ਪੱਤਰ ਪ੍ਰੇਰਕ
ਮਾਨਸਾ, 30 ਅਪਰੈਲ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮਾਨਸਾ ਦੇ ਰੇਲਵੇ ਸਟੇਸ਼ਨ ਨੇੜੇ ਲਗਾਏ ਗਏ ਧਰਨੇ ਦੌਰਾਨ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਜ਼ਦੂਰ ਦਿਵਸ ਕਿਰਤ ਵਿਰੋਧੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ। ਕਿਸਾਨ ਜਥੇਬੰਦੀਆਂ ਵੱਲੋਂ ਕੁੱਲ ਹਿੰਦ ਕਿਸਾਨ ਸਭਾ ਦੇ ਡਾ. ਜੋਗਿੰਦਰ ਦਿਆਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਮਹਿਲ ਕਲਾਂ (ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਖ਼ਿਲਾਫ਼ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਟੌਲ ਪਲਾਜ਼ਾ ਅੱਗੇ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ ਹੈ। ਮਹਿਲ ਕਲਾਂ ਵਿੱਚ ਚੱਲ ਰਹੇ ਕਿਸਾਨ ਧਰਨੇ ’ਚ ਔਰਤਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਅੱਜ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ।
ਬੁਢਲਾਡਾ (ਪੱਤਰ ਪ੍ਰੇਰਕ): ਇੱਥੇ ਅੱਜ ਸ਼ਹਿਰ ਦੇ ਰਿਲਾਇੰਸ ਪੈਟਰੋਲ ਪੰਪ ’ਤੇ ਜਾਰੀ ਧਰਨੇ ਨੂੰ ਕੁੱਲ ਹਿੰਦ ਕਿਸਾਨ ਸਭਾ ਦੇ ਜਿਲ੍ਹਾ ਆਗੂ ਜਸਵੰਤ ਸਿੰਘ ਬੀਰੋਕੇ, ਡਕੌਂਦਾ ਦੇ ਬਲਾਕ ਪ੍ਰਧਾਨ ਸਤਪਾਲ ਸਿੰਘ ਬਰ੍ਹੇ, ਦਰਸ਼ਨ ਸਿੰਘ ਗੁਰਨੇਕਲਾਂ, ਹਰਿੰਦਰ ਸਿੰਘ ਸੋਢੀ, ਨੰਬਰਦਾਰ ਜਰਨੈਲ ਸਿੰਘ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਸਵਰਨਜੀਤ ਸਿੰਘ ਦਲਿਓ ਨੇ ਸੰਬੋਧਨ ਕੀਤਾ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ 212 ਦਿਨਾਂ ਤੋਂ ਬੈਸਟ ਪ੍ਰਾਈਸ ਮਾਲ ਅਤੇ ਲਹਿਰਾ ਬੇਗਾ ਟੌਲ ਪਲਾਜ਼ਾ ’ਤੇੇ ਚੱਲ ਰਹੇ ਮੋਰਚੇ ਜਾਰੀ ਹਨ। ਅੱਜ ਵੀ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਕਰਮਜੀਤ ਕੌਰ ਲਹਿਰਾ ਖਾਨਾ ਨੇ ਕਿਹਾ ਕਿ 1 ਮਈ ਨੂੰ ਬੈਸਟ ਪ੍ਰਾਈਸ ਮੋਰਚੇ ਵਿੱਚ ਮਜ਼ਦੂਰ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਸ ਵਿੱਚ ਵੱਡੀ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।
ਬਰਨਾਲਾ (ਖੇਤਰੀ ਪ੍ਰਤੀਨਿਧ): ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਵਾਲਾ ਨਵਾਂ ਕਾਨੂੰਨ ਲੈ ਕੇ ਆਉਣ ਦੀ ਮੰਗ ਨੂੰ ਲੈ ਕੇ ਸਥਾਨਕ ਰੇਲਵੇ ਸਟੇਸ਼ਨ ’ਤੇ ਸੰਯੁੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਅੱਜ 212ਵੇਂ ਦਿਨ ਵੀ ਕਿਸਾਨ ਸੰਘਰਸ਼ ਦੀ ਜਿੱਤ ’ਤੇ ਟੇਕ ਰੱਖਦਿਆਂ ਡੱਟੇ ਰਹੇ| ਅੱਜ ਦੇ ਧਰਨੇ ਵਿਚ ਬਰਨਾਲਾ ਦੇ ਪੱਤਰਕਾਰਾਂ ਦੇ ਇੱਕ (ਪਾਲਕੋ) ਧੜੇ ਦੀ ਨਵੀਂ ਚੁੁਣੀ ਟੀਮ ਨੇ ਸ਼ਿਰਕਤ ਕਰਦਿਆਂ ਪੰਜ ਹਜ਼ਾਰ ਰੁਪਏ ਮਾਲੀ ਮਦਦ ਵੀ ਸੰਚਾਲਨ ਕਮੇਟੀ ਨੂੰ ਸੌਂਪੀ| ਧਰਨੇ ਦੌਰਾਨ ਕੁੱਲ ਹਿੰਦ ਕਿਸਾਨ ਸਭਾ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਜੋਗਿੰਦਰ ਦਿਆਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ|