ਵੱਲੋਂ ਦੋਸ਼ ਲਾਏ ਜਾ ਰਹੇ ਹਨ ਅਤੇ ਕਈ ਥਾਵਾਂ ’ਤੇ ਇਸ ਮਾਮਲੇ ’ਤੇ ਧਰਨੇ-ਮੁਜ਼ਾਹਰੇ ਵੀ ਹੋਣ ਲੱਗੇ ਹਨ।

ਸੰਯੁਕਤ ਡਾਇਰੈਕਟਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਯੂਰੀਆ ਖਾਦ ਦੀ ਵਿੱਕਰੀ ਵਿੱਚ ਕਾਫ਼ੀ ਵਾਧਾ ਦੇਖਣ ਨੂੰ ਮਿਲਿਆ ਹੈ। ਇਸ ਦਾ ਕਾਰਨ ਕਾਲਾਬਾਜ਼ਾਰੀ, ਜਮ੍ਹਾਂਖੋਰੀ ਅਤੇ ਯੂਰੀਆ ਖਾਦ ਦਾ ਖੇਤੀ ਤੋਂ ਇਲਾਵਾ ਹੋਰ ਉਦਯੋਗਾਂ ਲਈ ਵਰਤਿਆ ਜਾਣਾ ਆਦਿ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਰੋਕਣ ਲਈ ਜ਼ਿਲ੍ਹਾ ਮਾਨਸਾ ਵਿੱਚ ਵੱਖ-ਵੱਖ ਥਾਵਾਂ ਸਾਬਣ ਫੈਕਟਰੀਆਂ, ਫੀਡ ਫੈਕਟਰੀਆਂ, ਖਾਦ ਵਿਕਰੇਤਾਵਾਂ ਦੇ ਗੋਦਾਮਾਂ ਅਤੇ ਰੇਲ ਗੱਡੀਆਂ ਦੇ ਰੇਕ ਪੁਆਇੰਟ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ।

Advertisement

ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਯੂਰੀਆ ਖਾਦ ਕਾਲਾਬਾਜ਼ਾਰੀ ਅਤੇ ਜਮ੍ਹਾਂਖੋਰੀ ਰੋਕਣ ਲਈ ਪੰਜ ਟੀਮਾਂ ਨਿਰੰਤਰ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਯੂਰੀਆ ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵੀ ਤਰ੍ਹਾਂ ਦੀ ਕਾਲਾਬਜ਼ਾਰੀ ਜਾਂ ਜਮ੍ਹਾਂਖੋਰੀ ਦੀ ਘਟਨਾ ਆਉਂਦੀ ਹੈ ਤਾਂ ਇਸ ਦੀ ਸੂਚਨਾ ਵਿਭਾਗ ਨੂੰ ਜ਼ਰੂਰ ਦਿੱਤੀ ਜਾਵੇ। ਇਸ ਮੌਕੇ ਡਾ. ਹਰਬੰਸ ਸਿੰਘ ਸਿੱਧੂ, ਡਾ. ਗਿਰਜੇਸ਼ ਭਾਰਗਵ, ਸ਼ਗਨਦੀਪ ਕੌਰ, ਡਾ. ਗੁਰਪ੍ਰੀਤ ਸਿੰਘ, ਡਾ. ਹਰਮਨਦੀਪ ਸਿੰਘ, ਡਾ. ਸੁਖਜਿੰਦਰ ਸਿੰਘ, ਡਾ. ਗੁਰਵੀਰ ਸਿੰਘ, ਡਾ. ਜਰਮਨਜੋਤ ਸਿੰਘ ਵੀ ਮੌਜੂਦ ਸਨ।

Advertisement